ਗੁਰਬਾਣੀ ਪ੍ਰਸਾਰਣ ਮਾਮਲਾ : ਜਥੇਦਾਰ ਵਲੋਂ ਦਸਤਾਵੇਜ਼ ਭੇਜਣ ਦੇ ਹੁਕਮ
Monday, Jan 13, 2020 - 06:56 PM (IST)
ਅੰਮ੍ਰਿਤਸਰ : ਗੁਰਬਾਣੀ ਦੇ ਪ੍ਰਸਾਰਨ ਅਤੇ ਹੁਕਮਨਾਮੇ ਦੇ ਅਧਿਕਾਰਾਂ ਬਾਰੇ ਚੱਲ ਰਹੇ ਵਿਵਾਦ ਨੂੰ ਗੰਭੀਰਤਾ ਨਾਲ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਪ੍ਰਾਈਵੇਟ ਚੈਨਲ ਅਤੇ ਐੱਸ. ਜੀ. ਪੀ. ਸੀ. ਨੂੰ ਇਸ ਸਬੰਧੀ ਦਸਤਾਵੇਜ਼ਾਂ ਬਾਰੇ ਵੇਰਵੇ ਭੇਜਣ ਦੇ ਆਦੇਸ਼ ਦਿੱਤੇ ਹਨ। ਸੂਤਰਾਂ ਅਨੁਸਾਰ ਇਸ ਵਿਵਾਦ ਸਬੰਧੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੋਵਾਂ ਧਿਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਮੁੱਚੀ ਜਾਣਕਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਭੇਜਣ। ਇਸ ਵਿਵਾਦ ਨੂੰ ਲੈ ਕੇ ਸਿੱਖ ਸੰਗਤ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸ਼ਿਕਾਇਤਾਂ ਕੀਤੀਆਂ ਗਈਆਂ ਹਨ, ਜਿਨ੍ਹਾਂ ਦੇ ਆਧਾਰ 'ਤੇ ਉਨ੍ਹਾਂ ਨੇ ਇਸ ਮਾਮਲੇ ਦਾ ਨੋਟਿਸ ਲਿਆ ਹੈ।
ਲੋਕ ਇਨਸਾਫ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਨੇ ਕਿਹਾ ਹੈ ਕਿ ਇਕ ਪੰਜਾਬੀ ਚੈਨਲ ਅਧਿਕਾਰਾਂ ਸਬੰਧੀ ਗ਼ਲਤ ਦਾਅਵਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਕੋਲ ਗੁਰਬਾਣੀ ਨੂੰ ਵੇਚਣ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਗੁਰਬਾਣੀ ਹਰ ਮਨੁੱਖ ਮਾਤਰ ਤਕ ਪੁਚਾਉਣ ਦੇ ਘਰ-ਘਰ ਅੰਦਰ ਧਰਮਸਾਲ ਦੇ ਉਪਦੇਸ਼ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦੇ ਪ੍ਰਚਾਰ ਪ੍ਰਸਾਰ 'ਤੇ ਰੋਕ ਲਾਉਣ ਦੀ ਇਹ ਮੰਦਭਾਗੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਵੇਚਣ ਦੀਆਂ ਕੋਸ਼ਿਸ਼ਾਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ ਅਤੇ ਉਹ ਸੰਗਤ ਨੂੰ ਇਸ ਕਾਰਵਾਈ ਖ਼ਿਲਾਫ਼ ਜਾਗਰੂਕ ਕਰਨ ਦੇ ਨਾਲ-ਨਾਲ ਕਾਨੂੰਨੀ ਕਾਰਵਾਈ ਵੀ ਕਰਨਗੇ।