ਰਿਸ਼ਵਤਖੋਰ ਮੁਲਾਜ਼ਮਾਂ ਦੀ ਹੁਣ ਖੈਰ ਨਹੀਂ, ਵਿਜੀਲੈਂਸ ਬਿਊਰੋ ਨੇ ਚੁੱਕਿਆ ਇਹ ਵੱਡਾ ਕਦਮ

Wednesday, Oct 13, 2021 - 06:30 PM (IST)

ਰਿਸ਼ਵਤਖੋਰ ਮੁਲਾਜ਼ਮਾਂ ਦੀ ਹੁਣ ਖੈਰ ਨਹੀਂ, ਵਿਜੀਲੈਂਸ ਬਿਊਰੋ ਨੇ ਚੁੱਕਿਆ ਇਹ ਵੱਡਾ ਕਦਮ

ਚੰਡੀਗੜ੍ਹ : ਸੂਬੇ ਦੇ ਸਰਕਾਰੀ ਦਫ਼ਤਰਾਂ ਵਿਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਦੇ ਆਮ ਲੋਕਾਂ ਦੇ ਨਾਲ ਨਾਲ ਇਮਾਨਦਾਰ ਅਧਿਕਾਰੀਆਂ/ਕਰਮਚਾਰੀਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਭ੍ਰਿਸ਼ਟਾਚਾਰ/ਰਿਸ਼ਵਤਖੋਰ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਜਾਣਕਾਰੀ ਦੇਣ ਜਾਂ ਟੋਲ ਫਰੀ ਨੰਬਰ 1800-1800-1000 ’ਤੇ ਸ਼ਿਕਾਇਤ ਦਰਜ ਕਰਵਾਉਣ ਜਾਂ ਵਟਸਐਪ ਨੰਬਰ ਜਾਂ ਈਮੇਲ ’ਤੇ ਸ਼ਿਕਾਇਤਾਂ ਦਰਜ ਕਰਵਾਉਣ ਲਈ ਕਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੀਫ਼ ਡਾਇਰੈਕਟਰ-ਕਮ-ਏਡੀਜੀਪੀ ਵਿਜੀਲੈਂਸ ਬਿਊਰੋ ਐਲ.ਕੇ. ਯਾਦਵ ਨੇ ਕਿਹਾ ਕਿ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਕੀਤੇ ਜਾਂਦੇ ਕਿਸੇ ਵੀ ਤਰ੍ਹਾਂ ਦੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸੂਬੇ ਵਿਚ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਲਾਗੂ ਕਰਨ ਲਈ ਪ੍ਰਤੀਬੱਧ ਹਨ। ਲੋਕਾਂ ਨੂੰ ਅਪੀਲ ਕਰਦਿਆਂ ਵਿਜੀਲੈਂਸ ਮੁਖੀ ਨੇ ਦੱਸਿਆ ਕਿ ਟੋਲ ਫਰੀ ਨੰਬਰ ਬਿਊਰੋ ਦੇ ਮੁੱਖ ਦਫ਼ਤਰ ਵਿਖੇ ਲਗਾਤਾਰ 24x7 ਲਈ ਕਾਰਜਸ਼ੀਲ ਰਹੇਗਾ। ਇਸ ਤੋਂ ਇਲਾਵਾ, ਕੋਈ ਵੀ ਵਿਅਕਤੀ ਕਿਸੇ ਵੀ ਸਮੇਂ ਵਟਸਐਪ ਨੰਬਰ 90410-89685 ਜਾਂ ਈਮੇਲ complaint2vb@punjab.gov.in ’ਤੇ ਵਿਜੀਲੈਂਸ ਬਿਊਰੋ ਨੂੰ ਜਾਣਕਾਰੀ, ਵੀਡੀਓ ਜਾਂ ਲਿਖ ਕੇ ਸੰਦੇਸ਼ ਭੇਜ ਸਕਦਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨਾਂ ਲਈ ਬੇਹੱਦ ਅਹਿਮ ਖ਼ਬਰ, ਪੀ. ਏ. ਯੂ. ਵਲੋਂ ਕੀਤੀ ਇਸ ਖੋਜ ਨਾਲ ਹੋਵੇਗਾ ਵੱਡਾ ਫਾਇਦਾ

ਯਾਦਵ ਨੇ ਕਿਹਾ ਕਿ ਕੋਈ ਵੀ ਵਿਅਕਤੀ ਕਿਸੇ ਵੀ ਸਰਕਾਰੀ ਕੰਮ ਲਈ ਨਕਦੀ ਜਾਂ ਕਿਸੇ ਕਿਸਮ ਦੀ ਗੈਰਕਾਨੂੰਨੀ ਸਹਾਇਤਾ ਦੀ ਮੰਗ ਕਰਨ ਵਾਲੇ, ਆਪਣੇ ਸਰਕਾਰੀ ਅਹੁਦੇ ਅਤੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਨ ਵਾਲੇ ਅਤੇ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਵਾਲੇ, ਕਿਸੇ ਵੀ ਵਿੱਤੀ ਜਾਂ ਚੱਲ ਰਹੇ ਵਿਕਾਸ ਪ੍ਰੋਜੈਕਟ ਵਿਚ ਹੇਰਫੇਰ ਕਰਨ ਵਾਲੇ ਅਤੇ ਸੂਬਾ ਸਰਕਾਰ ਦੇ ਕਿਸੇ ਵੀ ਵਿਭਾਗ ਦੇ ਪ੍ਰਾਜੈਕਟ ਵਿਚ ਘਟੀਆ ਦਰਜੇ ਦੀ ਸਮੱਗਰੀ ਵਰਤਣ ਵਾਲੇ ਕਿਸੇ ਵੀ ਸਰਕਾਰੀ ਅਧਿਕਾਰੀ/ਕਰਮਚਾਰੀ ਵਿਰੁੱਧ ਇਸ ਟੋਲ ਫਰੀ ਨੰਬਰ, ਈਮੇਲ ਜਾਂ ਵਟਸਐਪ ਨੰਬਰ ਜ਼ਰੀਏ ਸ਼ਿਕਾਇਤ ਦਰਜ ਕਰਵਾ ਸਕਦਾ ਹੈ।

ਇਹ ਵੀ ਪੜ੍ਹੋ : ਟ੍ਰਾਂਸਪੋਰਟ ਮੰਤਰੀ ਬਣਨ ਤੋਂ ਬਾਅਦ ਰਾਜਾ ਵੜਿੰਗ ਦਾ ਇਕ ਹੋਰ ਵੱਡਾ ਕਦਮ, ਕੀਤਾ ਇਹ ਅਹਿਮ ਐਲਾਨ

ਵਿਜੀਲੈਂਸ ਬਿਊਰੋ ਦੇ ਮੁਖੀ ਨੇ ਅੱਗੇ ਕਿਹਾ ਕਿ ਕੋਈ ਵੀ ਇਮਾਨਦਾਰ ਸਰਕਾਰੀ ਅਧਿਕਾਰੀ/ਕਰਮਚਾਰੀ ਬਿਨਾ ਝਿੱਜਕ ਤੋਂ ਕਿਸੇ ਵੀ ਬੇਈਮਾਨ ਜਾਂ ਆਪਣੇ ਅਧਿਕਾਰਤ ਅਹੁਦੇ ਦੀ ਦੁਰਵਰਤੋਂ ਕਰਨ ਵਾਲੇ ਕਿਸੇ ਵੀ ਵਿਜੀਲੈਂਸ ਦੇ ਅਧਿਕਾਰੀ/ਕਰਮਚਾਰੀ ਜਾਂ ਕਿਸੇ ਹੋਰ ਸਰਕਾਰੀ ਮੁਲਾਜ਼ਮ ਖ਼ਿਲਾਫ਼ ਉਪਰੋਕਤ ਸੰਪਰਕ ਨੰਬਰਾਂ ਜਾਂ ਈਮੇਲ ਜ਼ਰੀਏ ਬਿਊਰੋ ਨੂੰ ਸ਼ਿਕਾਇਤ ਦਰਜ ਕਰਵਾ ਸਕਦਾ ਹੈ ਜਾਂ ਬਿਊਰੋ ਨੂੰ ਸੂਚਿਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸ਼ਿਕਾਇਤਾਂ ਦੀ ਪੂਰੀ ਜਾਂਚ ਕਰਨ ਤੋਂ ਬਾਅਦ ਜੇਕਰ ਦੋਸ਼ ਸਾਬਤ ਹੋ ਜਾਂਦਾ ਹੈ ਤਾਂ ਦੋਸ਼ੀਆਂ ਨਾਲ ਕਾਨੂੰਨ ਮੁਤਾਬਿਕ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲਾ ਅਗਰ ਚਾਹੇ ਤਾਂ ਉਸ ਦਾ ਨਾਮ ਗੁਪਤ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ : ਸੋਸ਼ਲ ਮੀਡੀਆ ’ਤੇ ਹਥਿਆਰਾਂ ਨਾਲ ਤਸਵੀਰਾਂ ਪਾਉਣ ਵਾਲਿਆਂ ਦੀ ਹੁਣ ਖੈਰ ਨਹੀਂ, ਸਥਾਪਤ ਹੋਇਆ ਇਹ ਖਾਸ ਸੈੱਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News