ਤਹਿਸੀਲ ਪੱਧਰ ''ਤੇ ਭ੍ਰਿਸ਼ਟਾਚਾਰ-ਮੁਕਤ ਤੇ ਸੁਖਾਲੀ ਪਹੁੰਚ ਵਾਲਾ ਸ਼ਾਸਨ ਪ੍ਰਦਾਨ ਕਰਾਂਗੇ : ਬ੍ਰਮ ਸ਼ੰਕਰ ਜਿੰਪਾ

Thursday, Mar 24, 2022 - 03:53 PM (IST)

ਤਹਿਸੀਲ ਪੱਧਰ ''ਤੇ ਭ੍ਰਿਸ਼ਟਾਚਾਰ-ਮੁਕਤ ਤੇ ਸੁਖਾਲੀ ਪਹੁੰਚ ਵਾਲਾ ਸ਼ਾਸਨ ਪ੍ਰਦਾਨ ਕਰਾਂਗੇ : ਬ੍ਰਮ ਸ਼ੰਕਰ ਜਿੰਪਾ

ਚੰਡੀਗੜ੍ਹ : ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਰੋਤ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਵਜੋਂ ਅਹੁਦਾ ਸੰਭਾਲਿਆ। ਅਲਾਟ ਕੀਤੇ ਵਿਭਾਗਾਂ ਦਾ ਚਾਰਜ ਸੰਭਾਲਣ ਉਪਰੰਤ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਹੁਣ ਸੂਬੇ ਵਿੱਚ ਵਿਕਾਸ ਦੇ ਇੱਕ ਨਵੇਂ ਦੌਰ ਦੀ ਸ਼ੁਰੂਆਤ ਹੋਵੇਗੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਤਹਿਸੀਲ ਪੱਧਰ 'ਤੇ ਭ੍ਰਿਸ਼ਟਾਚਾਰ ਮੁਕਤ, ਪਾਰਦਰਸ਼ੀ, ਜ਼ਿੰਮੇਵਾਰ, ਜਵਾਬਦੇਹ ਅਤੇ ਆਸਾਨ ਪਹੁੰਚ ਵਾਲਾ ਪ੍ਰਸ਼ਾਸਨ ਦੇਣ ਲਈ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਿਆ ਜਾਵੇਗਾ।

ਭਵਿੱਖੀ ਯੋਜਨਾਵਾਂ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਸਰਕਾਰੀ ਦਫ਼ਤਰਾਂ ਦੀ ਕਾਰਜ ਕੁਸ਼ਲਤਾ ਨੂੰ ਵਧਾਉਣਾ ਹੈ ਤਾਂ ਜੋ ਆਮ ਨਾਗਰਿਕਾਂ ਤੱਕ ਲੋੜੀਂਦੀਆਂ ਸੇਵਾਵਾਂ ਆਸਾਨੀ ਨਾਲ ਪਹੁੰਚਾਈਆਂ ਜਾ ਸਕਣ। ਉਨ੍ਹਾਂ ਕਿਹਾ,"ਮਾਲ ਵਿਭਾਗ ਦੇ ਤਹਿਸੀਲ ਪੱਧਰੀ ਦਫ਼ਤਰਾਂ ਵਿੱਚ ਵਧੀਆ ਪ੍ਰਸ਼ਾਸਨ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਲੋਕਾਂ ਦੀ ਸਹੂਲਤ ਲਈ ਮਾਲ ਰਿਕਾਰਡ ਦਾ ਅਨੁਵਾਦ ਵੀ ਕੀਤਾ ਜਾਵੇਗਾ।"

ਕੈਬਨਿਟ ਮੰਤਰੀ ਨੇ 'ਆਪ' ਹਾਈਕਮਾਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਕੈਬਨਿਟ ਮੰਤਰੀ ਵਜੋਂ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦੇਣ 'ਤੇ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਲੋਕਾਂ ਦੀਆਂ ਆਸਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕਰਨਗੇ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਅੱਗੇ ਕਿਹਾ ਕਿ ਸਾਰੇ ਵਿਭਾਗਾਂ ਦੇ ਕੰਮਕਾਜ ਅਤੇ ਕਾਰਜ ਕੁਸ਼ਲਤਾ ਵਿੱਚ ਸੁਧਾਰ ਕੀਤਾ ਜਾਵੇਗਾ ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
 


author

Babita

Content Editor

Related News