ਹੁਸ਼ਿਆਰਪੁਰ ਵਿਚਲੇ ਭੰਗੀ ਚੋਅ ਦਾ ਕੀਤਾ ਜਾਵੇਗਾ ਨਵੀਨੀਕਰਨ : ਬ੍ਰਮ ਸ਼ੰਕਰ ਜਿੰਪਾ

Thursday, Mar 31, 2022 - 03:48 PM (IST)

ਹੁਸ਼ਿਆਰਪੁਰ ਵਿਚਲੇ ਭੰਗੀ ਚੋਅ ਦਾ ਕੀਤਾ ਜਾਵੇਗਾ ਨਵੀਨੀਕਰਨ : ਬ੍ਰਮ ਸ਼ੰਕਰ ਜਿੰਪਾ

ਚੰਡੀਗੜ੍ਹ : ਪੰਜਾਬ ਦੇ ਜਲ ਸਰੋਤ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਪਟਿਆਲਾ ਦੀ ਵੱਡੀ ਅਤੇ ਛੋਟੀ ਨਦੀ ਦੀ ਤਰਜ਼ ‘ਤੇ ਹੁਸ਼ਿਆਰਪੁਰ ਸ਼ਹਿਰ ਵਿਚਲੇ ਭੰਗੀ ਚੋਅ ਦੇ ਨਵੀਨੀਕਰਨ ਲਈ ਪ੍ਰਾਜੈਕਟ ਤਿਆਰ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਸੂਬੇ ਵਿੱਚ ਚੱਲ ਰਹੇ ਸਾਰੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ ਲਈ ਕਿਹਾ ਹੈ। ਇੱਥੇ ਸੈਕਟਰ-26 ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਸਾਫ਼ ਸੁਥਰਾ, ਈਮਾਨਦਾਰ ਅਤੇ ਪਾਰਦਰਸ਼ੀ ਸ਼ਾਸਨ ਦੇਣ ਦੇ ਕੀਤੇ ਵਾਅਦੇ ਮੁਤਾਬਕ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਪਾਰਦਰਸ਼ਤਾ ਬਰਕਰਾਰ ਰੱਖੀ ਜਾਵੇ।

ਉਨ੍ਹਾਂ ਹਦਾਇਤ ਕੀਤੀ ਕਿ ਡੈਮਾਂ ਦੀ ਉਸਾਰੀ ਦੌਰਾਨ ਹਾਦਸੇ ਦੌਰਾਨ ਫੌਤ ਹੋਏ ਮਜ਼ਦੂਰਾਂ ਦੇ ਪਰਿਵਾਰਕ ਮੈਂਬਰ ਨੂੰ ਜੇਕਰ ਅਜੇ ਤੱਕ ਨੌਕਰੀ ਨਹੀਂ ਦਿੱਤੀ ਗਈ ਤਾਂ ਉਨ੍ਹਾਂ ਨੂੰ ਤਰਜ਼ੀਹੀ ਆਧਾਰ 'ਤੇ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਅਜਿਹੇ ਪਰਿਵਾਰਾਂ ਦੇ ਮੁੜ ਵਸੇਬੇ ਨੂੰ ਯਕੀਨੀ ਬਣਾਇਆ ਜਾਵੇ। ਮਾਨਸੂਨ ਦੀ ਸ਼ੁਰੂਆਤ ਨੂੰ ਧਿਆਨ ਵਿੱਚ ਰੱਖਦਿਆਂ ਬ੍ਰਮ ਸ਼ੰਕਰ ਜਿੰਪਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬਰਸਾਤ ਦੇ ਮੌਸਮ ਤੋਂ ਪਹਿਲਾਂ ਹੜ੍ਹ ਰੋਕੂ ਕਾਰਜ ਮੁਕੰਮਲ ਕਰ ਲੈਣ, ਜਿਸ ਸਬੰਧੀ ਉਹ ਜਲਦੀ ਸਮੀਖਿਆ ਮੀਟਿੰਗ ਕਰਨਗੇ। ਉਨ੍ਹਾਂ ਨੇ ਵਿਭਾਗ ਨੂੰ ਫੀਲਡ ਵਿੱਚ ਚੱਲ ਰਹੇ ਕੰਮਾਂ ਦੀ ਪ੍ਰਗਤੀ ਦੀ ਜਾਣਕਾਰੀ ਸਥਾਨਕ ਵਿਧਾਇਕਾਂ ਨੂੰ ਦੇਣ ਲਈ ਵੀ ਕਿਹਾ।

ਜਲ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ ਨੇ ਮੰਤਰੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਿਭਾਗ ਦੀਆਂ ਮੁੱਖ ਗਤੀਵਿਧੀਆਂ, ਪਹਿਲ ਕਦਮੀਆਂ ਅਤੇ ਅੰਕੜਿਆਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਨੇ ਸ਼ਾਹਪੁਰ ਕੰਢੀ ਬੈਰੇਜ ਦੇ ਨਿਰਮਾਣ, ਰਾਜਸਥਾਨ ਫੀਡਰ, ਸਰਹਿੰਦ ਫੀਡਰ, ਕੰਢੀ ਕੈਨਾਲ ਅਤੇ ਯੂ. ਬੀ. ਡੀ. ਸੀ. ਦੀ ਲਾਹੌਰ ਬ੍ਰਾਂਚ ਦੀ ਰੀਲਾਈਨਿੰਗ ਬਾਰੇ ਵਿਸ਼ੇਸ਼ ਤੌਰ 'ਤੇ ਜਾਣਕਾਰੀ ਦਿੱਤੀ ਅਤੇ ਇਸ ਦੇ ਨਾਲ ਹੀ ਪੰਜਾਬ ਦੇ ਨਹਿਰੀ ਪਾਣੀ ਅਤੇ ਧਰਤੀ ਹੇਠਲੇ ਪਾਣੀ ਦੀ ਸਥਿਤੀ ਬਾਰੇ ਜਾਣੂੰ ਕਰਵਾਇਆ। ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਜਿਸ ਖੇਤਰ ਵਿੱਚ ਪਾਣੀ ਸੁਖਾਲਾ ਉਪਲੱਬਧ ਹੈ, ਉੱਥੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਨੀਤੀ ਤਿਆਰ ਕੀਤੀ ਜਾਵੇ।

ਸਰਵਜੀਤ ਸਿੰਘ ਨੇ ਮੰਤਰੀ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ ਉਪਲੱਬਧ ਪਾਣੀ ਦੀ ਸੁਚੱਜੀ ਵਰਤੋਂ ਯਕੀਨੀ ਬਣਾਉਣ ਲਈ ਪਹਿਲਾਂ ਹੀ ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈੱਲਪਮੈਂਟ ਅਥਾਰਟੀ (ਪੀ. ਡਬਲਿਊ. ਆਰ. ਡੀ. ਏ.) ਦਾ ਗਠਨ ਕੀਤਾ ਹੋਇਆ ਹੈ। ਵੱਖ-ਵੱਖ ਟੀਚਿਆਂ ਦੀ ਪ੍ਰਾਪਤੀ ਅਤੇ ਚੱਲ ਰਹੇ ਪ੍ਰਾਜੈਕਟਾਂ ਨੂੰ ਮੁਕੰਮਲ ਕਰਨ ਲਈ ਵਿਭਾਗ ਦੇ ਇੰਜੀਨੀਅਰਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਜਿੰਪਾ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਾਰੇ ਪ੍ਰਾਜੈਕਟਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਪ੍ਰਾਜੈਕਟਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਕੰਮ ਦੀ ਗੁਣਵੱਤਾ ਨਾਲ ਕਿਸੇ ਵੀ ਕੀਮਤ 'ਤੇ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ।


author

Babita

Content Editor

Related News