5,000 ਰੁਪਏ ਦੀ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

Monday, Oct 03, 2022 - 04:02 PM (IST)

5,000 ਰੁਪਏ ਦੀ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ/ਲੁਧਿਆਣਾ ( ਰਮਨਜੀਤ, ਵਿੱਕੀ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਮਾਲ ਹਲਕਾ ਹਠੂਰ, ਤਹਿਸੀਲ ਜਗਰਾਓਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਇਕ ਪਟਵਾਰੀ ਜਸਪ੍ਰੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਜਸਪ੍ਰੀਤ ਸਿੰਘ ਨੂੰ ਰੇਸ਼ਮ ਸਿੰਘ ਵਾਸੀ ਪਿੰਡ ਹਠੂਰ, ਤਹਿਸੀਲ ਜਗਰਾਓਂ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਇਤਲਾਹ ਦਿੱਤੀ ਸੀ ਕਿ ਉਕਤ ਪਟਵਾਰੀ ਉਨ੍ਹਾਂ ਦੀ ਜੱਦੀ ਜ਼ਮੀਨ ਦੀ ਤਕਸੀਮ (ਬਟਵਾਰਾ) ਕਰਨ ਲਈ 3,000 ਰੁਪਏ ਪ੍ਰਤੀ ਏਕੜ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਇਸ ਤਰ੍ਹਾਂ ਕੁੱਲ 25 ਏਕੜ ਪੁਸ਼ਤੈਨੀ ਜ਼ਮੀਨ ਦੀ ਤਕਸੀਮ ਬਦਲੇ ਉਸ ਵੱਲੋਂ ਰਿਸ਼ਵਤ ਦੀ ਕੁੱਲ ਰਕਮ 75,000 ਰੁਪਏ ਮੰਗ ਕੀਤੀ ਗਈ ਹੈ।

ਸ਼ਿਕਾਇਤਕਰਤਾ ਵਲੋਂ ਦਿੱਤੀ ਸੂਚਨਾ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਦੋਸ਼ੀ ਖ਼ਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ, ਆਰਥਿਕ ਅਪਰਾਧ ਸ਼ਾਖਾ ਦੇ ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।


author

Gurminder Singh

Content Editor

Related News