ਮੰਤਰੀ ਮੰਡਲ ਵੱਲੋਂ ਮਲੇਰਕੋਟਲਾ ਨੂੰ 23ਵਾਂ ਜ਼ਿਲ੍ਹਾ ਬਣਾਏ ਜਾਣ ਨੂੰ ਰਸਮੀ ਪ੍ਰਵਾਨਗੀ

Wednesday, Jun 02, 2021 - 08:57 PM (IST)

ਮੰਤਰੀ ਮੰਡਲ ਵੱਲੋਂ ਮਲੇਰਕੋਟਲਾ ਨੂੰ 23ਵਾਂ ਜ਼ਿਲ੍ਹਾ ਬਣਾਏ ਜਾਣ ਨੂੰ ਰਸਮੀ ਪ੍ਰਵਾਨਗੀ

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਵੱਲੋਂ ਬੁੱਧਵਾਰ ਨੂੰ ਇਤਿਹਾਸਕ ਕਸਬੇ ਮਲੇਰਕੋਟਲਾ ਨੂੰ ਸੂਬੇ ਦਾ 23ਵਾਂ ਜ਼ਿਲ੍ਹਾ ਬਣਾਏ ਜਾਣ ਨੂੰ ਰਸਮੀ ਪ੍ਰਵਾਨਗੀ ਦੇ ਦਿੱਤੀ ਗਈ ਜਿਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਐਲਾਨ ਕੀਤਾ ਸੀ। ਮੰਤਰੀ ਮੰਡਲ ਵੱਲੋਂ ਸਬ ਤਹਿਸੀਲ ਅਮਰਗੜ੍ਹ ਜੋ ਕਿ ਮਲੇਰਕੋਟਲਾ ਸਬ ਡਿਵੀਜ਼ਨ ਦਾ ਹਿੱਸਾ ਸੀ, ਨੂੰ ਸਬ ਡਿਵੀਜ਼ਨ/ਤਹਿਸੀਲ ਬਣਾਉਣ ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਦੇ ਨਾਲ ਹੀ ਮਲੇਰਕੋਟਲਾ ਜ਼ਿਲ੍ਹੇ ਵਿਚ ਹੁਣ ਤਿੰਨ ਸਬ-ਡਿਵੀਜ਼ਨ ਮਲੇਰਕੋਟਲਾ, ਅਹਿਮਦਗੜ੍ਹ ਅਤੇ ਅਮਰਗੜ੍ਹ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ 192 ਪਿੰਡ, 62 ਪਟਵਾਰ ਸਰਕਲ ਅਤੇ 6 ਕਾਨੂੰਨਗੋ ਸਰਕਲ ਵੀ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ : ਬੇਅਦਬੀ ਮਾਮਲੇ ’ਚ ‘ਸਿਟ’ ਦਾ ਵੱਡਾ ਖ਼ੁਲਾਸਾ, ਡੇਰਾ ਮੁਖੀ ਦੇ ਅਪਮਾਨ ਦਾ ਬਦਲਾ ਲੈਣ ਲਈ ਕੀਤੀ ਗਈ ਬੇਅਦਬੀ

ਮੰਤਰੀ ਮੰਡਲ ਵੱਲੋਂ ਮੁੱਖ ਮੰਤਰੀ ਨੂੰ 12 ਵਿਭਾਗਾਂ ਪੁਲਸ, ਪੇਂਡੂ ਵਿਕਾਸ ਤੇ ਪੰਚਾਇਤ, ਸਮਾਜਿਕ ਨਿਆਂ ਅਤੇ ਘੱਟ ਗਿਣਤੀ, ਖੇਤੀਬਾੜੀ ਅਤੇ ਕਿਸਾਨ ਵਿਕਾਸ, ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ, ਸਿਹਤ, ਸਿੱਖਿਆ (ਪ੍ਰਾਇਮਰੀ ਅਤੇ ਸੈਕੰਡਰੀ), ਰੋਜ਼ਗਾਰ ਉਤਪੱਤੀ, ਉਦਯੋਗ ਅਤੇ ਵਣਜ, ਖੁਰਾਕ ਸਿਵਲ ਸਪਲਾਈ ਤੇ ਉਪਭੋਗਤਾ ਮਾਮਲੇ ਤੋਂ ਇਲਾਵਾ ਵਿੱਤ ਦੇ ਦਫਤਰਾਂ ਲਈ ਨਵੀਆਂ ਅਸਾਮੀਆਂ ਸਿਰਜੇ ਜਾਣ ਨੂੰ ਮਨਜ਼ੂਰੀ ਦੇਣ ਲਈ ਮੁੱਖ ਮੰਤਰੀ ਨੂੰ ਅਧਿਕਾਰ ਸੌਂਪ ਦਿੱਤੇ।

ਇਹ ਵੀ ਪੜ੍ਹੋ : ਬਠਿੰਡਾ ’ਚ ਵਾਪਰਿਆ ਵੱਡਾ ਹਾਦਸਾ, ਤਿੰਨ ਭਰਾਵਾਂ ਦੀ ਮੌਤ, ਤਸਵੀਰਾਂ ’ਚ ਦੇਖੋ ਦਿਲ ਕੰਬਾਉਣ ਵਾਲਾ ਮੰਜ਼ਰ

ਮੁੱਖ ਮੰਤਰੀ ਨੇ ਹਾਲ ਹੀ ਵਿਚ 14 ਮਈ ਨੂੰ ਈਦ-ਉਲ-ਫ਼ਿਤਰ ਦੇ ਮੌਕੇ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਐਲਾਨ ਕਰਦੇ ਹੋਏ ਸਥਾਨਕ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਕੀਤੀ ਸੀ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਲਏ ਗਏ ਇਸ ਫ਼ੈਸਲੇ ਦਾ ਮਕਸਦ ਮਲੇਰਕੋਟਲਾ ਦੇ ਸ਼ਹਿਰੀ ਵਿਕਾਸ ਨੂੰ ਯਕੀਨੀ ਬਣਾਉਣਾ, ਇਸ ਇਤਿਹਾਸਕ ਸ਼ਹਿਰ ਦੇ ਅਮੀਰ ਵਿਰਸੇ ਨੂੰ ਕਾਇਮ ਰੱਖਣਾ ਅਤੇ ਇਸ ਖੇਤਰ ਦੇ ਸਮੁੱਚੇ ਸਮਾਜਿਕ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣਾ ਵੀ ਹੈ।

ਇਹ ਵੀ ਪੜ੍ਹੋ : 2022 ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ’ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ’ਤੇ ਭਗਵੰਤ ਮਾਨ ਦਾ ਵੱਡਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News