ਸਿਆਸੀ ਧਿਰਾਂ ਲਈ ਚੁਣੌਤੀ ਹੋਣਗੀਆਂ ਜ਼ਿਮਨੀ ਚੋਣਾਂ

09/22/2019 6:39:00 PM

ਚੰਡੀਗੜ੍ਹ : ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ ਵਿਚ ਜ਼ਿਮਨੀ ਚੋਣ ਦਾ ਬਿਗੁਲ ਵੱਜ ਚੁੱਕਾ ਹੈ। ਚੋਣ ਕਮਿਸ਼ਨ ਨੇ ਇਨ੍ਹਾਂ ਹਲਕਿਆਂ ਵਿਚ 21 ਅਕਤੂਬਰ ਨੂੰ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ। ਚੋਣਾਂ ਦੇ ਐਲਾਨ ਤੋਂ ਬਾਅਦ ਸੂਬੇ ਦੀਆਂ ਪ੍ਰਮੁੱਖ ਸਿਆਸੀ ਧਿਰਾਂ ਵੀ ਪੱਬਾਂ ਭਾਰ ਹੋ ਗਈਆਂ ਹਨ। ਇਹ ਚੋਣਾਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ, ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ਼ ਪਾਰਟੀ ਲਈ ਵੱਡੀ ਪ੍ਰੀਖਿਆ ਹੋਣਗੀਆਂ। ਚੋਣ ਕਮਿਸ਼ਨ ਮੁਤਾਬਕ ਨਾਮਜ਼ਦਗੀ ਭਰਨ ਦਾ ਅਮਲ 23 ਸਤੰਬਰ ਤੋਂ ਸ਼ੁਰੂ ਹੋਵੇਗਾ ਅਤੇ 30 ਸਤੰਬਰ ਤੱਕ ਕਾਗਜ਼ ਦਾਖ਼ਲ ਕੀਤੇ ਜਾ ਸਕਣਗੇ। ਇਸ ਤਰ੍ਹਾਂ ਸਿਆਸੀ ਧਿਰਾਂ ਕੋਲ ਉਮੀਦਵਾਰਾਂ ਦੀ ਚੋਣ ਲਈ ਜ਼ਿਆਦਾ ਸਮਾਂ ਬਾਕੀ ਨਹੀਂ ਬਚਿਆ ਹੈ। ਚੋਣਾਂ ਦਾ ਐਲਾਨ ਹੁੰਦਿਆਂ ਹੀ ਸੰਬੰਧਤ ਹਲਕਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। 

ਸੂਤਰਾਂ ਅਨੁਸਾਰ ਕਾਂਗਰਸ ਵੱਲੋਂ ਚਾਰਾਂ ਵਿਧਾਨ ਸਭਾ ਹਲਕਿਆਂ ਤੋਂ ਉਮੀਦਵਾਰਾਂ ਦੀ ਚੋਣ ਲਈ ਨਾਵਾਂ ਦਾ ਪੈਨਲ ਪਾਰਟੀ ਹਾਈਕਮਾਂਡ ਨੂੰ ਭੇਜ ਦਿੱਤਾ ਗਿਆ ਹੈ ਤੇ ਜਲਦੀ ਹੀ ਉਮੀਦਵਾਰਾਂ ਦਾ ਐਲਾਨ ਹੋਣ ਦੀ ਸੰਭਾਵਨਾ ਹੈ। ਅਕਾਲੀ ਦਲ ਵੱਲੋਂ ਜਲਾਲਾਬਾਦ ਅਤੇ ਦਾਖਾ ਤੋਂ ਉਮੀਦਵਾਰ ਖੜ੍ਹੇ ਕੀਤੇ ਜਾਣੇ ਹਨ ਜਦੋਂਕਿ ਭਾਈਵਾਲ ਭਾਜਪਾ ਵਲੋਂ ਮੁਕੇਰੀਆਂ ਅਤੇ ਫਗਵਾੜਾ ਤੋਂ ਉਮੀਦਵਾਰ ਖੜ੍ਹੇ ਕੀਤੇ ਜਾਣੇ ਹਨ। ਜਲਾਲਾਬਾਦ, ਫਗਵਾੜਾ ਅਤੇ ਮੁਕੇਰੀਆਂ ਵਿਚ ਤਾਂ ਕਾਂਗਰਸ ਤੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰਾਂ ਵਿਚਾਲੇ ਮੁਕਾਬਲਾ ਹੋਣ ਦੇ ਆਸਾਰ ਹਨ ਜਦੋਂਕਿ ਲੁਧਿਆਣਾ ਜ਼ਿਲੇ ਦੇ ਦਾਖਾ ਵਿਧਾਨ ਸਭਾ ਹਲਕੇ ਤੋਂ ਮੁਕਾਬਲਾ ਰੌਚਕ ਹੋ ਸਕਦਾ ਹੈ ਕਿਉਂਕਿ ਲੰਘੀਆਂ ਸੰਸਦੀ ਚੋਣਾਂ ਦੌਰਾਨ ਇਸ ਵਿਧਾਨ ਸਭਾ ਹਲਕੇ ਤੋਂ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੇ ਦੋਹਾਂ ਰਵਾਇਤੀ ਪਾਰਟੀਆਂ ਕਾਂਗਰਸ ਤੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਪਛਾੜ ਦਿੱਤਾ ਸੀ।

ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਵਿਧਾਇਕ ਸੁਖਬੀਰ ਸਿੰਘ ਬਾਦਲ ਦੇ ਫਿਰੋਜ਼ਪੁਰ ਤੋਂ ਅਤੇ ਫਗਵਾੜਾ ਦੇ ਵਿਧਾਇਕ ਸੋਮ ਪ੍ਰਕਾਸ਼ ਦੇ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਚੁਣੇ ਜਾਣ ਕਾਰਨ ਇਨ੍ਹਾਂ ਦੋਹਾਂ ਹਲਕਿਆਂ ਦੀ ਚੋਣ ਕਰਵਾਈ ਜਾ ਰਹੀ ਹੈ। ਦਾਖਾ ਤੋਂ 'ਆਪ' ਦੇ ਵਿਧਾਇਕ ਐੱਚ.ਐੱਸ. ਫੂਲਕਾ ਨੇ ਸਰਕਾਰ ਵੱਲੋਂ ਬੇਅਦਬੀ ਕਾਂਡ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਕਰਨ ਦੇ ਦੋਸ਼ ਲਾਉਂਦਿਆਂ ਅਸਤੀਫ਼ਾ ਦੇ ਦਿੱਤਾ ਸੀ। ਇਸੇ ਤਰ੍ਹਾਂ ਮੁਕੇਰੀਆਂ ਤੋਂ ਕਾਂਗਰਸ ਦੇ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦੀ ਮੌਤ ਹੋ ਜਾਣ ਕਾਰਨ ਇਸ ਹਲਕੇ ਦੀ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਪੰਜਾਬ ਵਿਧਾਨ ਸਭਾ ਵਿਚ ਇਸ ਵੇਲੇ ਕਾਂਗਰਸ ਦੇ ਕੁੱਲ ਵਿਧਾਇਕਾਂ ਦੀ ਗਿਣਤੀ 77 ਹੈ, ਅਕਾਲੀ ਦਲ ਦੇ ਵਿਧਾਇਕਾਂ ਦੀ ਗਿਣਤੀ 12, 'ਆਪ' ਦੇ 19 ਅਤੇ ਭਾਜਪਾ ਦੇ ਦੋ ਵਿਧਾਇਕ ਹਨ। ਕਾਂਗਰਸ ਪਾਰਟੀ ਖਾਸ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਈ ਵਿਧਾਇਕਾਂ ਦੀ ਵੱਡੀ ਗਿਣਤੀ ਪਹਿਲਾਂ ਹੀ ਸਿਆਸੀ ਸੰਕਟ ਦਾ ਕਾਰਨ ਬਣੀ ਹੋਈ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਨਾਰਾਜ਼ ਵਿਧਾਇਕਾਂ ਨੂੰ ਹਾਲ ਹੀ 'ਚ ਸਲਾਹਕਾਰ ਨਿਯੁਕਤ ਕਰਨਾ ਪਿਆ। 

ਸੱਤਾਧਾਰੀ ਧਿਰ ਜੇਕਰ ਚਾਰਾਂ ਵਿਧਾਨ ਸਭਾ ਹਲਕਿਆਂ 'ਤੇ ਜੇਤੂ ਰਹਿੰਦੀ ਹੈ ਤਾਂ ਵਿਧਾਇਕਾਂ ਦੀ ਗਿਣਤੀ 80 ਦਾ ਅੰਕੜਾ ਪਾਰ ਕਰ ਜਾਵੇਗੀ। ਇਸ ਦੇ ਉਲਟ ਜੇਕਰ ਸਰਕਾਰ ਦੀ ਕਾਰਗੁਜ਼ਾਰੀ ਜ਼ਿਮਨੀ ਚੋਣਾਂ ਦੌਰਾਨ ਚੰਗੀ ਨਹੀਂ ਰਹਿੰਦੀ ਤਾਂ ਪਾਰਟੀ ਅੰਦਰਲੇ ਵਿਰੋਧੀਆਂ ਦੀਆਂ ਸੁਰਾਂ ਮੁੱਖ ਮੰਤਰੀ ਖ਼ਿਲਾਫ਼ ਤਿੱਖੀਆਂ ਹੋ ਸਕਦੀਆਂ ਹਨ। ਦੂਜੇ ਪਾਸੇ ਅਕਾਲੀ ਦਲ, ਭਾਜਪਾ ਅਤੇ 'ਆਪ' ਵੱਲੋਂ ਆਪਣੀ ਵੱਕਾਰ ਬਹਾਲ ਰੱਖਣ ਲਈ ਸੀਟਾਂ 'ਤੇ ਕਬਜ਼ਾ ਬਣਾਈ ਰੱਖਣ ਲਈ ਲੜਾਈ ਲੜੀ ਜਾਵੇਗੀ। ਸਿਆਸੀ ਹਲਕਿਆਂ ਦਾ ਦੱਸਣਾ ਹੈ ਕਿ ਦਾਖਾ ਤੋਂ ਅਕਾਲੀ ਦਲ ਵੱਲੋਂ ਮਨਪ੍ਰੀਤ ਸਿੰਘ ਇਯਾਲੀ ਨੂੰ ਟਿਕਟ ਦਿੱਤੇ ਜਾਣ ਦੇ ਆਸਾਰ ਹਨ ਜਦੋਂਕਿ ਜਲਾਲਾਬਾਦ ਤੋਂ ਪਾਰਟੀ ਰਾਇ ਸਿੱਖ ਭਾਈਚਾਰੇ ਨਾਲ ਸਬੰਧਤ ਵਿਅਕਤੀ ਨੂੰ ਟਿਕਟ ਦੇਣ 'ਤੇ ਵਿਚਾਰ ਕਰ ਰਹੀ ਹੈ।

ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਟਿਕਟਾਂ ਦਾ ਫ਼ੈਸਲਾ ਪਾਰਟੀ ਹਾਈਕਮਾਂਡ ਵੱਲੋਂ ਕੀਤਾ ਜਾਣਾ ਹੈ ਪਰ ਫਗਵਾੜਾ ਤੋਂ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਆਪਣੀ ਪਤਨੀ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੈ ਕੁਮਾਰ ਸਾਂਪਲਾ ਆਪਣੇ ਪੁੱਤਰ ਨੂੰ ਟਿਕਟ ਦਿਵਾਉਣ ਲਈ ਜ਼ੋਰ-ਅਜ਼ਮਾਈ ਕਰ ਰਹੇ ਹਨ। ਇਸੇ ਤਰ੍ਹਾਂ ਮੁਕੇਰੀਆਂ ਤੋਂ ਭਾਜਪਾ ਵੱਲੋਂ ਸ੍ਰੀਮਤੀ ਸ਼ਾਹੀ ਵੱਲੋਂ ਮੁੜ ਟਿਕਟ 'ਤੇ ਦਾਅਵੇਦਾਰੀ ਜਤਾਈ ਗਈ ਹੈ। ਲੋਕ ਇਨਸਾਫ਼ ਪਾਰਟੀ ਅਤੇ 'ਆਪ' ਦਾਖਾ ਵਿਧਾਨ ਸਭਾ ਹਲਕੇ ਵਿਚ ਆਪਣਾ ਆਧਾਰ ਮੰਨਦੀਆਂ ਹਨ ਤੇ ਇਸ ਹਲਕੇ ਤੋਂ ਉਮੀਦਵਾਰ ਖੜ੍ਹੇ ਕੀਤੇ ਜਾਣਗੇ। ਉਂਜ 'ਆਪ' ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਚਾਰਾਂ ਹਲਕਿਆਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ ਕੀਤਾ ਹੈ। ਕਾਂਗਰਸ ਦੇ ਚਾਰਾਂ ਹਲਕਿਆਂ ਤੋਂ ਕਈ ਦਾਅਵੇਦਾਰ ਹਨ ਪਰ ਮੁੱਖ ਮੰਤਰੀ ਦੀ ਪਸੰਦ 'ਤੇ ਮੋਹਰ ਲੱਗ ਸਕਦੀ ਹੈ। ਕੁਝ ਵੀ ਹੋਵੇ ਲੋਕ ਸਭਾ ਚੋਣਾਂ 'ਚ ਕਾਂਗਰਸ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਹੁਣ ਦੇਖਣਾ ਹੋਵੇਗਾ ਕਿ ਇਨ੍ਹਾਂ ਚਾਰ ਵਿਧਾਨ ਸਭਾ ਸੀਟਾਂ 'ਤੇ ਵੋਟਰ ਕਿਸ ਪਾਰਟੀ ਦੇ ਹੱਕ ਵਿਚ ਨਿੱਤਰਦੇ ਹਨ।


Gurminder Singh

Content Editor

Related News