ਕੈਬਨਿਤ ਮੰਤਰੀ ਵਲੋਂ 10ਵੀਂ ਜਮਾਤ ਦੀ ਪ੍ਰੀਖਿਆ ’ਚ ਅੱਵਲ ਰਹਿਣ ਵਾਲੇ ਵਿਦਿਆਰਥੀ ਸਨਮਾਨਤ

05/28/2023 6:09:22 PM

ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਦੇ ਹਰਜੀ ਰਾਮ ਸੀਨੀਅਰ ਸੈਕੰਡਰੀ ਸਕੂਲ ਦੇ 10ਵੀਂ ਜਮਾਤ ਵਿਚੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੋਨੇ-ਕੋਨੇ ਵਿਚ ਮਿਆਰੀ ਸਿੱਖਿਆ ਦਾ ਚਾਨਣ ਫੈਲਾਉਣ ਲਈ ਕੀਤੇ ਜਾ ਰਹੇ ਠੋਸ ਉਪਰਾਲਿਆਂ ਦਾ ਨਤੀਜਾ ਹੈ।  ਉਨ੍ਹਾਂ ਨੇ ਇਸ ਪ੍ਰੀਖਿਆ ਨੂੰ ਸ਼ਾਨਦਾਰ ਢੰਗ ਨਾਲ ਪਾਸ ਕਰਨ ਵਾਲੇ ਹਰਜੀ ਰਾਮ ਸੀਨੀਅਰ ਸੈਕੰਡਰੀ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ੳਨ੍ਹਾਂ ਦੀ ਲਗਨ ਅਤੇ ਮਿਹਨਤ ਦੀ ਤਾਰੀਫ਼ ਕੀਤੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ 11ਵੀਂ ਅਤੇ 12ਵੀਂ ਜਮਾਤ ਦੇ ਲੋੜਵੰਦ ਵਿਦਿਆਰਥੀਆਂ ਨੂੰ ਮੈਡੀਕਲ ਅਤੇ ਨਾਨ-ਮੈਡੀਕਲ ਵਿਸ਼ਿਆਂ ਦੀਆਂ ਕਿਤਾਬਾਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਭੇਂਟ ਕੀਤੀਆਂ। ਜਿਸ ਦਾ ਉਦੇਸ਼ ਇਨ੍ਹਾਂ ਚਾਹਵਾਨ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਉੱਚ ਸਿੱਖਿਆ ਦੀ ਪ੍ਰਾਪਤੀ ਵਿਚ ਸਹਾਇਤਾ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਬੱਚਿਆ ਦੇ ਬੈਠਣ ਲਈ ਐਡਵਰਡ ਗੰਜ ਸੰਸਥਾ, ਮਲੋਟ ਵੱਲੋਂ ਬੈਂਚ ਦਾਨ ਕੀਤੇ ਗਏ।

ਡਾ. ਬਲਜੀਤ ਕੌਰ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਅਤੇ ਐਡਵਰਡ ਗੰਜ ਸੰਸਥਾ, ਮਲੋਟ ਵੱਲੋਂ ਪਾਏ ਜਾ ਰਹੇ ਉੱਤਮ ਯੋਗਦਾਨ ਦੀ ਪ੍ਰਸ਼ੰਸਾ ਕੀਤੀ, ਜੋ ਕਿ ਵਿਦਿਆਰਥੀਆਂ ਦੇ ਅਕਾਦਮਿਕ ਸਫ਼ਰ 'ਤੇ ਮਹੱਤਵਪੂਰਨ ਪ੍ਰਭਾਵ ਪਾਏਗਾ। ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵਿਦਿਆਰਥੀ ਹੋਰ ਵਿਦਿਆਰਥੀਆਂ ਲਈ ਰੋਲ ਮਾਡਲ ਬਣਨਗੇ ਅਤੇ ਉਨ੍ਹਾਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਕੇ ਸਿੱਖਿਆ ਦੇ ਖੇਤਰ ਵਿੱਚ ਉੱਤਮ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਨਗੇ।

Gurminder Singh

This news is Content Editor Gurminder Singh