ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ ਉਸਾਰੇ ਜਾਣਗੇ 25000 ਮਕਾਨ, ਮੰਤਰੀ ਅਮਨ ਅਰੋੜਾ ਨੇ ਦਿੱਤੀ ਅਹਿਮ ਜਾਣਕਾਰੀ

03/12/2023 12:10:29 AM

ਚੰਡੀਗੜ੍ਹ : ਪੰਜਾਬ ਦੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦਾ ਆਪਣੇ ਮਕਾਨ ਦਾ ਸੁਪਨਾ ਸਾਕਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਈ.ਡਬਲਿਊ.ਐੱਸ. ਹਾਊਸਿੰਗ ਪਾਲਿਸੀ ਤਹਿਤ ਸੂਬੇ ਭਰ ਵਿੱਚ ਪੜਾਅਵਾਰ 25,000 ਮਕਾਨਾਂ ਦਾ ਨਿਰਮਾਣ ਕੀਤਾ ਜਾਵੇਗਾ ਅਤੇ ਪਹਿਲੇ ਪੜਾਅ ਤਹਿਤ ਤਕਰੀਬਨ 15000 ਮਕਾਨ ਉਸਾਰੇ ਜਾਣਗੇ। ਇਹ ਜਾਣਕਾਰੀ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਪੰਜਾਬ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਦਿੱਤੀ।

ਇਹ ਵੀ ਪੜ੍ਹੋ : ਵਿੱਤ ਮੰਤਰੀ ਚੀਮਾ ਨੇ ਬਜਟ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਦਿੱਤੇ ਸੁਝਾਵਾਂ ਦਾ ਕੀਤਾ ਸੁਆਗਤ, ਕਹੀਆਂ ਅਹਿਮ ਗੱਲਾਂ 

ਐੱਸ.ਏ.ਐਸ. ਨਗਰ (ਮੋਹਾਲੀ) ਤੋਂ ਵਿਧਾਇਕ ਕੁਲਵੰਤ ਸਿੰਘ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਥਾਵਾਂ 'ਤੇ ਇਨ੍ਹਾਂ ਮਕਾਨਾਂ ਦਾ ਨਿਰਮਾਣ ਕੀਤਾ ਜਾਣਾ ਹੈ, ਉਨ੍ਹਾਂ ਦੀ ਸ਼ਨਾਖ਼ਤ ਸਾਰੀਆਂ ਵਿਸ਼ੇਸ਼ ਸ਼ਹਿਰੀ ਵਿਕਾਸ ਅਥਾਰਟੀਆਂ (ਗਮਾਡਾ, ਗਲਾਡਾ, ਪੀ.ਡੀ.ਏ, ਬੀ.ਡੀ.ਏ, ਜੇ.ਡੀ.ਏ ਅਤੇ ਏ.ਡੀ.ਏ) ਨੇ ਕਰ ਲਈ ਹੈ ਅਤੇ ਇਸ ਸਬੰਧੀ ਟੈਂਡਰ ਜਾਰੀ ਕਰਨ ਦੀ ਪ੍ਰਕਿਰਿਆ ਜਲਦ ਹੀ ਸ਼ੁਰੂ ਕਰ ਦਿੱਤੀ ਜਾਵੇਗੀ। ਅਮਨ ਅਰੋੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਸੂਬੇ ਵਿੱਚ 14 ਹਜ਼ਾਰ ਤੋਂ ਵੱਧ ਅਣ-ਅਧਿਕਾਰਤ ਕਾਲੋਨੀਆਂ ਬਣ ਗਈਆਂ ਹਨ ਅਤੇ ਈ.ਡਬਲਿਊ.ਐਸ. ਹਾਊਸਿੰਗ ਨੂੰ ਅਣਗੌਲਿਆ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਸਮਾਰਟਫ਼ੋਨ, ਏਸੀ-ਫਰਿੱਜ ਦੀਆਂ ਕੀਮਤਾਂ ਘਟੀਆਂ, ਤਿੰਨ ਸਾਲਾਂ 'ਚ ਪਹਿਲੀ ਵਾਰ ਸਸਤਾ ਹੋਇਆ ਇਲੈਕਟ੍ਰਾਨਿਕ ਸਾਮਾਨ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨੂੰ ਵਾਜਿਬ ਕੀਮਤ ਉਤੇ ਆਪਣਾ ਮਕਾਨ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਉਨ੍ਹਾਂ ਪ੍ਰਮੋਟਰਾਂ ਨੂੰ ਕਬਜ਼ਾ ਸੌਂਪਣ ਲਈ ਨੋਟਿਸ ਜਾਰੀ ਕੀਤੇ ਗਏ ਹਨ, ਜਿਨ੍ਹਾਂ ਨੇ ਨੀਤੀ ਅਨੁਸਾਰ ਈ.ਡਬਲਿਊ.ਐਸ. ਹਾਊਸਿੰਗ ਲਈ ਰਾਖਵੀਂ ਜ਼ਮੀਨ ਦਾ ਕਬਜ਼ਾ ਨਹੀਂ ਸੌਂਪਿਆ।

ਇਹ ਵੀ ਪੜ੍ਹੋ : 2 ਬੱਚਿਆਂ ਦੇ ਪਿਓ ਨੇ ਚੁੱਕਿਆ ਖੌਫ਼ਨਾਕ ਕਦਮ, ਜਾਂਚ 'ਚ ਜੁਟੀ ਪੁਲਸ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਿਹਾ ਕਿ ਈ.ਡਬਲਿਊ.ਐਸ. ਹਾਊਸਿੰਗ ਲਈ ਰਾਖਵੀਂ ਰੱਖੀ 300.45 ਏਕੜ ਜ਼ਮੀਨ ਸੂਬਾ ਸਰਕਾਰ ਕੋਲ ਮੌਜੂਦ ਹੈ। ਉਨ੍ਹਾਂ ਦੱਸਿਆ ਕਿ 9 ਬਿਲਡਰਾਂ ਵੱਲੋਂ ਈ.ਡਬਲਿਊ.ਐਸ. ਲਈ 520 ਫਲੈਟ ਰਾਖਵੇਂ ਰੱਖੇ ਹਨ, ਜਿਨ੍ਹਾਂ ਵਿੱਚੋਂ 8 ਬਿਲਡਰਾਂ ਵੱਲੋਂ ਗਮਾਡਾ ਅਧੀਨ ਖੇਤਰ ਵਿੱਚ 249 ਫਲੈਟ ਅਤੇ ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ) ਦੇ ਖੇਤਰ ਅਧੀਨ ਇੱਕ ਬਿਲਡਰ ਵੱਲੋਂ 271 ਫਲੈਟ ਰਾਖਵੇਂ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ 23 ਬਿਲਡਰਾਂ ਵੱਲੋਂ ਫਲੈਟ ਅਲਾਟ ਕਰਨ ਦੀ ਬਜਾਏ 32.84 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ। ਇਹ ਫੰਡ ਈ.ਡਬਲਿਊ.ਐਸ. ਹੈੱਡ ਵਿੱਚ ਜਮ੍ਹਾਂ ਕਰਵਾਏ ਗਏ ਹਨ, ਜਿਨ੍ਹਾਂ ਦੀ ਵਰਤੋਂ ਈ.ਡਬਲਿਊ.ਐਸ. ਮਕਾਨਾਂ ਦੀ ਉਸਾਰੀ ਲਈ ਕੀਤੀ ਜਾਵੇਗੀ।


Mandeep Singh

Content Editor

Related News