ਜ਼ਿਮਨੀ ਚੋਣਾਂ ''ਚ ਜਿੱਤ ਮਗਰੋਂ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਨਗੇ ਕੇਜਰੀਵਾਲ ਤੇ ਮਾਨ

Saturday, Nov 23, 2024 - 02:01 PM (IST)

ਜ਼ਿਮਨੀ ਚੋਣਾਂ ''ਚ ਜਿੱਤ ਮਗਰੋਂ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਨਗੇ ਕੇਜਰੀਵਾਲ ਤੇ ਮਾਨ

ਚੰਡੀਗੜ੍ਹ : ਪੰਜਾਬ ਵਿਚ ਜ਼ਿਮਨੀ ਚੋਣਾਂ ਵਿਚ ਮਿਲੀ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਵਿਚ ਖੁਸ਼ੀ ਦੀ ਲਹਿਰ ਹੈ। ਇਸ ਦੇ ਚੱਲਦੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਸ਼ਾਮ ਵਰਕਰਾਂ ਨੂੰ ਸੰਬੋਧਨ ਕਰਨਗੇ। ਕੇਜਰੀਵਾਲ ਸ਼ਾਮ 5 ਵਜੇ ਪਾਰਟੀ ਦਫ਼ਤਰ ਤੋਂ ਵਰਕਰਾਂ ਨੂੰ ਸੰਬੋਧਨ ਕਰਨਗੇ। ਇਹ ਵੀ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਸ਼ਾਮ ਤੱਕ ਦਿੱਲੀ ਪਹੁੰਚ ਸਕਦੇ ਹਨ। ਜਿੱਥੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ 'ਆਪ' ਦੇ ਰਾਸ਼ਟਰੀ ਦਫਤਰ ਤੋਂ ਵਰਕਰਾਂ ਨੂੰ ਸੰਬੋਧਨ ਕਰਨਗੇ। 

ਦੱਸਣਯੋਗ ਹੈ ਕਿ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ ਹੋਈਆਂ ਜ਼ਿਮਨੀ ਚੋਣਾਂ ਵਿਚ ਤਿੰਨ 'ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਚੱਬੇਵਾਲ, ਗਿੱਦੜਬਾਹਾ ਅਤੇ ਡੇਰਾ ਬਾਬਾ ਨਾਨਕ ਹਲਕਿਆਂ ਵਿਚ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ। 

ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਦਿੱਤੀ ਵਧਾਈ

ਇਸ ਜਿੱਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜ਼ਿਮਨੀ ਚੋਣਾਂ 'ਚ ਸ਼ਾਨਦਾਰ ਜਿੱਤ ਲਈ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ। ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਪੂਰੇ ਦੇਸ਼ ਵਿਚ ਦਿਨ-ਬ-ਦਿਨ ਬੁਲੰਦੀਆਂ ਛੂਹ ਰਹੀ ਹੈ। ਅਸੀਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦਿਨ ਰਾਤ ਬਿਨਾਂ ਭੇਦਭਾਵ ਅਤੇ ਇਮਾਨਦਾਰੀ ਨਾਲ ਮਿਹਨਤ ਕਰ ਰਹੇ ਹਾਂ। ਜ਼ਿਮਨੀ ਚੋਣਾਂ ਦੌਰਾਨ ਪੰਜਾਬੀਆਂ ਨਾਲ ਕੀਤੇ ਹਰ ਵਾਅਦੇ ਨੂੰ ਅਸੀਂ ਪਹਿਲ ਦੇ ਆਧਾਰ 'ਤੇ ਪੂਰਾ ਕਰਾਂਗੇ। ਸਭ ਨੂੰ ਬਹੁਤ-ਬਹੁਤ ਮੁਬਾਰਕਾਂ।


author

Gurminder Singh

Content Editor

Related News