ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ’ਚ ਨੌਜਵਾਨਾਂ ਦੀ ਵਿਸ਼ੇਸ਼ ਭੂਮਿਕਾ: ਬ੍ਰਹਮ ਸ਼ੰਕਰ ਜਿੰਪਾ

Friday, Apr 28, 2023 - 11:40 AM (IST)

ਹੁਸ਼ਿਆਰਪੁਰ (ਘੁੰਮਣ)-ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਕਾਸਸ਼ੀਲ ਅਤੇ ਦੂਰਦਰਸ਼ੀ ਸੋਚ ’ਤੇ ਪਹਿਰਾ ਦਿੰਦੇ ਹੋਏ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦੀ ਦਿਸ਼ਾ ਵਿਚ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸੁਫ਼ਨੇ ਨੂੰ ਸਾਕਾਰ ਕਰਨ ਵਿਚ ਨੌਜਵਾਨਾਂ ਦੀ ਅਹਿਮ ਭੂਮਿਕਾ ਹੈ। ਉਹ ਬੀਤੇ ਦਿਨ ਪਿੰਡ ਢੋਲਣਵਾਲ ਵਿਚ ਵੱਖ-ਵੱਖ ਵਿਕਾਸ ਕਾਰਜ ਲਈ ਚੈੱਕ ਸੌਂਪਣ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਪਿੰਡ ਨੂੰ 4 ਲੱਖ ਰੁਪਏ ਦੇ ਚੈੱਕ ਸੌਂਪੇ, ਜਿਸ ਵਿਚ 2 ਲੱਖ ਰੁਪਏ ਪਿੰਡ ਦੇ ਸਰਕਾਰੀ ਐਲੀਮੈਂਟਰੀ ਸਕੂਲ ਨੂੰ ਅਤੇ 2 ਲੱਖ ਰੁਪਏ ਪਿੰਡ ਦੀ ਗਰਾਊਂਡ ਲਈ ਦਿੱਤੇ। 

ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਆਯੋਜਨ ਕਰਵਾਇਆ ਗਿਆ, ਜਿਸ ਵਿਚ ਸੂਬੇ ਦੇ 5 ਲੱਖ ਨੌਜਵਾਨਾਂ ਨੇ ਹਿੱਸਾ ਲਿਆ। ਇਸ ਤਰ੍ਹਾਂ ਦੇ ਆਯੋਜਨ ਨਾਲ ਨੌਜਵਾਨਾਂ ਨੂੰ ਨਵੀਂ ਦਿਸ਼ਾ ਮਿਲਦੀ ਹੈ ਅਤੇ ਉਹ ਨਸ਼ੇ ਤੋਂ ਦੂਰ ਰਹਿ ਕੇ ਖੇਡਾਂ ਵੱਲ ਧਿਆਨ ਦਿੰਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਲਗਾਤਾਰ ਪਿੰਡਾਂ ਦਾ ਦੌਰਾ ਕਰ ਰਹੇ ਹਨ, ਤਾਂ ਜੋ ਪਿੰਡਾਂ ਦੀਆਂ ਮੰਗਾਂ ਅਨੁਸਾਰ ਕੰਮ ਕਰਵਾ ਕੇ ਪਿੰਡਾਂ ਦੀ ਨੁਹਾਰ ਬਦਲੀ ਜਾ ਸਕੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਜਾ ਕੇ ਪਤਾ ਲੱਗਦਾ ਹੈ ਕਿ ਸਬੰਧਤ ਪਿੰਡ ਦੀਆਂ ਕਿਹੜੀਆਂ ਮੁਸ਼ਕਿਲਾਂ ਹਨ।

ਇਹ ਵੀ ਪੜ੍ਹੋ :  ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਕੇਸ ਦਰਜ, ਜਾਣੋ ਕੀ ਹੈ ਮਾਮਲਾ

ਉਨ੍ਹਾਂ ਕਿਹਾ ਕਿ ਜਿੱਥੇ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਜਾਵੇਗੀ, ਉਥੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਨੂੰ ਸੁਚਾਰੂ ਢੰਗ ਨਾਲ ਯੋਗ ਵਿਅਕਤੀਆਂ ਤੱਕ ਪਹੁੰਚਾਇਆ ਜਾਵੇਗਾ। ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਵਿਸ਼ੇਸ਼ ਤੌਰ ’ਤੇ ਵਿਕਾਸ ਕਾਰਜਾਂ ਦੇ ਨਾਲ-ਨਾਲ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਚੈੱਕ ਸੌਂਪੇ ਜਾ ਰਹੇ ਹਨ, ਤਾਂ ਜੋ ਪੰਜਾਬ ਦੀ ਜਵਾਨੀ ਨੂੰ ਤੰਦਰੁਸਤ ਤੇ ਸਿਹਤਮੰਦ ਬਣਾਇਆ ਜਾ ਸਕੇ। ਉਨ੍ਹਾਂ ਅਪੀਲ ਕਰਦੇ ਹੋਏ ਕਿਹਾ ਕਿ ਪਿੰਡ ਵਾਸੀ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋਣ, ਕਿਉਂਕਿ ਇਕਜੁੱਟਤਾ ਨਾਲ ਹੀ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕਦਾ ਹੈ। ਇਸ ਮੌਕੇ ਬੀ. ਡੀ. ਪੀ. ਓ. ਸੁਖਜਿੰਦਰ ਸਿੰਘ, ਸਰਪੰਚ ਆਤਮਾ ਰਾਮ, ਰਜਿੰਦਰ ਕੁਮਾਰ, ਅਮਨਦੀਪ ਸੈਣੀ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

ਇਹ ਵੀ ਪੜ੍ਹੋ :  ਜਲੰਧਰ ਵਿਖੇ ਸਪਾ ਸੈਂਟਰ 'ਚ ਪੁਲਸ ਦੀ ਰੇਡ, ਇਤਰਾਜ਼ਯੋਗ ਹਾਲਾਤ 'ਚ ਮਿਲੀਆਂ ਕੁੜੀਆਂ, ਸਮੱਗਰੀ ਵੀ ਹੋਈ ਬਰਾਮਦ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News