ਜ਼ਿਮਨੀ ਚੋਣ : ਜ਼ਿਲ੍ਹਾ ਬਰਨਾਲਾ ਦੇ ਚੋਣ ਅਮਲੇ ਦੀ ਹੋਈ ਪਹਿਲੀ ਰਿਹਰਸਲ

Wednesday, Jun 08, 2022 - 03:23 PM (IST)

ਜ਼ਿਮਨੀ ਚੋਣ : ਜ਼ਿਲ੍ਹਾ ਬਰਨਾਲਾ ਦੇ ਚੋਣ ਅਮਲੇ ਦੀ ਹੋਈ ਪਹਿਲੀ ਰਿਹਰਸਲ

ਬਰਨਾਲਾ (ਵਿਵੇਕ ਸਿੰਧਵਾਨੀ,ਰਵੀ) : ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਬਰਨਾਲਾ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਬਰਨਾਲਾ, ਭਦੌੜ ਤੇ ਮਹਿਲ ਕਲਾਂ ਅਧੀਨ ਚੋਣ ਅਮਲੇ ਦੀ ਪਹਿਲੀ ਰਿਹਰਸਲ ਅੱਜ ਕਰਵਾਈ ਗਈ। ਜ਼ਿਲ੍ਹਾ ਚੋਣ ਅਫਸਰ ਹਰੀਸ਼ ਨਈਅਰ ਨੇ ਦੱਸਿਆ ਕਿ ਅੱਜ ਤਿੰਨੇ ਵਿਧਾਨ ਸਭਾ ਹਲਕਿਆਂ ਅਧੀਨ ਚੋਣ ਅਮਲੇ ਦੀ ਪਹਿਲੀ ਰਿਹਰਸਲ ਸਹਾਇਕ ਰਿਟਰਨਿੰਗ ਅਫਸਰਾਂ ਦੀ ਦੇਖ-ਰੇਖ ਹੇਠ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਬਰਨਾਲਾ ਦੇ ਚੋਣ ਅਮਲੇ ਦੀ ਰਿਹਰਸਲ ਸੈਕਰਡ ਹਾਰਟ ਸਕੂਲ ਰਾਏਕੋਟ ਰੋਡ ਬਰਨਾਲਾ, ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਅਮਲੇ ਦੀ ਰਿਹਰਸਲ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਬਰਨਾਲਾ ਤੇ ਵਿਧਾਨ ਸਭਾ ਹਲਕਾ ਭਦੌੜ ਅਧੀਨ ਚੋਣ ਅਮਲੇ ਦੀ ਰਿਹਰਸਲ ਯੂਨੀਵਰਸਿਟੀ ਕਾਲਜ ਢਿੱਲਵਾਂ ਵਿਖੇ ਹੋਈ।

ਰਿਹਰਸਲ ਦੌਰਾਨ ਮਾਸਟਰ ਟਰੇਨਰਾਂ ਵੱਲੋਂ ਚੋਣ ਅਮਲੇ ਨਾਲ ਸਬੰਧਤ ਪ੍ਰੋਜ਼ਾਈਡਿੰਗ ਅਧਿਕਾਰੀਆਂ, ਸਹਾਇਕ ਪ੍ਰੋਜ਼ਾਈਡਿੰਗ ਅਧਿਕਾਰੀਆਂ ਤੇ ਪੋਲਿੰਗ ਅਫ਼ਸਰਾਂ ਨੂੰ ਵੋਟਿੰਗ ਪ੍ਰਕਿਰਿਆ ਦੀਆਂ ਬਾਰੀਕੀਆਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਨੇ ਸਬੰਧਤ ਚੋਣ ਅਮਲੇ ਨੂੰ ਆਪਣੀ ਡਿਊਟੀ ਪੂਰੀ ਈਮਾਨਦਾਰੀ ਤੇ ਆਪਸੀ ਤਾਲਮੇਲ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ ਤੇ ਚੋਣ ਸਟਾਫ਼ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਲਈ ਆਖਿਆ।


author

Gurminder Singh

Content Editor

Related News