ਪੰਜਾਬ ਵਿਚ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਬਸਪਾ ਸੁਪਰੀਮੋ ਮਾਇਆਵਤੀ ਦਾ ਵੱਡਾ ਬਿਆਨ
Saturday, Jan 20, 2024 - 06:43 PM (IST)
ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ (ਬਸਪਾ) ਦੀ ਸੁਪਰੀਮੋ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਇਕੱਲਿਆਂ ਲੜਨ ਦਾ ਐਲਾਨ ਕਰਨ ਤੋਂ ਬਾਅਦ ਉਨ੍ਹਾਂ ਨੇ ਹੁਣ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਵਿਚ ਉਨ੍ਹਾਂ ਦੀ ਪਾਰਟੀ ਦਾ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਨਾਲ ਮੌਜੂਦਾ ਗਠਜੋੜ ਬਰਕਰਾਰ ਰਹੇਗਾ। ਵੀਰਵਾਰ ਨੂੰ ਨਵੀਂ ਦਿੱਲੀ ਵਿਖੇ ਆਪਣੀ ਰਿਹਾਇਸ਼ 'ਤੇ ਪਾਰਟੀ ਦੀ ਪੰਜਾਬ ਇਕਾਈ ਨਾਲ ਮੀਟਿੰਗ ਦੌਰਾਨ ਮਾਇਆਵਤੀ ਨੇ ਕਿਹਾ ਕਿ ਪੰਜਾਬ ਵਿਚ ਬਸਪਾ-ਅਕਾਲੀ ਦਲ ਦਾ ਗਠਜੋੜ ਜਾਰੀ ਰਹੇਗਾ ਅਤੇ ਉਨ੍ਹਾਂ ਦੀ ਪਾਰਟੀ ਮੌਜੂਦਾ ਗਠਜੋੜ ਨੂੰ ਨੁਕਸਾਨ ਪਹੁੰਚਾਉਣ ਲਈ ਕਦੇ ਵੀ ਪਹਿਲ ਨਹੀਂ ਕਰੇਗੀ। ਦੂਜੇ ਪਾਸੇ ਪੰਜਾਬ ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਸੂਬਾ ਇਕਾਈ ਨਾਲ ਮੀਟਿੰਗ ਤੋਂ ਬਾਅਦ ਕਿਹਾ ਕਿ ਪੰਜਾਬ ਵਿਚ ਲੋਕ ਸਭਾ ਸੀਟਾਂ ਦੀ ਵੰਡ ਬਾਰੇ ਫ਼ੈਸਲਾ ਸਾਡੀ ਪਾਰਟੀ ਹਾਈਕਮਾਂਡ ਜਲਦੀ ਹੀ ਅਕਾਲੀ ਲੀਡਰਸ਼ਿਪ ਨਾਲ ਮੀਟਿੰਗ ਤੋਂ ਬਾਅਦ ਲਵੇਗੀ। ਬਸਪਾ ਪੰਜਾਬ ਵਿਚ ਕਿਹੜੀਆਂ ਲੋਕ ਸਭਾ ਸੀਟਾਂ ’ਤੇ ਚੋਣ ਲੜਨ ਦੀ ਇੱਛੁਕ ਹੈ, ਬਾਰੇ ਪੁੱਛੇ ਜਾਣ ’ਤੇ ਗੜ੍ਹੀ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਹਾਈਕਮਾਂਡ ਨੂੰ ਜ਼ਮੀਨੀ ਸਥਿਤੀ ਬਾਰੇ ਜਾਣੂ ਕਰਵਾ ਦਿੱਤਾ ਹੈ ਅਤੇ ਅੰਤਿਮ ਫ਼ੈਸਲਾ ਪਾਰਟੀ ਸੁਪਰੀਮੋ ਦਾ ਹੀ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ ਵਿਚ ਠੰਡ ਨੇ ਤੋੜੇ ਰਿਕਾਰਡ, ਮੌਸਮ ਵਿਭਾਗ ਨੇ ਸੂਬੇ ਭਰ ਲਈ ਜਾਰੀ ਕੀਤਾ ਰੈੱਡ ਅਲਰਟ
ਮਾਇਆਵਤੀ ਨੇ ਬਸਪਾ ਆਗੂਆਂ ਨੂੰ ਬਸਪਾ ਦੀ ਵਿਚਾਰਧਾਰਾ ਲੋਕਾਂ ਵਿਚ ਮਜ਼ਬੂਤੀ ਨਾਲ ਲੈ ਕੇ ਜਾਣ ਦੇ ਪੰਜਾਬ ਵਿਚਲੇ ਪਾਰਟੀ ਕੇਡਰ ਨੂੰ ਨਿਰਦੇਸ਼ ਦਿੱਤੇ ਹਨ। ਸੂਬਾ ਇਕਾਈ ਨੂੰ ਲੋਕ ਸਭਾ ਚੋਣਾਂ ਲਈ ਪਾਰਟੀ ਦੀ ਮੁਹਿੰਮ ਸ਼ੁਰੂ ਕਰਨ ਲਈ ਜਲਦੀ ਤੋਂ ਜਲਦੀ ਬੂਥ ਪੱਧਰੀ ਕਮੇਟੀਆਂ ਬਣਾਉਣ ਲਈ ਆਖਿਆ ਗਿਆ ਹੈ। ਦੱਸਣਯੋਗ ਹੈ ਕਿ 26 ਸਤੰਬਰ, 2020 ਨੂੰ ਅਕਾਲੀ ਦਲ ਵੱਲੋਂ ਭਾਜਪਾ ਨਾਲ ਸਬੰਧ ਤੋੜਨ ਤੋਂ ਬਾਅਦ, ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, 12 ਜੂਨ, 2021 ਨੂੰ ਬਸਪਾ ਨਾਲ ਮੁੜ ਗਠਜੋੜ ਕੀਤਾ ਸੀ। 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਨੇ ਕੁੱਲ 117 ਵਿਧਾਨ ਸਭਾ ਹਲਕਿਆਂ ਵਿਚੋਂ ਤਿੰਨ ਜਿੱਤੇ ਸਨ ਅਤੇ ਬਸਪਾ ਨੇ ਨਵਾਂਸ਼ਹਿਰ ਸੀਟ ਹੀ ਜਿੱਤੀ ਸੀ। ਆਪਣੇ ਪਹਿਲੇ ਗਠਜੋੜ ਵਿਚ, ਅਕਾਲੀ-ਬਸਪਾ ਨੇ 1996 ਵਿਚ ਲੋਕ ਸਭਾ ਚੋਣਾਂ ਲੜੀਆਂ ਸਨ, ਜਿਸ ਵਿਚ ਅਕਾਲੀ ਦਲ ਨੇ ਕੁੱਲ 13 ਵਿਚੋਂ ਅੱਠ ਸੀਟਾਂ ਜਿੱਤੀਆਂ ਸਨ ਅਤੇ ਤਿੰਨ ਬਸਪਾ ਨੇ ਜਿੱਤੀਆਂ ਸਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਇਹ 13 ਟੋਲ ਪਲਾਜ਼ੇ ਹੋਏ ਫਰੀ, ਪੜ੍ਹੋ ਪੂਰੀ ਸੂਚੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8