ਅਹੁਦਾ ਸੰਭਾਂਲਦਿਆਂ ਐਕਸ਼ਨ ਮੰਤਰੀ ਡਾ. ਰਵਜੋਤ ਸਿੰਘ, ਤੁਰੰਤ ਕੀਤੀ ਅਧਿਕਾਰੀਆਂ ਨਾਲ ਮੀਟਿੰਗ

Wednesday, Sep 25, 2024 - 05:48 PM (IST)

ਅਹੁਦਾ ਸੰਭਾਂਲਦਿਆਂ ਐਕਸ਼ਨ ਮੰਤਰੀ ਡਾ. ਰਵਜੋਤ ਸਿੰਘ, ਤੁਰੰਤ ਕੀਤੀ ਅਧਿਕਾਰੀਆਂ ਨਾਲ ਮੀਟਿੰਗ

ਚੰਡੀਗੜ੍ਹ : ਪੰਜਾਬ ਦੇ ਨਵ-ਨਿਯੁਕਤ ਸਥਾਨਕ ਸਰਕਾਰਾਂ ਅਤੇ ਸੰਸਦੀ-ਕਾਜ਼ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਮਿਊਂਸਪਲ ਭਵਨ ਵਿਖੇ ਲੋਕ ਸਭਾ ਮੈਂਬਰ ਰਾਜ ਕੁਮਾਰ ਚੱਬੇਵਾਲ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਭਜਨ ਸਿੰਘ ਈ.ਟੀ.ਓ. ਦੀ ਹਾਜ਼ਰੀ ਵਿਚ ਬਤੌਰ ਕੈਬਨਿਟ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਿਧਾਇਕ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ। ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਉਨ੍ਹਾਂ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦਿਆਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਭਲਾਈ ਅਤੇ ਵਿਕਾਸ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਕੋਸ਼ਿਸ਼ ਕਰਨਗੇ। 

ਅਹੁਦਾ ਸੰਭਾਲਣ ਉਪਰੰਤ ਕੈਬਨਿਟ ਮੰਤਰੀ ਰਵਜੋਤ ਸਿੰਘ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕੀਤੀ। ਇਸ ਮੌਕੇ ਵਿਭਾਗ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਵੱਖ-ਵੱਖ ਸਕੀਮਾਂ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਅਤੇ ਯੋਜਨਾਵਾਂ ਤੋਂ ਜਾਣੂੰ ਕਰਵਾਇਆ। ਡਾ. ਰਵਜੋਤ ਸਿੰਘ ਨੇ ਇਸ ਮੌਕੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚਲ ਰਹੇ ਵਿਕਾਸ ਕਾਰਜਾਂ ਦੀ ਸਟੇਟਸ ਰਿਪੋਰਟ ਬਣਾਈ ਜਾਵੇ ਤਾਂ ਜੋ ਪੇਸ਼ ਆ ਰਹੀਆਂ ਔਕੜਾਂ ਨੂੰ ਦੂਰ ਕਰਕੇ ਇੰਨ੍ਹਾਂ ਨੂੰ ਤੇਜੀ ਨਾਲ ਮੁਕੰਮਲ ਕੀਤਾ ਜਾ ਸਕੇ।

ਸੂਬੇ ਦੀ ਤਰੱਕੀ ਲਈ ਸਮੁੱਚੇ ਵਿਭਾਗ ਨੂੰ ਇਕ ਟੀਮ ਵਜੋਂ ਕੰਮ ਕਰਨ ਦੇ ਨਿਰਦੇਸ਼ ਦਿੰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਨਿਸ਼ਾਨਾ ਆਪਣੀ ਪਾਰਟੀ ਦੀਆਂ ਨੀਤੀਆਂ ਤੇ ਚੱਲਦਿਆਂ ਸਥਾਨਕ ਸਰਕਾਰਾਂ ਵਰਗੇ ਅਤਿ-ਮਹੱਤਵਪੂਰਨ ਵਿਭਾਗ ਵਿਚ ਸਾਫ-ਸੁਥਰਾ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਯਕੀਨੀ ਬਨਾਉਣਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਟੀਚੇ ਨੂੰ ਹਕੀਕੀ ਜਾਮਾ ਪਹਿਨਾਉਣ ਲਈ ਉਹ ਪੂਰੀ ਇੱਛਾ ਸ਼ਕਤੀ ਨਾਲ ਕੰਮ ਕਰਨ। ਇਸ ਮੌਕੇ ਮੀਟਿੰਗ ਵਿਚ ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਅਤੇ ਪੀ.ਐਮ.ਆਈ.ਡੀ.ਸੀ ਦੇ ਸੀ.ਈ.ਓ ਦੀਪਤੀ ਉੱਪਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।


author

Gurminder Singh

Content Editor

Related News