10,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Thursday, Jul 18, 2024 - 06:32 PM (IST)

10,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ/ਫਿਰੋਜ਼ਪੁਰ (ਕੁਮਾਰ) : ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐੱਸ.ਆਈ) ਗੁਰਮੇਲ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਮੌਕੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਸ ਮੁਲਾਜ਼ਮ ਨੂੰ ਰਾਜ ਕੁਮਾਰ ਵਾਸੀ ਬੱਲੂਆਣਾ, ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਦੇ ਭਰਾ ਮਦਨ ਲਾਲ, ਏ.ਐੱਸ.ਆਈ. ਵਿਰੁੱਧ ਫਿਰੋਜ਼ਪੁਰ ਥਾਣਾ ਸ਼ਹਿਰੀ ਵਿਖੇ ਜੁਲਾਈ 2023 ਵਿਚ ਪੁਲਸ ਕੇਸ ਦਰਜ ਹੋਇਆ ਸੀ ਅਤੇ ਉਕਤ ਏ.ਐੱਸ.ਆਈ. ਗੁਰਮੇਲ ਸਿੰਘ ਇਸ ਮੁਕੱਦਮੇ ਵਿਚ ਤਫਤੀਸ਼ੀ ਅਫਸਰ (ਆਈ.ਓ.) ਸੀ। 

ਬੁਲਾਰੇ ਨੇ ਦੱਸਿਆ ਕਿ ਉਕਤ ਗੁਰਮੇਲ ਸਿੰਘ ਨੇ ਸ਼ਿਕਾਇਤਕਰਤਾ ਦੇ ਭਰਾ ਖ਼ਿਲਾਫ਼ ਇਹ ਕੇਸ ਦਰਜ ਹੋਣ ਸਮੇਂ ਵੀ 10 ਹਜ਼ਾਰ ਰੁਪਏ ਲਏ ਸਨ। ਇਸ ਮੁਕੱਦਮੇ ਦੌਰਾਨ ਸ਼ਿਕਾਇਤਕਰਤਾ ਦੇ ਭਰਾ ਦੀ ਇਕ ਹਾਦਸੇ ਵਿਚ ਮੌਤ ਹੋ ਗਈ ਅਤੇ ਉਕਤ ਆਈ.ਓ. ਗੁਰਮੇਲ ਸਿੰਘ ਨੇ ਉਸਦੇ ਭਰਾ ਦੀ ਮੌਤ ਬਾਰੇ ਅਦਾਲਤ ਵਿਚ ਰਿਪੋਰਟ ਪੇਸ਼ ਕਰਨੀ ਸੀ ਤਾਂ ਜੋ ਪਰਿਵਾਰ ਤਰਸ ਦੇ ਆਧਾਰ ’ਤੇ ਸਰਕਾਰੀ ਨੌਕਰੀ ਲੈਣ ਲਈ ਅਰਜ਼ੀ ਦੇ ਸਕੇ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਏ.ਐੱਸ.ਆਈ ਵੱਲੋਂ ਇਸ ਕੰਮ ਬਦਲੇ ਵੀ 10,000 ਰੁਪਏ ਰਿਸ਼ਵਤ ਦੀ ਮੰਗ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿਚ ਲਗਾਏ ਗਏ ਦੋਸ਼ਾਂ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਏਐੱਸਆਈ ਗੁਰਮੇਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਬੁਲਾਰੇ ਨੇ ਦੱਸਿਆ ਕਿ ਉਕਤ ਏ.ਐੱਸ.ਆਈ ਖ਼ਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।


author

Gurminder Singh

Content Editor

Related News