ਅਕਾਲੀ ਸਰਕਾਰ ਸਮੇਂ ਰਾਜ ਦੀ ਹੋਈ ਤਬਾਹੀ ਨੂੰ ਕਾਲੇ ਅੱਖਰਾਂ ਨਾਲ ਲਿਖਿਆ ਜਾਵੇਗਾ : ਧਰਮਸੌਤ

01/13/2019 1:40:04 PM

ਰੂਪਨਗਰ (ਵਿਜੇ) - ਸਥਾਨਕ ਨਹਿਰੂ ਸਟੇਡੀਅਮ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਰੂਪਨਗਰ ਜ਼ਿਲੇ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਦੇ ਸਰਪੰਚਾਂ, ਪੰਚਾਂ, ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਭਾਰਤੀ ਸੰਵਿਧਾਨ ਤਹਿਤ ਮਿਲੀਆਂ ਜ਼ਿੰਮੇਵਾਰੀਆਂ ਨੂੰ ਨਿਰਪੱਖਤਾ ਨਾਲ ਨਿਭਾਉਣ ਦੀ ਸਹੁੰ ਚੁਕਾਈ। ਇਸ ਮੌਕੇ ਪੰਜਾਬ ਦੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਧਰਮਸੌਤ ਨੇ 10 ਜ਼ਿਲਾ ਪ੍ਰੀਸ਼ਦ ਮੈਂਬਰਾਂ, 95 ਪੰਚਾਇਤ ਸੰਮਤੀ ਮੈਂਬਰਾਂ, 611 ਸਰਪੰਚਾਂ ਅਤੇ 3300 ਪੰਚਾਂ ਨੂੰ ਸਹੁੰ ਚੁਕਾਈ।

ਅਕਾਲੀ ਸਰਕਾਰ 'ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਮੁੱਖ ਮੰਤਰੀ, ਉਪ ਮੁੱਖ ਮੰਤਰੀ ਤੇ ਹੋਰ ਮੰਤਰੀਆਂ ਵਲੋਂ ਸੂਬੇ ਦੇ ਲੋਕਾਂ ਨੂੰ ਲੁੱਟਿਆ ਤੇ ਕੁੱਟਿਆ ਜਾਂਦਾ ਰਿਹਾ ਹੈ। ਉਨ੍ਹਾਂ ਦੇ ਰਾਜ 'ਚ ਸੂਬੇ 'ਚ ਉਦਯੋਗ ਅਤੇ ਟਰਾਂਸਪੋਰਟ ਤਬਾਹ ਹੋ ਗਿਆ ਹੈ। ਉਨ੍ਹਾਂ ਵਲੋਂ ਸੂਬੇ ਦੀ ਜਵਾਨੀ ਨੂੰ ਨਸ਼ਿਆਂ 'ਚ ਗਰਕ ਕਰ ਦਿੱਤਾ ਗਿਆ । ਏਸ਼ੀਆ ਦੀ ਸਭ ਤੋਂ ਵੱਡੀ ਲੋਹੇ ਦੀ ਮੰਡੀ ਕੇਵਲ 5 ਫੀਸਦੀ ਰਹਿ ਗਈ ਸੀ ਪਰ ਮੌਜੂਦ ਸਰਕਾਰ ਦੇ ਹੋਂਦ 'ਚ ਆਉਣ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਉਦਯੋਗ ਨੀਤੀ ਦੀ ਬਦੌਲਤ, ਜਿੱਥੇ ਗੋਬਿੰਦਗੜ੍ਹ ਵਿਖੇ 90 ਫੀਸਦੀ ਇੰਡਸਟਰੀ ਮੁੜ ਤੋਂ ਆ ਗਈ ਹੈ, ਉਥੇ 300 ਨਵੇਂ ਉਦਯੋਗ ਲੱਗ ਗਏ ਹਨ। ਨਸ਼ਿਆਂ ਦੇ ਸੌਦਾਗਰਾਂ ਨੂੰ ਜੇਲ 'ਚ ਡਕਿਆ ਗਿਆ ਹੈ। ਮੌਜੂਦਾ ਸਰਕਾਰ ਨੇ ਸੂਬੇ ਦੇ ਕਿਸਾਨਾਂ ਦਾ 2 ਲੱਖ 60 ਹਜ਼ਾਰ ਕਰੋੜ ਦਾ ਕਰਜ਼ਾ ਮੁਆਫ ਕੀਤਾ ਹੈ ਅਤੇ ਹੁਣ ਅਗਲੇ ਪੜਾਅ ਤਹਿਤ 5 ਏਕੜ ਤੱਕ ਦੇ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਜਾ ਰਿਹਾ ਹੈ। 4 ਲੱਖ ਬੇਰੋਜ਼ਗਾਰਾਂ ਨੂੰ ਸਰਕਾਰੀ ਅਤੇ ਗੈਰ-ਸਰਕਾਰੀ ਸੰਸਥਾਵਾਂ 'ਚ ਰੋਜ਼ਗਾਰ ਦਿੱਤਾ ਗਿਆ ਹੈ।

ਧੜੇਬੰਦੀ ਤੋਂ ਉੱਪਰ ਉੱਠ ਕੇ ਪਿੰਡਾਂ ਦਾ ਵਿਕਾਸ ਕਰਵਾਇਆ ਜਾਵੇ : ਚੰਨੀ
ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਵਲੋਂ ਜ਼ਿਲੇ ਦੇ ਨਵੇਂ ਚੁਣੇ ਪੰਚਾਂ-ਸਰਪੰਚਾਂ, ਸੰਮਤੀ ਤੇ ਜ਼ਿਲਾ ਪ੍ਰੀਸ਼ਦ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਧੜੇਬੰਦੀ ਤੋਂ ਉੱਪਰ ਉੱਠ ਕੇ ਪਿੰਡਾਂ ਦਾ ਵਿਕਾਸ ਕਰਵਾਇਆ ਜਾਵੇ ਤਾਂ ਜੋ ਲੋਕਾਂ ਨੂੰ ਆਪਣੇ ਫ਼ੈਸਲੇ ਦਾ ਕੋਈ ਪਛਤਾਵਾ ਨਾ ਹੋਵੇ। ਇਸ ਦੌਰਾਨ ਪ੍ਰਸਿੱਧ ਪੰਜਾਬੀ ਗਾਇਕ ਮਾਨ ਮਸਤਾਨਾ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਰਮਸੌਤ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੀਆਂ ਲੋਕ ਸਭਾ ਦੀਆਂ 13 ਦੀਆਂ 13 ਸੀਟਾਂ 'ਤੇ ਜਿੱਤ ਪ੍ਰਾਪਤ ਕਰੇਗੀ। ਇਸ ਮੌਕੇ ਬੀ. ਚੰਦਰਸ਼ੇਖਰ ਆਈ ਜੀ.ਐੱਸ.ਟੀ.ਐੱਫ., ਸਵਪਨ ਸ਼ਰਮਾ ਸੀਨੀਅਰ ਪੁਲਸ ਕਪਤਾਨ, ਅਮਰਦੀਪ ਸਿੰਘ ਗੁਜਰਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਆਦਿ ਤੋਂ ਇਲਾਵਾ ਪੰਚ, ਸਰਪੰਚ, ਬਲਾਕ ਸੰਮਤੀ ਅਤੇ ਜ਼ਿਲਾ ਪ੍ਰੀਸ਼ਦ ਦੇ ਮੈਂਬਰ ਹਾਜ਼ਰ ਸਨ।

rajwinder kaur

This news is Content Editor rajwinder kaur