ਆਸਮਾਨੀ ਬਿਜਲੀ ਡਿੱਗਣ ਕਾਰਨ ਮਾਰੇ ਗਏ ਕੈਦੀਆਂ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਦੇਵੇਗੀ 4-4 ਲੱਖ ਰੁਪਏ

08/30/2019 9:51:59 PM

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲੁਧਿਆਣਾ ਜੇਲ ’ਚ ਆਸਮਾਨੀ ਬਿਜਲੀ ਡਿੱਗਣ ਕਾਰਨ ਮਾਰੇ ਗਏ 2 ਕੈਦੀਆਂ ਦੇ ਪਰਿਵਾਰਕ ਮੈਂਬਰਾਂ ਨੂੰ 4-4 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਘਟਨਾ ’ਤੇ ਦੁੱਖ ਪ੍ਰਗਟ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਜਿਥੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 4 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਉਥੇ ਹੀ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਉਕਤ ਹਾਦਸੇ ’ਚ ਜ਼ਖਮੀ ਹੋਏ ਰਾਜਵਿੰਦਰ ਸਿੰਘ ਤੇ ਗੁਰਦੀਪ ਸਿੰਘ ਦਾ ਸਾਰਾ ਇਲਾਜ ਮੁਫਤ ਕਰਵਾਉਣ ਦਾ ਹੁਕਮ ਵੀ ਦਿੱਤਾ ਹੈ। 
ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਤਾਜਪੁਰ ਰੋਡ ਦੀ ਬ੍ਰੋਸਟਲ ਜੇਲ ’ਚ ਆਸਮਾਨੀ ਬਿਜਲੀ ਡਿੱਗਣ ਕਾਰਨ 4 ਹਵਾਲਾਤੀ ਬੁਰੀ ਤਰ੍ਹਾਂ ਝੁਲਸੇ ਗਏ ਸਨ, ਜਿਨ੍ਹਾਂ ’ਚੋਂ ਲੁਧਿਆਣਾ ਦੇ ਲਖਵਿੰਦਰ ਸਿੰਘ ਉਰਫ ਲੱਖਾ ਤੇ ਰਿਸ਼ਵ ਦੀ ਮੌਤ ਹੋ ਗਈ ਤੇ ਰਾਜਵਿੰਦਰ ਸਿੰਘ ਤੇ ਗੁਰਦੀਪ ਸਿੰਘ ਬੁਰੀ ਤਰ੍ਹਾਂ ਝੁਲਸੇ ਗਏ ਸਨ।