ਪੰਜਾਬ ਦੇ ਸਭ ਤੋਂ ਘੱਟ ਉਮਰ ਦੇ ਮੰਤਰੀ ਨੇ ਸੰਭਾਲਿਆ ਅਹੁਦਾ, ਕਿਹਾ ਇਮਾਨਦਾਰੀ ਨਾਲ 24 ਘੰਟੇ ਕੰਮ ਕਰਾਂਗੇ

03/22/2022 5:42:36 PM

ਚੰਡੀਗੜ੍ਹ : ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ 9 ਵਜੇ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਪੰਜਾਬ ਦੇ ਸਭ ਤੋਂ ਛੋਟੀ ਉਮਰ ਦੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਬੈਂਸ ਨੇ ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਜੇਲ੍ਹਾਂ ਅਤੇ ਕਾਨੂੰਨ ਤੇ ਵਿਧਾਨਿਕ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਹੈ। ਅਹੁਦਾ ਸੰਭਾਲਣ ਦੀਆਂ ਰਸਮਾਂ ਮੁਕੰਮਲ ਕਰਨ ਉਪਰੰਤ ਬੈਂਸ ਵਿਧਾਨ ਸਭਾ ਸੈਸ਼ਨ ਵਿਚ ਸਮੇਂ ਸਿਰ ਸ਼ਾਮਲ ਹੋਣ ਲਈ ਰਵਾਨਾ ਹੋ ਗਏ। ਜ਼ਿਕਰਯੋਗ ਹੈ ਕਿ ਗੈਰ-ਸਿਆਸੀ ਪਿਛੋਕੜ ਵਾਲੇ ਹਰਜੋਤ ਸਿੰਘ ਬੈਂਸ ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ ਹਨ। ਹਰਜੋਤ ਸਿੰਘ ਬੈਂਸ ਨੇ 2014 ਵਿਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਬੀ.ਏ. ਐੱਲ.ਐੱਲ.ਬੀ. (ਆਨਰਜ਼) ਅਤੇ 2018 ਵਿਚ ਲੰਡਨ ਸਕੂਲ ਆਫ਼ ਇਕਨਾਮਿਕਸ ਐਂਡ ਪੋਲੀਟਿਕਲ ਸਾਇੰਸ (ਐੱਲ.ਐੱਸ.ਈ.), ਲੰਡਨ ਯੂ.ਕੇ. ਤੋਂ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਕਾਨੂੰਨ ਦੀ ਡਿਗਰੀ ਹਾਸਲ ਕੀਤੀ ਹੈ।

ਅਹੁਦਾ ਸੰਭਾਲਣ ਉਪਰੰਤ ਬੈਂਸ ਨੇ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦੇਣ ਲਈ ਪਰਮਾਤਮਾ ਦਾ ਤਹਿ ਦਿਲੋਂ ਸ਼ੁਕਰਗੁਜ਼ਾਰ ਹਾਂ। ਉਨ੍ਹਾਂ ਕਿਹਾ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦੀ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੰਦੇ ਹਨ ਕਿ ਸੂਬੇ ਦੀ ਬਿਹਤਰੀ ਲਈ 24 ਘੰਟੇ ਪੂਰੀ ਸਰਗਰਮੀ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਅਲਾਟ ਕੀਤੇ ਗਏ ਵਿਭਾਗਾਂ ਵਿਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮੈਂ 3 ਤੋਂ 6 ਮਹੀਨਿਆਂ ਵਿਚ ਨਵੀਂ ਖਣਨ ਨੀਤੀ ਲਿਆਵਾਂਗਾ, ਜੋ ਕਿ ਮੁੱਖ ਰੂਪ ਵਿਚ ਸੂਬੇ ਦੇ ਖਜ਼ਾਨੇ ਨੂੰ ਬਚਾਉਣ 'ਤੇ ਕੇਂਦਰਿਤ ਹੋਵੇਗੀ ਅਤੇ ਬਚਾਏ ਗਏ ਆਮਦਨੀ ਸਰੋਤਾਂ ਦੀ ਵਰਤੋਂ ਪੰਜਾਬ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਕੀਤੀ ਜਾਵੇਗੀ।
ਪੰਜਾਬ ਦੀਆਂ ਜੇਲ੍ਹਾਂ ਦੀ ਸਥਿਤੀ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਅਲਾਟ ਕੀਤੇ ਵਿਭਾਗਾਂ ਵਿੱਚੋਂ ਜੇਲ੍ਹ ਮਹਿਕਮਾ ਬਹੁਤ ਸੰਵੇਦਨਸ਼ੀਲ ਹੈ ਅਤੇ ਉਹ ਜੇਲ੍ਹਾਂ ਅੰਦਰ ਹੋਣ ਵਾਲੀ ਕਿਸੇ ਵੀ ਕਿਸਮ ਦੀ ਤਸਕਰੀ ਨੂੰ ਰੋਕਣ ਲਈ ਵੱਡੇ ਪੱਧਰ ’ਤੇ ਸੁਧਾਰ ਲਿਆਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਗੈਂਗਸਟਰਾਂ ਦੀਆਂ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਵੀ ਸਖ਼ਤ ਕਦਮ ਚੁੱਕੇ ਜਾਣਗੇ।

Gurminder Singh

This news is Content Editor Gurminder Singh