ਸਾਰੇ ਵਾਅਦੇ ਪੂਰੇ ਜੋਸ਼ ਨਾਲ ਨਿਭਾਵਾਂਗੇ : ਕੈਬਨਿਟ ਮੰਤਰੀ ਹਰਭਜਨ ਸਿੰਘ

Tuesday, Mar 22, 2022 - 04:47 PM (IST)

ਸਾਰੇ ਵਾਅਦੇ ਪੂਰੇ ਜੋਸ਼ ਨਾਲ ਨਿਭਾਵਾਂਗੇ : ਕੈਬਨਿਟ ਮੰਤਰੀ ਹਰਭਜਨ ਸਿੰਘ

ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ ਅਗਵਾਈ ਹੇਠ ਚੋਣ ਪ੍ਰਚਾਰ ਦੌਰਾਨ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰੇਗੀ। ਹਰਭਜਨ ਸਿੰਘ ਨੇ ਅੱਜ ਇੱਥੇ ਸਿਵਲ ਸਕੱਤਰੇਤ ਵਿਖੇ ਆਪਣਾ ਅਹੁਦਾ ਸੰਭਾਲਦਿਆਂ ਕਿਹਾ ਕਿ ਸੂਬਾ ਸਰਕਾਰ ਸੂਬੇ ਦੀ ਪੁਰਾਣੀ ਸ਼ਾਨ ਨੂੰ ਮੁੜ ਬਹਾਲ ਕਰੇਗੀ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਉੱਚਾ ਚੁੱਕਣ ਦਾ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨਿਵੇਸ਼ ਲਈ ਢੁਕਵਾਂ ਮਾਹੋਲ ਪ੍ਰਦਾਨ ਕਰੇਗੀ ਜਿਸ ਨਾਲ ਸੂਬੇ ਦੇ ਲੋਕਾਂ ਨੂੰ ਰੁਜ਼ਗਾਰ ਦੇ ਭਰਪੂਰ ਮੌਕੇ ਮਿਲਣਗੇ। ਬੁਨਿਆਦੀ ਢਾਂਚੇ ਦੀ ਫੌਰੀ ਦੇਖਭਾਲ ਦੀ ਲੋੜ ਨੂੰ ਸਵੀਕਾਰ ਕਰਦੇ ਹੋਏ, ਕੈਬਨਿਟ ਮੰਤਰੀ ਨੇ ਕਿਹਾ ਕਿ ਇਤਿਹਾਸਕ ਇਮਾਰਤਾਂ ਦੀ ਸਾਂਭ-ਸੰਭਾਲ ਦੀ ਸਖ਼ਤ ਲੋੜ ਹੈ ਅਤੇ ਉਹ ਪਹਿਲ ਦੇ ਅਧਾਰ ’ਤੇ ਇਨ੍ਹਾਂ ਦੀ ਸੰਭਾਲ ਲਈ ਪੂਰੇ ਯਤਨ ਕਰਨਗੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਭਜਨ ਸਿੰਘ ਨੇ ਵਿਸ਼ਵਾਸ ਪ੍ਰਗਟਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਸੁਹਿਰਦਤਾ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਰੁਜ਼ਗਾਰ ਮੁਹੱਈਆ ਕਰਵਾਉਣ ਅਤੇ ਪੰਜਾਬ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਕੰਮ ਕਰੇਗੀ। ਇਸ ਅਹੁਦੇ ਲਈ ਚੁਣੇ ਜਾਣ ਲਈ ਉਨ੍ਹਾਂ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਨ ਦੇ ਨਾਲ-ਨਾਲ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਨੂੰ ਰਾਜ ਦਾ ਸ਼ਾਸਨ ਚਲਾਉਣ ਲਈ ਸਪੱਸ਼ਟ ਫਤਵਾ ਦੇਣ ਲਈ ਪੰਜਾਬ ਦੇ ਲੋਕਾਂ ਦਾ ਵੀ ਧੰਨਵਾਦ ਕੀਤਾ।

ਜ਼ਿਕਰਯੋਗ ਹੈ ਕਿ ਜੰਡਿਆਲਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਰਭਜਨ ਸਿੰਘ 2012 ਵਿਚ ਆਬਕਾਰੀ ਤੇ ਕਰ ਅਧਿਕਾਰੀ ਬਣੇ ਸਨ ਪਰ ਉਨ੍ਹਾਂ ਨੇ 2017 ਵਿਚ ਈ. ਟੀ. ਓ. ਦੇ ਅਹੁਦੇ ਤੋਂ ਸਵੈ-ਇੱਛਾ ਨਾਲ ਸੇਵਾਮੁਕਤੀ ਲੈ ਲਈ ਸੀ।ਉਹ ਜੰਡਿਆਲਾ ਹਲਕੇ ਤੋਂ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ 25000 ਤੋਂ ਵੱਧ ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ ਸੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਕੁਲਵੰਤ ਪੰਡੋਰੀ, ਵਿਧਾਇਕ ਦਿਨੇਸ਼ ਚੱਢਾ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਦਲੀਪ ਕੁਮਾਰ, ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ ਵਿਕਾਸ ਪ੍ਰਤਾਪ, ਚੇਅਰਮੈਨ-ਕਮ ਮੈਨੇਜਿੰਗ ਡਾਇਰੈਕਟਰ (ਪੀਐਸਪੀਸੀਐਲ) ਬਲਦੇਵ ਸਿੰਘ ਸਰਾਂ ਮੌਜੂਦ ਸਨ।


author

Gurminder Singh

Content Editor

Related News