ਵਿਧਾਇਕ ਦਿਆਲਪੁਰਾ ਨੇ ਕਾਨੂੰਗੋ ਨੂੰ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

06/22/2022 4:04:07 PM

ਮਾਛੀਵਾੜਾ ਸਾਹਿਬ (ਟੱਕਰ) : ਮਾਛੀਵਾੜਾ ਸਬ-ਤਹਿਸੀਲ 'ਚ ਤਾਇਨਾਤ ਕਾਨੂੰਗੋ ਬਲਜੀਤ ਸਿੰਘ ਨੂੰ ਅੱਜ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਮਾਛੀਵਾੜਾ ਪੁਲਸ ਨੇ ਕਾਨੂੰਗੋ ਨੂੰ ਗ੍ਰਿਫ਼ਤਾਰ ਕਰ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਹੈ। ਵਿਧਾਇਕ ਦਿਆਲਪੁਰਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮਿਹਰਬਾਨ ਵਾਸੀ ਰਣਮਿੰਦਰ ਸਿੰਘ ਨੇ ਉਨ੍ਹਾਂ ਦੇ ਧਿਆਨ 'ਚ ਲਿਆਂਦਾ ਕਿ ਉਸ ਦੀ ਜ਼ਮੀਨ ਪਿੰਡ ਉਧੋਵਾਲ ਵਿਖੇ ਹੈ, ਜਿਸ ਦੀ ਤਕਸੀਮ ਅਤੇ ਦਖ਼ਲ ਵਾਰੰਟ ਲਈ ਮਾਛੀਵਾੜਾ ਦੇ ਕਾਨੂੰਗੋ ਨੇ ਉਸ ਕੋਲੋਂ 40 ਹਜ਼ਾਰ ਰੁਪਏ ਰਿਸ਼ਵਤ ਮੰਗੀ। ਇਸ ’ਤੇ ਸੌਦਾ 25 ਹਜ਼ਾਰ ਰੁਪਏ ’ਚ ਤੈਅ ਹੋ ਗਿਆ। ਕਾਨੂੰਗੋ ਨੇ ਉਸ ਕੋਲੋਂ 10 ਹਜ਼ਾਰ ਰੁਪਏ ਰਿਸ਼ਵਤ ਪਹਿਲਾਂ ਲੈ ਲਏ ਅਤੇ ਅੱਜ ਜਦੋਂ 15 ਹਜ਼ਾਰ ਰੁਪਏ ਬਕਾਇਆ ਰਾਸ਼ੀ ਦਿੱਤੀ ਜਾਣੀ ਸੀ ਤਾਂ ਇਸ ਦੇ 500-500 ਰੁਪਏ ਦੇ ਨੋਟਾਂ ਦੀ ਉਨ੍ਹਾਂ ਵਲੋਂ ਫੋਟੋ ਸਟੇਟ ਕਰਵਾ ਕੇ ਰੱਖ ਲਈ ਗਈ। ਵਿਧਾਇਕ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਰਵਿੰਦਰ ਸਿੰਘ ਨੇ ਅੱਜ ਮਾਛੀਵਾੜਾ ਸਬ-ਤਹਿਸੀਲ ਵਿਚ ਕਾਨੂੰਗੋ ਨੂੰ ਬਾਕੀ ਰਹਿੰਦੀ 15 ਹਜ਼ਾਰ ਰੁਪਏ ਰਿਸ਼ਵਤ ਦੇ ਦਿੱਤੀ। ਇਸ ਤੋਂ ਬਾਅਦ ਉਹ ਤੁਰੰਤ ਮੌਕੇ ’ਤੇ ਪਹੁੰਚੇ, ਜਿਨ੍ਹਾਂ ਵਲੋਂ ਕਾਨੂੰਗੋ ਦੀ ਜੇਬ ’ਚੋਂ 15 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਰਾਸ਼ੀ ਬਰਾਮਦ ਕੀਤੀ ਗਈ।

ਵਿਧਾਇਕ ਦਿਆਲਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਮਕਸਦ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰ ਦੇਣਾ ਹੈ, ਜਿਸ ਤਹਿਤ ਜੋ ਵੀ ਕੋਈ ਸਰਕਾਰੀ ਅਧਿਕਾਰੀ ਜਨਤਾ ਨੂੰ ਪਰੇਸ਼ਾਨ ਕਰ ਕੰਮ ਕਰਵਾਉਣ ਬਦਲੇ ਰਿਸ਼ਵਤ ਮੰਗੇਗਾ ਤਾਂ ਉਸ ਨੂੰ ਬਖ਼ਸ਼ਿਆ ਨਹੀ ਜਾਵੇਗਾ। ਉਨ੍ਹਾਂ ਸਰਕਾਰੀ ਦਫ਼ਤਰਾਂ ’ਚ ਕੰਮ ਕਰਦੇ ਅਧਿਕਾਰੀਆਂ ਨੂੰ ਵੀ ਤਾੜਨਾ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਆਪਣਾ ਮੰਤਰੀ ਨਹੀਂ ਬਖ਼ਸਿਆ ਗਿਆ, ਇਸ ਲਈ ਕਿਸੇ ਵੀ ਸਰਕਾਰੀ ਅਧਿਕਾਰੀ ਨੇ ਲੋਕਾਂ ਨੂੰ ਪਰੇਸ਼ਾਨ ਕਰ ਰਿਸ਼ਵਤ ਦੀ ਮੰਗ ਕੀਤੀ ਤਾਂ ਉਹ ਵੀ ਨਹੀਂ ਬਖਸ਼ਿਆ ਜਾਵੇਗਾ। ਵਿਧਾਇਕ ਦਿਆਲਪੁਰਾ ਨੇ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਤੋਂ ਕੋਈ ਵੀ ਸਰਕਾਰੀ ਅਧਿਕਾਰੀ ਜਾਂ ਮੁਲਾਜ਼ਮ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਤੁਰੰਤ ਸਰਕਾਰ ਵੱਲੋਂ ਜਾਰੀ ਕੀਤੇ ਹੈਲਪਲਾਈਨ ਨੰਬਰ ਜਾਂ ਉਨ੍ਹਾਂ ਦੇ ਧਿਆਨ ਵਿਚ ਲਿਆਉਣ। 


Babita

Content Editor

Related News