ਮੰਤਰੀ ਚੰਨੀ ਵੱਲੋਂ ਸ੍ਰੀ ਆਨੰਦਪੁਰ ਸਾਹਿਬ 'ਚ 29 ਕਰੋੜ ਦੇ ਪ੍ਰਾਜੈਕਟਾਂ ਦੀ ਕੀਤੀ ਗਈ ਸ਼ੁਰੂਆਤ

Thursday, Jun 04, 2020 - 05:42 PM (IST)

ਮੰਤਰੀ ਚੰਨੀ ਵੱਲੋਂ ਸ੍ਰੀ ਆਨੰਦਪੁਰ ਸਾਹਿਬ 'ਚ 29 ਕਰੋੜ ਦੇ ਪ੍ਰਾਜੈਕਟਾਂ ਦੀ ਕੀਤੀ ਗਈ ਸ਼ੁਰੂਆਤ

ਸ੍ਰੀ ਅਨੰਦਪੁਰ ਸਾਹਿਬ (ਚੋਵੇਸ਼ ਲਟਾਵਾ)— ਸ੍ਰੀ ਆਨੰਦਪੁਰ ਸਾਹਿਬ ਦੇ ਸੁੰਦਰੀਕਰਨ ਲਈ 29 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਕਈ ਪ੍ਰਾਜੈਕਟਾਂ ਦੀ ਸ਼ੁਰੂਆਤ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਅਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਨੇੜੇ ਟੱਕ ਲਗਾ ਕੇ ਕੀਤੀ। ਇਸ ਤੋਂ ਪਹਿਲਾਂ ਪਾਠੀ ਸਿੰਘ ਨੇ ਇਨ੍ਹਾਂ ਵਿਕਾਸ ਕਾਰਜਾਂ ਦੀ ਅਰੰਭਤਾ ਲਈ ਅਰਦਾਸ ਕੀਤੀ। ਇਸ ਮੌਕੇ 'ਤੇ ਬੋਲਦੇ ਹੋਏ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਜਦੋਂ ਵੀ ਪੰਜਾਬ 'ਚ ਕਾਂਗਰਸ ਪਾਰਟੀ ਦੀ ਸਰਕਾਰ ਆਈ ਹੈ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦਾ ਸਰਵਪੱਖੀ ਵਿਕਾਸ ਹੋਇਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਹੀ ਸ੍ਰੀ ਆਨੰਦਪੁਰ ਸਾਹਿਬ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਹੈ, ਜਿਸ ਸਦਕਾ ਸ੍ਰੀ ਆਨੰਦਪੁਰ ਸਾਹਿਬ 'ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਹੋ ਗਏ ਹਨ।

ਉਨ੍ਹਾਂ ਕਿਹਾ ਕਿ 29 ਕਰੋੜ ਰੁਪਏ ਦੇ ਜੋ ਪ੍ਰਾਜੈਕਟ ਅੱਜ ਸ਼ੁਰੂ ਹੋਏ ਹਨ, ਉਹ ਪੰਜਾਬ ਹੈਰੀਟੇਜ਼ ਅਤੇ ਟੂਰੀਜ਼ਿਮ ਪ੍ਰੋਮੋਸ਼ਨ ਬੋਰਡ ਵੱਲੋਂ ਮੁਕੰਮਲ ਕਰਵਾਏ ਜਾਣਗੇ। ਇਨ੍ਹਾਂ ਪ੍ਰਾਜੈਕਟਾਂ 'ਚ ਗੁਰਦੁਆਰਾ ਤਖਤ ਸ੍ਰੀ ਕੇਸਗੜ੍ਹ ਸਾਹਿਬ, ਭੋਰਾ ਸਾਹਿਬ ਅਤੇ ਫਤਿਹਗੜ੍ਹ ਸਾਹਿਬ ਨੂੰ ਜੋੜਨ ਵਾਲੀਆਂ ਸੜਕਾਂ ਦੀ ਸੁੰਦਰਤਾ 'ਤੇ 6 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰਾਂ ਕਿਲ੍ਹਾ ਸ੍ਰੀ ਆਨੰਦਗੜ੍ਹ ਸਾਹਿਬ ਤੋਂ ਤਖਤ ਸ੍ਰੀ ਕੇਸਗੜ ਸਾਹਿਬ ਤਕ ਦੀ ਸੜਕ ਦੀ ਸੁੰਦਰਤਾ ਲਈ 4.50 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਹ ਵੀ ਪੜ੍ਹੋ: ਫਿਰੋਜ਼ਪੁਰ ਦਾ ਥਾਣਾ ਬਣਿਆ ਜੰਗ ਦਾ ਮੈਦਾਨ, ਵਿਅਕਤੀ ਦੀ ਕੁੱਟਮਾਰ ਕਰਕੇ ਬਣਾਈ ਵੀਡੀਓ

ਉਨ੍ਹਾਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ 'ਚ ਜਿਹੜੇ ਹੋਰ ਪ੍ਰਾਜੈਕਟ ਸ਼ੁਰੂ ਹੋ ਰਹੇ ਹਨ, ਉਨ੍ਹਾਂ 'ਚ ਸ੍ਰੀ ਆਨੰਦਪੁਰ ਸਾਹਿਬ ਗੁਰਦੁਆਰਾ ਸਾਹਿਬ ਦਾ ਪਾਸਵੇਅ ਵਿਕਸਿਤ ਕਰਨਾ, ਚੀਮਾ ਪਾਰਕ ਦੀ ਸੁੰਦਰਤਾ ਲਈ 5 ਕਰੋੜ ਰੁਪਏ, ਨੈਣਾ ਦੇਵੀ ਰੋਡ ਨੇੜੇ ਐੱਸ. ਡੀ. ਐੱਮ. ਦਫਤਰ ਅਤੇ ਸਿਵਲ ਹਸਪਤਾਲ ਦੇ ਆਲੇ-ਦੁਆਲੇ ਦੀ ਸੁੰਦਰਤਾ ਲਈ 4 ਕਰੋੜ ਰੁਪਏ ਖਰਚ ਹੋਣਗੇ। ਉਨ੍ਹਾਂ ਅੱਗੇ ਦੱਸਿਆ ਕਿ ਸੈਰ ਸਪਾਟੇ ਲਈ ਸ੍ਰੀ ਆਨੰਦਪੁਰ ਸਾਹਿਬ ਆਉਣ ਵਾਲੇ ਸੈਲਾਨੀਆਂ ਅਤੇ ਬਹੁ ਗਿਣਤੀ 'ਚ ਇਥੇ ਆਉਣ ਵਾਲੇ ਸ਼ਰਧਾਲੂਆਂ ਲਈ ਟੂਰਿਸਟ ਫੈਸਲਟੀਏਸ਼ਨ ਸੈਂਟਰ, ਕੈਫਿਟੇਰੀਆ ਅਤੇ ਪਾਰਕਿੰਗ ਲਈ 6 ਕਰੋੜ ਰੁਪਏ ਦੇ ਪ੍ਰਾਜੈਕਟ ਜਲਦ ਹੀ ਮੁਕੰਮਲ ਕਰਕੇ ਲੋਕ ਅਰਪਣ ਕੀਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਵਿਰਾਸਤ-ਏ-ਖਾਲਸਾ 'ਚ ਪਾਰਕਿੰਗ ਦਾ ਵਿਸਥਾਰ ਕਰਨ ਲਈ 3.50 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੈਰ ਸਪਾਟਾ ਸ. ਚਰਨਜੀਤ ਸਿੰਘ ਚੰਨੀ ਨੇ ਇਨ੍ਹਾਂ ਪ੍ਰਾਜੈਕਟਾ ਨੂੰ ਸ੍ਰੀ ਆਨੰਦਪੁਰ ਸਾਹਿਬ 'ਚ ਜਲਦੀ ਮੁਕੰਮਲ ਕਰਨ ਲਈ ਵੀ ਅਧਿਕਾਰੀਆਂ ਨੂੰ ਜ਼ਿੰਮੇਵਾਰੀ ਸੌਂਪੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ 'ਕੋਰੋਨਾ' ਦੇ 4 ਨਵੇਂ ਪਾਜ਼ੇਟਿਵ ਕੇਸ ਆਏ ਸਾਹਮਣੇ, ਅੰਕੜਾ 270 ਤੱਕ ਪੁੱਜਾ

ਇਸ ਮੌਕੇ ਸ. ਚਰਨਜੀਤ ਸਿੰਘ ਚੰਨੀ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਪੀਕਰ ਰਾਣਾ ਕੇ. ਪੀ. ਸਿੰਘ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਗੁਰੂ ਦੀ ਨਗਰੀ ਅਤੇ ਇਸ ਖੇਤਰ ਦੇ ਸਰਵਪੱਖੀ ਵਿਕਾਸ ਲਈ ਜਿਹੜੇ ਪ੍ਰਾਜੈਕਟ ਤਿਆਰ ਕਰਵਾਏ ਗਏ ਹਨ, ਉਨ੍ਹਾਂ ਨੁੰ ਜਲਦੀ ਮੁਕੰਮਲ ਕਰਕੇ ਲੋਕ ਅਰਪਣ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਤੋ ਇਲਾਵਾ ਸ੍ਰੀ ਆਨੰਦਪੁਰ ਸਾਹਿਬ 'ਚ 20 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀ ਜਾ ਰਹੀ ਭਾਈ ਜੈਤਾ ਜੀ ਦੀ ਯਾਦਗਾਰ ਜਲਦ ਹੀ ਸੰਗਤਾ ਲਈ ਖੋਲ੍ਹੀ ਜਾਵੇਗੀ ਅਤੇ ਇਸ ਹਲਕੇ 'ਚ 12 ਕਰੋੜ ਰੁਪਏ ਦੀ ਲਾਗਤ ਨਾਲ ਇਕ ਆਧੁਨਿਕ ਤਕਨੀਕੀ ਸਿੱਖਿਆ ਸੰਸਥਾ ਦਾ ਨਿਰਮਾਣ ਕਰਵਾਇਆ ਜਾਵੇਗਾ, ਜਿਸ ਦਾ ਨੀਂਹ ਪੱਥਰ ਅਗਲੇ ਮਹੀਨੇ ਸਪੀਕਰ ਰਾਣਾ ਕੇ. ਪੀ. ਸਿੰਘ ਦੀ ਹਾਜ਼ਰੀ 'ਚ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਦੀ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਅਤੇ ਇਸ ਖੇਤਰ 'ਚ ਸੈਰ-ਸਪਾਟਾ ਦੀਆਂ ਸੰਭਾਵਨਾਵਾਂ ਨੂੰ ਦੇਖਦੇ ਹੋਏ ਇਸ ਖੇਤਰ ਦਾ ਚਹੁੰਮੁੱਖੀ ਵਿਕਾਸ ਕਰਵਾਉਣ ਲਈ ਅਸੀਂ ਬਚਨਬੱਧ ਹਾਂ।
ਇਹ ਵੀ ਪੜ੍ਹੋ: ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ ਬਣੀ ਜੰਗ ਦਾ ਮੈਦਾਨ, ਆਪਸ 'ਚ ਭਿੜੇ ਵਿਕਰੇਤਾ


author

shivani attri

Content Editor

Related News