ਰਿਸ਼ਵਤ ਲੈਣ ਵਾਲੇ ਕਰਮਚਾਰੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ : ਕਾਰਜ ਸਾਧਕ ਅਫਸਰ

Saturday, Jul 22, 2017 - 07:28 AM (IST)

ਰਿਸ਼ਵਤ ਲੈਣ ਵਾਲੇ ਕਰਮਚਾਰੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ : ਕਾਰਜ ਸਾਧਕ ਅਫਸਰ

ਤਰਨਤਾਰਨ(ਰਮਨ)-ਆਪਣੀ ਡਿਊਟੀ ਈਮਾਨਦਾਰੀ ਨਾਲ ਨਾ ਕਰਨ ਵਾਲੇ ਕਰਮਚਾਰੀ ਅਤੇ ਜੇ ਕੋਈ ਵੀ ਰਿਸ਼ਵਤ ਲੈਂਦਾ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਾਰਵਾਈ ਕਰਨ 'ਚ ਕੋਈ ਗੁਰੇਜ਼ ਨਹੀਂ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਰਜ ਸਾਧਕ ਅਫਸਰ ਮਨਮੋਹਨ ਸਿੰਘ ਰੰਧਾਵਾ ਨੇ ਆਪਣੇ ਦਫਤਰ ਵਿਖੇ ਪੱਤਰਕਾਰਾਂ ਨਾਲ ਕੀਤਾ । ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਖਤ ਹਦਾਇਤਾਂ ਪ੍ਰਾਪਤ ਹੋਈਆਂ ਹਨ ਕਿ ਲੋਕਾਂ ਦੇ ਕੰਮ ਬਿਨਾਂ ਕਿਸੇ ਦੇਰੀ ਤੋਂ ਸਮੇਂ 'ਤੇ ਕਰ ਕੇ ਦਿੱਤੇ ਜਾਣ।  ਉਨ੍ਹਾਂ ਸਾਫ ਸ਼ਬਦਾਂ 'ਚ ਕਿਹਾ ਕਿ ਜੇ ਕੋਈ ਕਰਮਚਾਰੀ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਉਹ ਉਨ੍ਹਾਂ ਨੂੰ ਸਿੱਧੇ ਤੌਰ 'ਤੇ ਆ ਕੇ ਸ਼ਿਕਾਇਤ ਕਰ ਸਕਦਾ ਹੈ । ਰੰਧਾਵਾ ਨੇ ਦੱਸਿਆ ਕਿ ਸਰਕਾਰ ਵੱਲੋਂ ਮਿਲੇ ਨਿਰਦੇਸ਼ਾਂ ਤਹਿਤ ਉਨ੍ਹਾਂ ਵੱਲੋਂ ਸ਼ਹਿਰ ਦੇ ਕੇਬਲ ਕੁਨੈਕਸ਼ਨਾਂ, ਪੈਨਸ਼ਨਾਂ ਅਤੇ ਨੀਲੇ ਕਾਰਡਾਂ ਦਾ ਸਰਵੇ ਕਰਵਾਇਆ ਜਾ ਰਿਹਾ ਹੈ । ਉਨ੍ਹਾਂ ਅਪੀਲ ਕੀਤੀ ਕਿ ਲੋਕ ਕਰਮਚਾਰੀਆਂ ਨੂੰ ਸਹੀ ਜਾਣਕਾਰੀ ਦੇ ਕੇ ਉਨ੍ਹਾਂ ਦਾ ਸਾਥ ਦੇਣ ਤਾਂ ਜੋ ਸਹੀ ਲਿਸਟਾਂ ਤਿਆਰ ਕੀਤੀਆਂ ਜਾ ਸਕਣ। ਰੰਧਾਵਾ ਨੇ ਦੱਸਿਆ ਕਿ ਸ਼ਹਿਰ 'ਚ ਮੌਜੂਦ ਹਰ ਘਰ ਦਾ ਸਰਵੇ ਕਰਕੇ ਕੇਬਲ ਕੁਨੈਕਸ਼ਨਾਂ ਦੀ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕਰਨ ਲਈ ਹੁਕਮ ਦਿੱਤੇ ਗਏ ਹਨ । ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਦਫਤਰ 'ਚ ਸਿਰਫ ਉਸੇ ਹੀ ਕਰਮਚਾਰੀ ਨਾਲ ਆ ਕੇ ਸੰਪਰਕ ਕੀਤਾ ਜਾਵੇ, ਜਿਸ ਸਬੰਧੀ ਉਨ੍ਹਾਂ ਨੂੰ ਕੰਮ ਹੈ ਭਾਵ ਕਿਸੇ ਹੋਰ ਸੀਟ ਦੇ ਕਰਮਚਾਰੀ ਨੂੰ ਕੋਈ ਰਿਸ਼ਵਤ ਵਜੋਂ ਪੈਸਾ ਨਾ ਦਿੱਤਾ ਜਾਵੇ । ਉਨ੍ਹਾਂ ਕਿਹਾ ਕਿ ਕਰਮਚਾਰੀਆਂ ਨੂੰ ਸਮੇਂ ਸਿਰ ਡਿਊਟੀ 'ਤੇ ਹਾਜ਼ਰ ਰਹਿਣ ਲਈ ਕਿਹਾ ਗਿਆ ਹੈ । ਉਨ੍ਹਾਂ ਕਿਹਾ ਕਿ ਉਹ ਲੋਕਾਂ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਸਹੂਲਤਾਂ ਦੇਣਾ ਚਾਹੁੰਦੇ ਹਨ। ਇਸ ਮੌਕੇ ਉਨ੍ਹਾਂ ਨਾਲ ਕੌਂਸਲਰ ਸਵਿੰਦਰ ਸਿੰਘ ਮੱਲ੍ਹੀ ਵੀ ਹਾਜ਼ਰ ਸਨ। ਉਨ੍ਹਾਂ ਅਪੀਲ ਕੀਤੀ ਕਿ ਲੋਕ ਆਪਣੇ ਸ਼ਹਿਰ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ-ਸੁਥਰਾ ਰੱਖਣ।
 


Related News