ਬਜਟ ਸੈਸ਼ਨ : ਡੀ. ਜੀ. ਪੀ. ''ਤੇ ਆਸ਼ੂ ਦੀ ਬਰਖਾਸਤਗੀ ਨੂੰ ਲੈ ਕੇ ਵਿਧਾਨ ਸਭਾ ''ਚ ਹੰਗਾਮਾ
Monday, Feb 24, 2020 - 06:54 PM (IST)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜਾ ਦਿਨ ਵੀ ਹੰਗਾਮਾ ਹੋ ਗਿਆ। ਜਿਸ ਦੇ ਚੱਲਦੇ ਸਦਨ ਦੀ ਕਾਰਵਾਈ ਅੱਧੇ ਘੰਟੇ ਲਈ ਮੁਲਤਵੀ ਕਰ ਦਿੱਤੀ ਗਈ। ਪੰਜਾਬ ਦੇ ਡੀ. ਜੀ. ਪੀ. ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਬਰਖਾਸਤ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਸਦਨ ਵਿਚ ਖੂਬ ਹੰਗਾਮਾ ਕੀਤਾ। ਦੋਵਾਂ ਪਾਰਟੀਆਂ ਬਰਖਾਸਤਗੀ 'ਤੇ ਅੜੀਆਂ ਰਹੀਆਂ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਵੀ ਪ੍ਰਦਰਸ਼ਨ ਕੀਤਾ।
ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਅਕਾਲੀ ਵਿਧਾਇਕਾਂ ਨੇ ਮੰਤਰੀ ਭਾਰਤ ਭੂਸ਼ਨ ਆਸ਼ੂ ਵਿਰੁੱਧ ਵੀ ਕਾਰਵਾਈ ਦੀ ਮੰਗ ਕੀਤੀ। ਆਮ ਆਦਮੀ ਪਾਰਟੀ ਤੇ ਅਕਾਲੀ ਵਿਧਾਇਕਾਂ ਵੱਲੋਂ ਪੰਜਾਬ ਅਸੈਂਬਲੀ ਸਾਹਮਣੇ ਰੋਸ ਮੁਜ਼ਾਹਰਾ ਕੀਤਾ। ਸਦਨ ਅੰਦਰ ਵੀ ਦੋਵੇਂ ਵਿਰੋਧੀ ਪਾਰਟੀਆਂ ਨੇ ਡੀ. ਜੀ. ਪੀ. ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਰੌਲੇ–ਰੱਪੇ ਕਾਰਨ ਸਦਨ ਦੀ ਕਾਰਵਾਈ ਅੱਧੇ ਘੰਟੇ ਲਈ ਮੁਲਤਵੀ ਕਰਨੀ ਪਈ। ਫਿਰ ਜਦੋਂ ਸਦਨ ਦੀ ਕਾਰਵਾਈ ਸ਼ੁਰੂ ਹੋਈ, ਤਾਂ ਇੱਕਜੁਟ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਸਦਨ ਨੂੰ ਮੁੜ ਮੁਲਤਵੀ ਕਰਨਾ ਪਿਆ। ਪੰਜਾਬ ਵਿਧਾਨ ਸਭਾ 'ਚ ਪ੍ਰਸ਼ਨ ਕਾਲ ਸ਼ੁਰੂ ਹੁੰਦਿਆਂ ਹੀ ਆਮ ਆਦਮੀ ਪਾਰਟੀ ਤੇ ਅਕਾਲੀ ਵਿਧਾਇਕ ਸਦਨ ਦੇ ਵਿਚਕਾਰ ਪੁੱਜ ਗਏ ਅਤੇ ਮੁੜ ਡੀ. ਜੀ. ਪੀ. ਤੇ ਆਸ਼ੂ ਵਿਰੁੱਧ ਨਾਅਰੇਬਾਜ਼ੀ ਕੀਤੀ।