ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੀ-ਪਾਈਟ ਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਕੰਮਕਾਜ ਦੀ ਸਮੀਖਿਆ
Saturday, May 20, 2023 - 04:29 PM (IST)
ਚੰਡੀਗੜ੍ਹ : ਪੰਜਾਬ ਦੇ ਨੌਜਵਾਨਾਂ ਨੂੰ ਸੈਨਾ ਅਤੇ ਅਰਧ ਸੈਨਿਕ ਬਲਾਂ 'ਚ ਰੁਜ਼ਗਾਰ ਲਈ ਸਿਖਲਾਈ ਪ੍ਰਦਾਨ ਕਰਨ ਵਾਸਤੇ ਸੀ-ਪਾਈਟ ਕੈਂਪਾਂ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸੀ-ਪਾਈਟ ਕੈਂਪਾਂ ਦੇ ਵਿਸਤਾਰ ਦੀਆਂ ਸੰਭਾਵਨਾਵਾਂ ਦੀ ਪੜਚੋਲ ਲਈ ਸਰਵੇਖਣ ਕਰਵਾਇਆ ਜਾਵੇ। ਇੱਥੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਡਾਇਰੈਕਟਰ ਜਨਰਲ ਸੀ-ਪਾਈਟ ਮੇਜਰ ਜਨਰਲ (ਸੇਵਾਮੁਕਤ) ਰਾਮਬੀਰ ਸਿੰਘ ਮਾਨ ਨੂੰ ਮੌਜੂਦਾ ਸੀ-ਪਾਈਟ ਕੈਂਪਾਂ ਦੀ ਕਾਇਆ ਕਲਪ-ਕਰਨ ਦੇ ਵੀ ਨਿਰਦੇਸ਼ ਦਿੱਤੇ, ਜਿਸ ਲਈ ਸੂਬਾ ਸਰਕਾਰ ਵੱਲੋਂ ਲੋੜੀਂਦਾ ਬਜਟ ਅਲਾਟ ਕੀਤਾ ਜਾਵੇਗਾ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਪੁਰਜ਼ੋਰ ਯਤਨ ਕਰ ਰਹੀ ਹੈ।
ਇਸੇ ਦੌਰਾਨ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਅਮਨ ਅਰੋੜਾ ਨੇ ਕਿਹਾ ਕਿ ਮਿਸ਼ਨ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਸਿਖਲਾਈ ਨਾਲ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣਾ ਹੈ ਤਾਂ ਜੋ ਉਹ ਬਿਹਤਰ ਰੁਜ਼ਗਾਰ ਹਾਸਲ ਕਰਨ ਦੇ ਯੋਗ ਬਣ ਸਕਣ। ਉਨ੍ਹਾਂ ਦੁਹਰਾਇਆ ਕਿ ਹੁਨਰਮੰਦ ਮਨੁੱਖੀ ਸ਼ਕਤੀ ਅਤੇ ਉਦਯੋਗ ਦੀਆਂ ਲੋੜਾਂ ਵਿਚਕਾਰ ਪਾੜੇ ਨੂੰ ਪੂਰਨ 'ਤੇ ਧਿਆਨ ਕੇਂਦਰਿਤ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਨੇ ਅਧਿਕਾਰੀਆਂ ਨੂੰ ਉਦਯੋਗ ਦੀਆਂ ਲੋੜਾਂ ਅਨੁਸਾਰ ਸਿਖਲਾਈ ਕੋਰਸ ਸ਼ੁਰੂ ਕਰਨ ਲਈ ਵੀ ਕਿਹਾ ਤਾਂ ਜੋ ਹੁਨਰਮੰਦ ਨੌਜਵਾਨਾਂ ਨੂੰ ਨੌਕਰੀਆਂ ਪ੍ਰਾਪਤ ਕਰਨ ਲਈ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਸਬੰਧੀ ਚਰਚਾ ਕਰਦਿਆਂ ਰੁਜ਼ਗਾਰ ਉੱਤਪਤੀ ਮੰਤਰੀ ਨੇ ਕਿਹਾ ਕਿ ਸੀ-ਪਾਈਟ ਸਿਖਲਾਈ ਨੌਜਵਾਨਾਂ ਨੂੰ ਉਨ੍ਹਾਂ ਦੀ ਊਰਜਾ ਨੂੰ ਬਿਹਤਰ ਢੰਗ ਨਾਲ ਸਹੀ ਦਿਸ਼ਾ 'ਚ ਲਗਾਉਣ 'ਚ ਮਦਦ ਕਰੇਗੀ ਅਤੇ ਉਨ੍ਹਾਂ ਨੂੰ ਅਨੁਸ਼ਾਸਿਤ ਜੀਵਨ ਜਿਊਣ ਦਾ ਰਾਹ ਦਿਖਾਏਗੀ।