24 ਲੱਖ ਰੁਪਏ ਦੀ ਰਿਸ਼ਵਤ! SDM ਦਾ ਸਟੈਨੋ ਨਕਦੀ ਸਮੇਤ ਵਿਜੀਲੈਂਸ ਬਿਊਰੋ ਵੱਲੋਂ ਕਾਬੂ
Friday, Jun 13, 2025 - 08:46 PM (IST)

ਚੰਡੀਗੜ੍ਹ (ਅੰਕੁਰ) : ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਐੱਸ.ਡੀ.ਐੱਮ. ਦਫ਼ਤਰ, ਜ਼ਿਲ੍ਹਾ ਰਾਏਕੋਟ, ਲੁਧਿਆਣਾ ਵਿਖੇ ਤਾਇਨਾਤ ਸਟੈਨੋ ਜਤਿੰਦਰ ਸਿੰਘ ਨੂੰ 24,06,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਸ਼ੁੱਕਰਵਾਰ ਨੂੰ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਸੁਖਾਣਾ, ਤਹਿਸੀਲ ਰਾਏਕੋਟ, ਜ਼ਿਲ੍ਹਾ ਲੁਧਿਆਣਾ ਦੇ ਇਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਐੱਸ.ਡੀ.ਐੱਮ. ਰਾਏਕੋਟ ਅਤੇ ਉਸ ਦਾ ਸਟੈਨੋ ਜਤਿੰਦਰ ਸਿੰਘ, ਵਾਸੀ ਪਿੰਡ ਨੂਰਪੁਰਾ, ਤਹਿਸੀਲ ਜਗਰਾਓਂ, ਆਮ ਲੋਕਾਂ ਤੋਂ ਸਰਕਾਰੀ ਕੰਮ ਕਰਨ ਬਦਲੇ ਲੋਕਾਂ ਤੋਂ ਮੋਟੀ ਰਕਮ ਵਸੂਲ ਰਹੇ ਹਨ। ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਸਟੈਨੋ ਜਤਿੰਦਰ ਸਿੰਘ ਤੋਂ ਪੁੱਛਗਿੱਛ ਕੀਤੀ ਅਤੇ ਉਸ ਦੇ ਦਫ਼ਤਰ ਦੀ ਤਲਾਸ਼ੀ ਦੌਰਾਨ ਇਕ ਅਲਮਾਰੀ ‘ਚੋਂ 24 ਲੱਖ 6 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਹੋਈ। ਮੁਲਜ਼ਮ ਇਸ ਨਕਦੀ ਦੇ ਵੇਰਵੇ ਦੱਸਣ ’ਚ ਅਸਫ਼ਲ ਰਿਹਾ ਅਤੇ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e