ਥਾਣੇ ’ਚ ਵਿਆਹ ਦਾ ਝਗੜਾ ਨਿਪਟਾਉਣ ਬਦਲੇ ਰਿਸ਼ਵਤ ਲੈਣ ਵਾਲੀ ਔਰਤ ਗ੍ਰਿਫਤਾਰ

Friday, Feb 16, 2024 - 04:54 PM (IST)

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇਕ ਮਹਿਲਾ ਮਨਮੀਤ ਕੌਰ ਵਾਸੀ ਪਿੰਡ ਭੋਲਾਪੁਰ, ਬਮਿਆਲ, ਜ਼ਿਲ੍ਹਾ ਪਠਾਨਕੋਟ ਨੂੰ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ਣ ਨੂੰ ਬਲਜੀਤ ਕੌਰ ਵਾਸੀ ਪਿੰਡ ਸਿੱਬਲ ਸਕੋਲ, ਤਹਿਸੀਲ ਨਰੋਟ ਜੈਮਲ ਸਿੰਘ ਜ਼ਿਲ੍ਹਾ ਪਠਾਨਕੋਟ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਹੈ ਕਿ ਉਕਤ ਮਨਮੀਤ ਕੌਰ ਨੇ ਉਸਦੇ ਪਤੀ ਨਾਲ ਵਿਆਹ ਦੇ ਝਗੜੇ ਨੂੰ ਸੁਲਝਾਉਣ ਬਦਲੇ 20 ਹਜ਼ਾਰ ਰੁਪਏ ਰਿਸ਼ਵਤ ਵਜੋਂ ਲਏ ਹਨ ਅਤੇ ਥਾਣਾ ਨਰੋਟ ਜੈਮਲ ਸਿੰਘ ਦੇ ਐੱਸ. ਐੱਚ. ਓ. ਸਬ-ਇੰਸਪੈਕਟਰ ਅਜਵਿੰਦਰ ਸਿੰਘ ਦੇ ਨਾਮ ਉੱਪਰ 20-25 ਹਜ਼ਾਰ ਰੁਪਏ ਦੀ ਹੋਰ ਮੰਗ ਕਰ ਰਹੀ ਹੈ। ਸ਼ਿਕਾਇਤਕਰਤਾ ਨੇ ਪੈਸੇ ਦੀ ਮੰਗ ਕਰਦੇ ਸਮੇਂ ਮੁਲਜ਼ਮਾਂ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ।

ਉਨ੍ਹਾਂ ਦੱਸਿਆ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਇਸ ਸ਼ਿਕਾਇਤ ਦੀ ਜਾਂਚ ਕੀਤੀ ਅਤੇ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਮੁਲਜ਼ਮਾ ਮਨਮੀਤ ਕੌਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਸਬੰਧਤ ਪੁਲਸ ਮੁਲਾਜ਼ਮਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।


Gurminder Singh

Content Editor

Related News