16 ਜੂਨ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ’ਤੇ ਉਤਰਨਗੇ ਕੈਬ ਡਰਾਈਵਰ
Tuesday, Jun 09, 2026 - 02:13 PM (IST)
ਚੰਡੀਗੜ੍ਹ (ਮਨਪ੍ਰੀਤ) : ਟ੍ਰਾਈਸਿਟੀ ਕੈਬ ਡਰਾਈਵਰਜ਼ ਵੈੱਲਫ਼ੇਅਰ ਐਸੋਸੀਏਸ਼ਨ ਵੱਲੋਂ ਲੰਬਿਤ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ 16 ਜੂਨ ਨੂੰ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੀ ਤਿਆਰੀ ਵਜੋਂ ਸੈਕਟਰ-17 ਸਥਿਤ ਵੱਖ-ਵੱਖ ਸਰਕਾਰੀ ਦਫ਼ਤਰਾਂ ਦੇ ਬਾਹਰ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਯੂਨੀਅਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਟੈਕਸੀ ਚਾਲਕਾਂ, ਆਮ ਨਾਗਰਿਕਾਂ ਤੇ ਸਰਕਾਰੀ ਕਰਮਚਾਰੀਆਂ ਨੂੰ ਆਗਾਮੀ ਸ਼ਾਂਤਮਈ ਰੋਸ ਪ੍ਰਦਰਸ਼ਨ ਦੇ ਮਕਸਦ ਬਾਰੇ ਜਾਣਕਾਰੀ ਦਿੱਤੀ।
ਯੂਨੀਅਨ ਨੇ ਦੱਸਿਆ ਕਿ ਇਹ ਪ੍ਰਦਰਸ਼ਨ ਟੈਕਸੀ ਚਾਲਕਾਂ ਦੀਆਂ ਕਈ ਗੰਭੀਰ ਸਮੱਸਿਆਵਾਂ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਵੱਲ ਪ੍ਰਸ਼ਾਸਨ ਦਾ ਧਿਆਨ ਖਿੱਚਣ ਲਈ ਉਲੀਕਿਆ ਗਿਆ ਹੈ। ਪਿਛਲੇ ਇਕ ਸਾਲ ਤੋਂ ਟੈਕਸੀ ਚਾਲਕ ਪ੍ਰਸ਼ਾਸਨ ਵੱਲੋਂ ਕੀਤੇ ਵਾਅਦਿਆਂ ਤੇ ਨੀਤੀਆਂ ਨੂੰ ਲਾਗੂ ਕਰਵਾਉਣ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ। ਜਾਗਰੂਕਤਾ ਮੁਹਿੰਮ ਦੌਰਾਨ ਲੋਕਾਂ ਨੂੰ ਪਰਚੇ ਵੰਡੇ ਗਏ ਤੇ 16 ਜੂਨ ਦੇ ਅੰਦੋਲਨ ’ਚ ਸਾਥ ਦੇਣ ਦੀ ਅਪੀਲ ਕੀਤੀ ਗਈ। ਟੀ. ਸੀ. ਏ. ਨੇ ਸਪੱਸ਼ਟ ਕੀਤਾ ਹੈ ਕਿ ਇਹ ਅੰਦੋਲਨ ਪੂਰੀ ਤਰ੍ਹਾਂ ਸ਼ਾਂਤਮਈ, ਲੋਕਤੰਤਰੀ ਅਤੇ ਕਾਨੂੰਨ ਦੇ ਦਾਇਰੇ ’ਚ ਰਹਿ ਕੇ ਕੀਤਾ ਜਾਵੇਗਾ।
