ਕੈਬਨਿਟ ਮੰਤਰੀ ਬਲਜੀਤ ਕੌਰ ਨੇ ਫਾਜ਼ਿਲਕਾ ਜ਼ਿਲ੍ਹੇ ਦਾ ਕੀਤਾ ਦੌਰਾ

Monday, Sep 01, 2025 - 02:28 PM (IST)

ਕੈਬਨਿਟ ਮੰਤਰੀ ਬਲਜੀਤ ਕੌਰ ਨੇ ਫਾਜ਼ਿਲਕਾ ਜ਼ਿਲ੍ਹੇ ਦਾ ਕੀਤਾ ਦੌਰਾ

ਫਾਜ਼ਿਲਕਾ (ਨਾਗਪਾਲ, ਲੀਲਾਧਰ) : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਦੌਰੇ ਦੌਰਾਨ ਪਿੰਡ ਨੂਰ ਸ਼ਾਹ ਨੇੜੇ ਚੰਦ ਭਾਨ ਡਰੇਨ ਦੇ ਕੋਲ ਰਹਿ ਰਹੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲ ਕੇ ਆਪਣੇ ਹੱਥੀਂ ਰਾਹਤ ਸਮੱਗਰੀ ਉਨ੍ਹਾਂ ਨੂੰ ਵੰਡੀ। ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਅਬੋਹਰ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ। ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਹਰ ਮਦਦ ਮੁਹੱਈਆ ਕਰਵਾ ਰਹੀ ਹੈ ਅਤੇ ਹੜ੍ਹ ਰਾਹਤ ਕਾਰਜਾਂ ਲਈ ਫੰਡ ਦੀ ਕੋਈ ਘਾਟ ਨਹੀਂ ਹੈ।

ਉਨ੍ਹਾਂ ਕਿਹਾ ਕਿ ਫਾਜ਼ਿਲਕਾ ਹਲਕੇ ’ਚ ਹੀ 70 ਲੱਖ ਰੁਪਏ ਤੋਂ ਵੱਧ ਦੀ ਰਾਹਤ ਸਮੱਗਰੀ ਦੀ ਵੰਡ ਸਰਕਾਰੀ ਟੀਮਾਂ ਵੱਲੋਂ ਲੋਕਾਂ ਨੂੰ ਕੀਤੀ ਗਈ ਹੈ। ਹੁਣ ਤੱਕ 4558 ਰਾਸ਼ਨ ਕਿੱਟਾਂ ਦੀ ਵੰਡ ਲੋਕਾਂ ਨੂੰ ਕੀਤੀ ਗਈ ਹੈ ਅਤੇ 2017 ਬੈਗ ਕੈਟਲ ਫੀਡ ਵੰਡੀ ਗਈ ਹੈ। ਰਾਹਤ ਕੈਂਪਾਂ ’ਚ ਵੀ ਲੋਕਾਂ ਨੂੰ ਹਰ ਤਰ੍ਹਾਂ ਦੀ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨੇ ਸਰਹੱਦੀ ਲੋਕਾਂ ਦੇ ਹੌਂਸਲੇ ਦੀ ਦਾਦ ਦਿੰਦਿਆਂ ਕਿਹਾ ਕਿ ਸਰਕਾਰ ਹਰ ਹੀਲੇ ਲੋਕਾਂ ਦੀ ਮਦਦ ਕਰ ਰਹੀ ਹੈ ਅਤੇ ਬਾਰਿਸ਼ ਦਾ ਪਾਣੀ ਘਟਣ ਤੋਂ ਬਾਅਦ ਗਿਰਦਾਵਰੀ ਕਰਾ ਕੇ ਹਰ ਤਰ੍ਹਾਂ ਦੇ ਨੁਕਸਾਨ ਦੀ ਭਰਪਾਈ ਸਰਕਾਰ ਵੱਲੋਂ ਕੀਤੀ ਜਾਵੇਗੀ।


author

Babita

Content Editor

Related News