ਨਵੀਂ ਖੇਤੀ ਨੀਤੀ ਨੂੰ ਲੈ ਕੇ ਬੋਲੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ, ਕਹੀਆਂ ਅਹਿਮ ਗੱਲਾਂ

05/25/2023 6:33:56 PM

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ 30 ਜੂਨ ਨੂੰ ਜਾਰੀ ਹੋਣ ਵਾਲੀ ਨਵੀਂ ਖੇਤੀ ਨੀਤੀ ਸੂਬੇ ਦੇ ਕਿਸਾਨਾਂ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਨ ਵਿਚ ਸਹਾਈ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਨਵੀਂ ਖੇਤੀ ਨੀਤੀ ਕਿਸਾਨਾਂ, ਖੇਤੀ ਮਾਹਿਰਾਂ, ਕਿਸਾਨ ਆਗੂਆਂ, ਆਮ ਲੋਕਾਂ ਅਤੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧੀਆਂ ਦੇ ਸੁਝਾਵਾਂ ਨਾਲ ਤਿਆਰ ਕੀਤੀ ਜਾ ਰਹੀ ਹੈ। ਇਹ ਪੰਜਾਬ ਦੇ ਕਿਸਾਨ ਅਤੇ ਕਿਰਸਾਨੀ ਨੂੰ ਬਚਾਉਣ ਵਿਚ ਅਹਿਮ ਭੂਮਿਕਾ ਅਦਾ ਕਰੇਗੀ। ਸਥਾਨਕ ਪੰਜਾਬ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਦੀਆਂ ਮੰਗਾਂ ਸਬੰਧੀ ਤਕਰੀਬਨ 4 ਘੰਟੇ ਚੱਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਨਵੀਂ ਖੇਤੀ ਨੀਤੀ ਕਿਸਾਨਾਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਤਿਆਰ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀਆਂ ਬਹੁਤ ਸਾਰੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਵੀ ਸੂਬਾ ਸਰਕਾਰ ਲਗਾਤਾਰ ਯਤਨਸ਼ੀਲ ਹੈ।

PunjabKesari

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਸੰਭਾਵਨਾਵਾਂ ਭਾਲ ਰਹੀ ਹੈ। ਕਿਸਾਨਾਂ ਵੱਲੋਂ ਉਗਾਈਆਂ ਸਬਜ਼ੀਆਂ ਅਤੇ ਹੋਰ ਫਸਲਾਂ ਨੂੰ ਗੁਆਂਢੀ ਦੇਸ਼ਾਂ ਵਿਚ ਨਿਰਯਾਤ ਕੀਤਾ ਜਾ ਸਕੇ। ਇਸ ਮਕਸਦ ਦੀ ਪੂਰਤੀ ਲਈ ਪੰਜਾਬ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਕਿਸਾਨ ਆਗੂਆਂ ਵੱਲੋਂ ਸ਼ੂਗਰ ਮਿੱਲਾਂ ਦੇ ਬਕਾਇਆ ਜਾਰੀ ਕਰਨ ਦੀ ਰੱਖੀ ਮੰਗ ਬਾਬਤ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਬਹੁਤ ਜਲਦ ਗੰਨਾ ਕਾਸ਼ਤਕਾਰਾਂ ਨੂੰ ਉਨ੍ਹਾਂ ਦੀ ਬਕਾਇਆ ਰਾਸ਼ੀ ਦੇ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਲਈ ਸਾਰਥਕ ਕਦਮ ਚੁੱਕ ਰਹੀ ਹੈ ਅਤੇ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਹੋਰ ਵੀ ਬਹੁਤ ਸਾਰੇ ਕਿਸਾਨੀ ਅਤੇ ਪੰਜਾਬ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ-ਚਰਚਾ ਹੋਈ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਖੇਤੀ ਮੰਤਰੀ ਨੇ ਧਿਆਨਪੂਰਵਕ ਸੁਣ ਕੇ ਸਬੰਧਤ ਵਿਭਾਗਾਂ ਦੇ ਅਫ਼ਸਰਾਂ ਨੂੰ ਹਦਾਇਤਾਂ ਅਤੇ ਨਿਰਦੇਸ਼ ਜਾਰੀ ਕੀਤੇ। ਕਿਸਾਨ ਆਗੂਆਂ ਨੇ ਖੇਤੀ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ’ਚੋਂ ਕੁਝ ਵਾਰਿਸਾਂ ਨੂੰ ਅਜੇ ਤੱਕ ਸਰਕਾਰੀ ਨੌਕਰੀ ਨਹੀਂ ਦਿੱਤੀ ਗਈ।

PunjabKesari

ਧਾਲੀਵਾਲ ਨੇ ਮੌਕੇ ’ਤੇ ਹੀ ਖੇਤੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਜਲਦ ਦਫ਼ਤਰੀ ਪ੍ਰਕਿਰਿਆ ਪੂਰੀ ਕਰਕੇ ਨੌਕਰੀ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦ ਕਿਸਾਨ ਪਰਿਵਾਰਾਂ ਦੇ ਵਾਰਿਸਾਂ ਨੂੰ ਨੌਕਰੀਆਂ ਅਤੇ ਮੁਆਵਜ਼ਾ ਦੇਣ ਲਈ ਵਚਨਬੱਧ ਹੈ ਅਤੇ ਵਾਅਦੇ ਮੁਤਾਬਕ ਕਿਸਾਨ ਸ਼ਹੀਦਾਂ ਦੇ ਵਾਰਿਸਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਇਸ ਮੌਕੇ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਕੀਤੇ ਐਲਾਨ ਮੁਤਾਬਕ ਝੋਨੇ ਦੀ ਫਸਲ ਬੀਜਣ ਤੱਕ ਸੂਬੇ ਦੀਆਂ ਸਾਰੀਆਂ ਥਾਵਾਂ ’ਤੇ ਨਹਿਰੀ ਪਾਣੀ ਪੁੱਜਦਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਹਿਰੀ ਢਾਂਚੇ ਦੀ ਮਜ਼ਬੂਤੀ ਵੱਲ ਪੰਜਾਬ ਸਰਕਾਰ ਵਿਸ਼ੇਸ਼ ਧਿਆਨ ਦੇ ਰਹੀ ਹੈ। ਮੀਂਹ ਅਤੇ ਚੋਆਂ ਦੇ ਪਾਣੀ ਦੀ ਸੁਚੱਜੀ ਵਰਤੋਂ ਅਤੇ ਸੰਭਾਲ ਬਾਬਤ ਵੀ ਕਿਸਾਨ ਆਗੂਆਂ ਨਾਲ ਵਿਸਥਾਰਤ ਚਰਚਾ ਕੀਤੀ ਗਈ। ਮੀਟਿੰਗ ਵਿਚ ਖੇਤੀ ਵਿਭਾਗ, ਮੰਡੀ ਬੋਰਡ, ਮਾਲ ਵਿਭਾਗ, ਪਸ਼ੂ ਪਾਲਣ ਵਿਭਾਗ ਅਤੇ ਪੁਲਿਸ ਦੇ ਉੱਚ ਅਧਿਕਾਰੀ ਹਾਜ਼ਰ ਸਨ। 


Manoj

Content Editor

Related News