ਪੰਜਾਬ ਬਜਟ ਸੈਸ਼ਨ : ਪਹਿਲੇ ਹੀ ਦਿਨ ਵਿਰੋਧੀਆਂ ਨੇ ਪਾਇਆ ਰੌਲਾ, ਕੀਤਾ ਵਾਕਆਊਟ
Tuesday, Feb 12, 2019 - 12:38 PM (IST)

ਚੰਡੀਗੜ੍ਹ (ਅਸ਼ਵਨੀ) : ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਮੰਗਲਵਾਰ ਨੂੰ ਰਾਜਪਾਲ ਵੀ. ਪੀ. ਸਿੰਘ ਬਦਨੌਰ ਦੇ ਭਾਸ਼ਣ ਨਾਲ ਸ਼ੁਰੂ ਹੋਇਆ। ਬਜਟ ਸੈਸ਼ਨ ਦੇ ਪਹਿਲੇ ਹੀ ਦਿਨ ਅਕਾਲੀ ਦਲ ਵਲੋਂ ਹੰਗਾਮਾ ਕੀਤਾ ਗਿਆ ਅਤੇ ਸੈਸ਼ਨ ਦੀ ਸ਼ੁਰੂਆਤ ਮੌਕੇ ਹੀ ਰਾਜਪਾਲ ਦੇ ਭਾਸ਼ਣ ਦੌਰਾਨ ਅਕਾਲੀ ਦਲ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਅਕਾਲੀ ਵਿਧਾਇਕਾਂ ਨੇ ਦੋਸ਼ ਲਾਇਆ ਕਿ ਕੈਪਟਨ ਸਰਕਾਰ ਨੇ ਪੰਜਾਬ 'ਚ ਇਕ ਵੀ ਵਿਕਾਸ ਕਾਰਜ ਨਹੀਂ ਕਰਾਇਆ ਅਤੇ ਨਾ ਹੀ ਆਪਣੇ ਚੋਣ ਵਾਅਦੇ ਪੂਰੇ ਕੀਤੇ ਹਨ। ਇਸ ਤੋਂ ਬਾਅਦ ਅਕਾਲੀ-ਭਾਜਪਾ ਵਲੋਂ ਸਦਨ 'ਚੋਂ ਵਾਕਆਊਟ ਕਰ ਦਿੱਤਾ ਗਿਆ।
ਸਿਮਰਜੀਤ ਬੈਂਸ ਨੇ ਵੀ ਕੀਤਾ ਵਾਕਆਊਟ
ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਰਾਜਪਾਲ ਵਲੋਂ ਪੰਜਾਬੀ ਦੀ ਥਾਂ ਅੰਗਰੇਜ਼ੀ 'ਚ ਭਾਸ਼ਣ ਪੜ੍ਹਨ ਦਾ ਵਿਰੋਧ ਕਰਦਿਆਂ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਸਪੀਕਰ ਸਾਹਿਬ ਅੰਗਰੇਜ਼ੀ ਬੋਲ ਕੇ ਮਾਂ ਬੋਲੀ ਦੀ ਹੱਤਿਆ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਪੀਕਰ ਸਾਹਿਬ ਹਿੰਦੀ ਬੋਲਣ ਤਾਂ ਜੋ ਉਨ੍ਹਾਂ ਨੂੰ ਸਮਝ ਵੀ ਆਵੇ। ਇਸ ਤੋਂ ਬਾਅਦ ਨਾਅਰੇਬਾਜ਼ੀ ਕਰਦਿਆਂ ਸਿਮਰਜੀਤ ਸਿੰਘ ਬੈਂਸ ਵਲੋਂ ਵੀ ਵਿਧਾਨ ਸਭਾ 'ਚੋਂ ਵਾਕਆਊਟ ਕੀਤਾ ਗਿਆ।