ਪੰਜਾਬ ’ਚ ਹੋਣ ਵਾਲੀ ਜ਼ਿਮਨੀ ਅਤੇ ਨਗਰ ਨਿਗਮ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ, ਚੁੱਕਿਆ ਇਹ ਕਦਮ
Tuesday, Apr 19, 2022 - 05:26 PM (IST)
ਚੰਡੀਗੜ੍ਹ (ਸ਼ਰਮਾ) : ਪੰਜਾਬ ਵਿਚ ਅਗਲੇ ਕੁਝ ਮਹੀਨਿਆਂ ਵਿਚ ਨਗਰ-ਨਿਗਮ ਚੋਣਾਂ ਅਤੇ ਸੰਗਰੂਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਇਨ੍ਹਾਂ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਚੋਣ ਸਰਗਰਮੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅਹੁਦੇਦਾਰਾਂ ਦੀਆਂ ਜ਼ਿੰਮੇਵਾਰੀਆਂ ਤੈਅ ਕਰ ਦਿੱਤੀਆਂ ਹਨ। ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਉਣ ਵਾਲੀਆਂ ਨਗਰ-ਨਿਗਮ ਚੋਣਾਂ ਅਤੇ ਸੰਗਰੂਰ ਲੋਕ ਸਭਾ ਸੀਟ ਲਈ ਹੋਣ ਵਾਲੀ ਜ਼ਿਮਨੀ ਚੋਣ ਵਿਚ ਭਾਜਪਾ ਆਪਣੇ ਉਮੀਦਵਾਰ ਖੜ੍ਹੇ ਕਰੇਗੀ। ਉਨ੍ਹਾਂ ਦੱਸਿਆ ਕਿ ਸੰਗਰੂਰ ਲੋਕ ਸਭਾ ਸੀਟ ਦੀ ਉਪ ਚੋਣ ਦੀ ਤਿਆਰੀ ਅਤੇ ਨਿਗਰਾਨੀ ਲਈ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਇੰਚਾਰਜ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਨਾਲ ਅਨਿਲ ਸਰੀਨ (ਸੂਬਾਈ ਮੁੱਖ ਬੁਲਾਰੇ, ਭਾਜਪਾ ਪੰਜਾਬ) ਅਤੇ ਐੱਸ.ਆਰ. ਲੱਧੜ (ਸੇਵਾਮੁਕਤ ਆਈ.ਏ.ਐੱਸ.) ਨੂੰ ਕੋ-ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਵਿਧਾਇਕ, ਪੰਜਾਬ ਦੇ ਅਫ਼ਸਰਾਂ ਨੂੰ ਦੋ ਟੁੱਕ ’ਚ ਦਿੱਤਾ ਇਹ ਸੁਨੇਹਾ
ਇਸ ਤੋਂ ਇਲਾਵਾ ਨਗਰ-ਨਿਗਮ ਚੋਣਾਂ ਦੀ ਤਿਆਰੀ ਅਤੇ ਨਿਗਰਾਨੀ ਲਈ ਪੰਜਾਬ ਦੀਆਂ ਵੱਖ-ਵੱਖ ਨਿਗਮਾਂ ਵਿਚ ਵੱਖ-ਵੱਖ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ ਗਏ ਹਨ। ਅੰਮ੍ਰਿਤਸਰ ਨਗਰ ਨਿਗਮ ਚੋਣਾਂ ਲਈ ਸਾਬਕਾ ਵਿਧਾਇਕ ਦਿਨੇਸ਼ ਬੱਬੂ ਨੂੰ ਇੰਚਾਰਜ ਅਤੇ ਮਨਜੀਤ ਸਿੰਘ ਮੰਨਾ ਨੂੰ ਕੋ-ਇੰਚਾਰਜ, ਜਲੰਧਰ ਨਗਰ-ਨਿਗਮ ਚੋਣਾਂ ਲਈ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਨੂੰ ਇੰਚਾਰਜ ਅਤੇ ਸਾਬਕਾ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਨੂੰ ਕੋ-ਇੰਚਾਰਜ, ਫਗਵਾੜਾ ਨਗਰ-ਨਿਗਮ ਚੋਣਾਂ ਲਈ ਸੂਬਾ ਭਾਜਪਾ ਦੇ ਮੀਤ ਪ੍ਰਧਾਨ ਨਰਿੰਦਰ ਪਰਮਾਰ ਨੂੰ ਇੰਚਾਰਜ ਅਤੇ ਸਾਬਕਾ ਵਿਧਾਇਕ ਅਵਿਨਾਸ਼ ਚੰਦਰ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਲੁਧਿਆਣਾ ਚੋਣਾਂ ਲਈ ਜੰਗੀ ਲਾਲ ਮਹਾਜਨ ਨੂੰ ਇੰਚਾਰਜ ਅਤੇ ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਨੂੰ ਸਹਿ-ਇੰਚਾਰਜ, ਪਟਿਆਲਾ ਨਗਰ-ਨਿਗਮ ਚੋਣਾਂ ਲਈ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਹਰਜੀਤ ਸਿੰਘ ਗਰੇਵਾਲ ਨੂੰ ਇੰਚਾਰਜ ਅਤੇ ਸੂਬਾ ਕਾਰਜਕਾਰਨੀ ਮੈਂਬਰ ਪਰਮਿੰਦਰ ਬਰਾੜ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਸੰਗਰੂਰ ਨਗਰ-ਨਿਗਮ ਚੋਣਾਂ ਲਈ ਸੂਬਾਈ ਬੁਲਾਰੇ ਅਸ਼ੋਕ ਭਾਰਤੀ ਨੂੰ ਇੰਚਾਰਜ ਅਤੇ ਜਗਦੀਸ਼ ਕੁਮਾਰ ਜੱਗਾ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦਾ ਇਕ ਹੋਰ ਸਖ਼ਤ ਕਦਮ, ਸੂਬੇ ’ਤੇ ਚੜ੍ਹੇ 3 ਲੱਖ ਕਰੋੜ ਦੇ ਕਰਜ਼ ਦਾ ਆਡਿਟ ਕਰਵਾਏਗੀ ਸਰਕਾਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?