5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਗ੍ਰਿਫ਼ਤਾਰ
Friday, Jan 24, 2025 - 05:57 PM (IST)
ਚੰਡੀਗੜ੍ਹ/ਗੁਰਦਾਸਪੁਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਸਿਵਲ ਲਾਈਨਜ਼, ਬਟਾਲਾ ਪੁਲਸ ਥਾਣੇ ਵਿਖੇ ਤਾਇਨਾਤ ਇਕ ਸਹਾਇਕ ਸਬ ਇੰਸਪੈਕਟਰ (ਏਐੱਸਆਈ) ਸੁਖਰਾਜ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਦੇ ਪਿੰਡ ਗੋਖੂਵਾਲ ਦੇ ਵਸਨੀਕ ਗੁਰਦਿਆਲ ਚੰਦ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਹੈ ਅਤੇ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਸਨੇ ਕੁਝ ਸਮਾਂ ਪਹਿਲਾਂ ਕੁਝ ਅਪਰਾਧੀਆਂ ਵਿਰੁੱਧ ਥਾਣਾ ਸਿਵਲ ਲਾਈਨਜ਼, ਬਟਾਲਾ ਵਿਖੇ ਐੱਫਆਈਆਰ ਦਰਜ ਕਰਵਾਈ ਸੀ ਕਿ ਜਿਨ੍ਹਾਂ ਨੇ ਉਸ ਦੀ ਕੁੱਟ-ਮਾਰ ਕੀਤੀ ਸੀ। ਉਕਤ ਮੁਲਜ਼ਮ ਏ.ਐੱਸ.ਆਈ. ਉਕਤ ਮਾਮਲੇ ਦਾ ਜਾਂਚ ਅਧਿਕਾਰੀ ਸੀ ਅਤੇ ਉਸਨੇ ਉਕਤ ਐੱਫ.ਆਈ.ਆਰ. ਨਾਲ ਸਬੰਧਤ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ।
ਬੁਲਾਰੇ ਨੇ ਇਹ ਵੀ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 5000 ਰੁਪਏ ਲੈਂਦੇ ਸਮੇਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿਚ ਵਿਜੀਲੈਂਸ ਬਿਊਰੋ ਪੁਲਸ ਥਾਣਾ, ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।