ਦੀਨਾਨਗਰ ਦੇ ਪਿੰਡ ਸੱਮੁਚੱਕ ਵਿਖੇ ਬਣੀ ਅਣ-ਅਧਿਕਾਰਤ ਕਲੋਨੀ ''ਤੇ ਚੱਲਿਆ ਪੀਲਾ ਪੰਜਾ
Thursday, Mar 27, 2025 - 07:17 PM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਅਣ-ਅਧਿਕਾਰਤ ਕਲੋਨੀਆਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਅੱਜ ਗੁਰਜਿੰਦਰ ਸਿੰਘ ਸਰੋਆ, ਡਿਊਟੀ ਮੈਜਿਸਟਰੇਟ ਦੀ ਨਿਗਰਾਨੀ ਹੇਠ ਰਿਤਿਕਾ ਅਰੋੜਾ, ਜ਼ਿਲ੍ਹਾ ਨਗਰ ਯੋਜਨਾਕਾਰ ਗੁਰਦਾਸਪੁਰ ਦੀ ਟੀਮ ਵੱਲੋਂ ਪੁਨੀਤ ਡਿਗਰਾ, ਸਹਾਇਕ ਨਗਰ ਯੋਜਨਾਕਾਰ, ਦਵਿੰਦਰਪਾਲ ਸਿੰਘ, ਜੂਨੀਅਰ ਇੰਜੀਨੀਅਰ ਅਤੇ ਜ਼ਿਲ੍ਹਾ ਪ੍ਰਸ਼ਾਸਨ/ਰੈਗੂਲੇਟਰੀ ਦੀ ਸਾਂਝੀ ਟੀਮ ਵੱਲੋਂ ਪਾਪਰਾ ਐਕਟ 1995 ਦੀ ਉਲੰਘਣਾ ਕਰਦੇ ਹੋਏ ਦੀਨਾਨਗਰ ਦੇ ਪਿੰਡ ਸੱਮੁਚੱਕ ਵਿਖੇ ਹੋਂਦ ਵਿੱਚ ਆਈ ਅਣ-ਅਧਿਕਾਰਤ ਕਲੋਨੀ ਨੂੰ ਜੇ.ਸੀ.ਬੀ. ਮਸ਼ੀਨ ਨਾਲ ਢਾਹ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਦੀਨਾਨਗਰ ਦੇ ਪਿੰਡ ਸੱਮੁਚੱਕ ਵਿਖੇ ਵਿਕਸਿਤ ਕੀਤੀ ਗਈ ਅਣ-ਅਧਿਕਾਰਤ ਕਲੋਨੀ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਕੇ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ, ਕਿਉਂਜੋ ਅਣ-ਅਧਿਕਾਰਤ ਕਾਲੋਨੀਆਂ ਦੇ ਮਾਲਕਾਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਪ੍ਰਵਾਹ ਨਾ ਕਰਦੇ ਹੋਏ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।
ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਰੈਗੂਲੇਟਰੀ ਵਿੰਗ ਵੱਲੋਂ ਸਮੇਂ-ਸਮੇਂ ਤੇ ਜ਼ਿਲ੍ਹਾ ਗੁਰਦਾਸਪੁਰ ਅੰਦਰ ਵਿਕਸਿਤ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਦਾ ਮੌਕਾ ਚੈੱਕ ਕਰਦੇ ਹੋਏ ਸਬੰਧਿਤ ਐਕਟ ਤਹਿਤ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਸਬੰਧਿਤ ਥਾਣਾ ਅਫ਼ਸਰ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਜਾ ਰਿਹਾ ਹੈ।
ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਗੈਰ-ਕਨੂੰਨੀ ਕਲੋਨੀਆਂ ਜੋ ਕਿ ਸਰਕਾਰ ਤੋਂ ਮੰਨਜੂਰਸ਼ੁਦਾ ਨਹੀਂ ਹਨ, ਵਿੱਚ ਪਲਾਟ ਬਿਲਕੁਲ ਨਾ ਖ਼ਰੀਦਣ ਅਤੇ ਕਿਸੇ ਵੀ ਕਲੋਨੀ ਵਿੱਚ ਪਲਾਟ ਖ਼ਰੀਦਣ ਤੋਂ ਪਹਿਲਾਂ ਕਲੋਨੀ ਮਾਲਕ ਕੋਲੋਂ ਸਰਕਾਰ ਵੱਲੋਂ ਦਿੱਤੀ ਮਨਜ਼ੂਰੀ ਦੀ ਮੰਗ ਜ਼ਰੂਰ ਕਰਨ ਤਾਂ ਜੋ ਉਨ੍ਹਾਂ ਦੇ ਧਨ-ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਨੇ ਕਿਹਾ ਕਿ ਪੁੱਡਾ ਦੇ ਖੇਤਰ ਵਿੱਚ 19 ਮਾਰਚ 2018 ਤੋਂ ਪਹਿਲਾਂ ਦੀਆਂ ਜੋ ਵੀ ਅਣ-ਅਧਿਕਾਰਤ ਕਲੋਨੀਆਂ ਅਪਲਾਈਡ ਹਨ, ਉਹ ਕਲੋਨਾਈਜ਼ਰ ਲੋੜੀਂਦੇ ਦਸਤਾਵੇਜ਼ ਜਮਾਂ ਕਰਵਾਉਂਦੇ ਹੋਏ ਤੁਰੰਤ ਆਪਣੀਆਂ ਕਲੋਨੀਆਂ ਨੂੰ ਰੈਗੂਲਰ ਕਰਵਾਉਣ ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਕਲੋਨਾਈਜ਼ਰ/ ਪ੍ਰਮੋਟਰ ਵਿਭਾਗ ਦੀ ਬਿਨਾਂ ਪ੍ਰਵਾਨਗੀ ਲਏ ਕੋਈ ਉਸਾਰੀ ਕਰਦਾ ਹੈ ਤਾਂ ਉਨ੍ਹਾਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8