ਅਣ-ਅਧਿਕਾਰਿਤ ਕਾਲੋਨੀਆਂ ਦੇ NOC ਧਾਰਕ ਮਾਲਕਾਂ ਨੂੰ ਰਜਿਸਟਰੀਆਂ ਕਰਵਾਉਣ ਵੇਲੇ ਨਹੀਂ ਆਵੇਗੀ ਦਿੱਕਤ : ਜਿੰਪਾ
Tuesday, Sep 20, 2022 - 04:27 PM (IST)
ਚੰਡੀਗੜ੍ਹ : ਸੂਬੇ ਵਿਚਲੀਆਂ ਅਣਅਧਿਕਾਰਤ ਕਾਲੋਨੀਆਂ ਦੇ ਜਿਨ੍ਹਾਂ ਵਸਨੀਕਾਂ ਕੋਲ ਐੱਨ. ਓ. ਸੀ. ਹੋਵੇਗੀ, ਉਨ੍ਹਾਂ ਨੂੰ ਆਪਣੀ ਜਾਇਦਾਦ ਦੀ ਰਜਿਸਟਰੀ ਕਰਵਾਉਣ ਵੇਲੇ ਕੋਈ ਪਰੇਸ਼ਾਨੀ ਨਹੀਂ ਆਵੇਗੀ। ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਇਸ ਸਬੰਧੀ ਸਬੰਧਿਤ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਮਾਲ ਮੰਤਰੀ ਨੇ ਦੱਸਿਆ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਮੰਤਵ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਾਰੀ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਮਾਲ ਵਿਭਾਗ ਵਿਚ ਵੀ ਸਾਰਾ ਕੰਮਕਾਰ ਨਿਯਮਾਂ ਅਨੁਸਾਰ ਅਤੇ ਸੁਚੱਜੇ ਢੰਗ ਨਾਲ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸੂਬੇ ਵਿੱਚ ਅਣ-ਅਧਿਕਾਰਿਤ ਕਾਲੋਨੀਆਂ ਵਿੱਚ ਸਥਿਤ ਜਾਇਦਾਦਾਂ ਦੀ ਰਜਿਸਟ੍ਰੇਸ਼ਨ ਲਈ ਲੋੜੀਂਦੀ ਐੱਨ. ਓ. ਸੀ. ਵਾਸਤੇ ਅਰਜ਼ੀਆਂ ਦੇ ਤੁਰੰਤ ਅਤੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਇਕ ਪੋਰਟਲ ਸ਼ੁਰੂ ਕਰ ਦਿੱਤਾ ਗਿਆ ਹੈ। ਜਿੰਪਾ ਨੇ ਕਿਹਾ ਕਿ ਅਣ-ਅਧਿਕਾਰਿਤ ਕਾਲੋਨੀਆਂ ਵਿੱਚ ਸਥਿਤ ਪਲਾਟਾਂ ਅਤੇ ਇਮਾਰਤਾਂ ਨੂੰ ਨਿਯਮਿਤ ਕਰਨ ਲਈ ਸਬੰਧਿਤ ਵਿਅਕਤੀ ਪੋਰਟਲ www.punjabregularization.in `ਤੇ ਲੌਗਇਨ ਕਰ ਸਕਦਾ ਹੈ।
ਦਰਖ਼ਾਸਤ ਦੇਣ ਤੋਂ ਲੈ ਕੇ ਐੱਨ. ਓ. ਸੀ. ਪ੍ਰਾਪਤ ਹੋਣ ਤੱਕ ਦੀ ਸਾਰੀ ਪ੍ਰਕਿਰਿਆ ਆਨਲਾਈਨ ਹੈ। ਜ਼ਿਕਰਯੋਗ ਹੈ ਕਿ ਇਹ ਸਹੂਲਤ ਸਿਰਫ ਉਨ੍ਹਾਂ ਅਲਾਟੀਆਂ/ਨਿਵਾਸੀਆਂ ਨੂੰ ਹੀ ਮਿਲ ਸਕਦੀ ਹੈ, ਜਿਨ੍ਹਾਂ ਦੀਆਂ ਜਾਇਦਾਦਾਂ 19 ਮਾਰਚ, 2018 ਤੋਂ ਪਹਿਲਾਂ ਵਿਕਸਿਤ ਹੋਈਆਂ ਅਣ-ਅਧਿਕਾਰਿਤ ਕਾਲੋਨੀਆਂ ਵਿੱਚ ਪੈਂਦੀਆਂ ਹਨ। ਮਾਲ ਮੰਤਰੀ ਨੇ ਕਿਹਾ ਕਿ ਐੱਨ. ਓ. ਸੀ. ਪ੍ਰਾਪਤ ਕਰਨ ਦੀ ਪ੍ਰਕਿਰਿਆ ਤੋਂ ਬਾਅਦ ਸਬੰਧਿਤ ਜਾਇਦਾਦ ਮਾਲਕ ਬਣਦੀ ਸਰਕਾਰੀ ਫ਼ੀਸ ‘ਤੇ ਰਜਿਸਟਰੀ ਕਰਵਾ ਸਕਦਾ ਹੈ। ਜ਼ਿਕਰਯੋਗ ਹੈ ਕਿ ਐੱਨ. ਓ. ਸੀ. ਜਾਰੀ ਕਰਨ ਦੀ ਸਾਰੀ ਪ੍ਰਕਿਰਿਆ ਪੋਰਟਲ `ਤੇ ਬਿਨੈ-ਪੱਤਰ ਜਮ੍ਹਾਂ ਕਰਨ ਤੋਂ 21 ਕੰਮ-ਕਾਜੀ ਦਿਨਾਂ ਦੇ ਅੰਦਰ ਪੂਰੀ ਕੀਤੀ ਜਾਵੇਗੀ। ਇਹ ਸਿੰਗਲ ਪੋਰਟਲ ਅਰਜ਼ੀਆਂ ਦੇ ਤੁਰੰਤ ਨਿਪਟਾਰੇ ਵਾਸਤੇ ਐੱਮ. ਸੀ. ਅਤੇ ਐੱਮ. ਸੀ. ਖੇਤਰ ਦੇ ਬਾਹਰ ਪੈਂਦੇ ਪਲਾਟਾਂ ਅਤੇ ਇਮਾਰਤਾਂ ਨੂੰ ਨਿਯਮਿਤ ਕਰਨ ਲਈ ਤਿਆਰ ਕੀਤਾ ਗਿਆ ਹੈ।