ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਦੇਣ ਦੀ ਦਿਸ਼ਾ ''ਚ ਮੀਲ ਪੱਥਰ ਸਾਬਿਤ ਹੋਣਗੇ ਆਮ ਆਦਮੀ ਕਲੀਨਿਕ : ਜਿੰਪਾ
Monday, Aug 15, 2022 - 03:40 PM (IST)
ਮੋਹਾਲੀ (ਪਰਦੀਪ) : 75ਵੀਂ ਆਜ਼ਾਦੀ ਵਰ੍ਹੇਗੰਢ ਮੌਕੇ ਜ਼ਿਲ੍ਹਾ ਐਸ.ਏ.ਐਸ. ਨਗਰ ਫੇਜ਼-5 'ਚ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤਾ ਗਿਆ, ਜਿਸ ਦਾ ਉਦਘਾਟਨ ਸੋਮਵਾਰ ਨੂੰ ਪੰਜਾਬ ਦੇ ਮਾਲ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕੀਤਾ। ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦੇ ਹੋਏ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਲੋਕ ਹਿਤੈਸ਼ੀ ਉਪਰਾਲੇ ਨਾਲ ਲੋਕਾਂ ਨੂੰ ਇਲਾਜ ਦੀਆਂ ਬਿਹਤਰ ਸੁਵਿਧਾਵਾਂ ਉਨ੍ਹਾਂ ਦੇ ਘਰ ਤੱਕ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਕਲੀਨਿਕ ਓਪੀਡੀ ਸੇਵਾਵਾਂ, ਟੀਕਾਕਰਨ ਸਹੂਲਤਾਂ, ਜਣੇਪਾ ਸੇਵਾਵਾਂ, ਪਰਿਵਾਰ ਨਿਯੋਜਨ ਦੀਆਂ ਸਹੂਲਤਾਂ, ਮੁਫ਼ਤ ਲੈਬ ਟੈਸਟ, ਮੁਫ਼ਤ ਦਵਾਈਆਂ ਆਦਿ ਪ੍ਰਦਾਨ ਕਰਨਗੇ।
ਇਸ ਮੌਕੇ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਵਿਸ਼ੇਸ ਤੌਰ 'ਤੇ ਹਾਜ਼ਰ ਸਨ। ਜਾਣਕਾਰੀ ਦਿੰਦੇ ਹੋਏ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਅੱਜ 75ਵੀਂ ਆਜ਼ਾਦੀ ਵਰ੍ਹੇਗੰਢ ਮੌਕੇ ਪੂਰੇ ਸੂਬੇ ਵਿੱਚ 75 ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵੱਡੇ ਵਾਅਦੇ ਨੂੰ ਪੂਰਾ ਕਰਦਿਆਂ ਇਹ ਆਮ ਆਦਮੀ ਕਲੀਨਿਕ ਚਾਰ ਮਹੀਨੇ ਅੰਦਰ ਸ਼ੁਰੂ ਕੀਤੇ ਹਨ ਜੋ ਕਿ ਪੰਜਾਬ ਸਰਕਾਰ ਦੀ ਵੱਡੀ ਕਾਮਯਾਬੀ ਹੈ।
ਇਹ ਵੀ ਪੜ੍ਹੋ : ਖਜ਼ਾਨਾ ਮੰਤਰੀ ਪੰਜਾਬ ਹਰਪਾਲ ਚੀਮਾ ਨੇ ਪਟਿਆਲਾ ਵਿਖੇ ਮੁਹੱਲਾ ਕਲੀਨਿਕ ਦਾ ਕੀਤਾ ਉਦਘਾਟਨ
ਜਿੰਪਾ ਨੇ ਕਲੀਨਿਕ 'ਚ ਮਿਲਣ ਵਾਲੀਆਂ ਸੁਵਿਧਾਵਾਂ ਬਾਰੇ ਦੱਸਦਿਆਂ ਕਿਹਾ ਕਿ ਕਲੀਨਿਕ 'ਚ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਮੈਡੀਕਲ ਅਫ਼ਸਰ, ਕਲੀਨਿਕਲ ਸਹਾਇਕ, ਫਾਰਮਾਸਿਸਟ, ਹੈਲਪਰ ਆਦਿ ਮੌਜੂਦ ਹੋਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਲੀਨਿਕ ਰਾਹੀਂ ਇਲਾਜ ਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਕਿਉਂਕਿ ਇਨ੍ਹਾਂ ਕਲੀਨਿਕਾਂ 'ਚ 41 ਤਰ੍ਹਾਂ ਦੇ ਮੈਡੀਕਲ ਟੈਸਟ ਮੁਫ਼ਤ ਕੀਤੇ ਜਾਣਗੇ।ਇਸ ਮੌਕੇ ਡਿਪਟੀ ਕਮਿਸ਼ਨਰ ਐਸ.ਏ.ਐਸ ਨਗਰ ਅਮਿਤ ਤਲਵਾੜ, ਸੀਨੀਅਰ ਪੁਲਿਸ ਕਪਤਾਨ ਵਿਵੇਕਸ਼ੀਲ ਸੋਨੀ, ਐਸ.ਡੀ.ਐਮ ਸਰਬਜੀਤ ਕੌਰ, ਸਿਵਲ ਸਰਜ਼ਨ ਆਦਰਸ਼ਪਾਲ ਕੌਰ, ਆਮ ਆਦਮੀ ਪਾਰਟੀ ਦੇ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਧਿਕਾਰੀ ਵਿਸ਼ੇਸ ਤੌਰ 'ਤੇ ਹਾਜ਼ਰ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ