SYL ਮੁੱਦੇ 'ਤੇ ਮੰਤਰੀ ਧਾਲੀਵਾਲ ਦੀ ਦੋ-ਟੁਕ, ਕਿਹਾ-ਸਾਡੇ ਕੋਲ ਇਕ ਬੂੰਦ ਵੀ ਵਾਧੂ ਪਾਣੀ ਨਹੀਂ

09/07/2022 12:25:23 PM

ਚੰਡੀਗੜ੍ਹ : ਸਤਲੁਜ-ਯਮੁਨਾ ਲਿੰਕ (SYL) ਵਿਵਾਦ ਕਾਰਨ ਇਕ ਵਾਰ ਫਿਰ ਸਿਆਸਤ ਭੱਖ ਗਈ ਹੈ। ਹਾਲ ਹੀ 'ਚ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹਰਿਆਣਾ ਨੂੰ ਪਾਣੀ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸਾਡੇ ਕੋਲ ਦੂਜੇ ਸੂਬਿਆਂ ਨੂੰ ਦੇਣ ਲਈ ਇਕ ਬੂੰਦ ਪਾਣੀ ਵੀ ਨਹੀਂ ਹੈ। ਪੰਜਾਬ 'ਚ ਪਾਣੀ ਦਾ ਪੱਧਰ ਪਹਿਲਾਂ ਹੀ ਬਹੁਤ ਘੱਟ ਹੈ ਅਤੇ ਪੀਣ ਲਈ ਵੀ ਸਾਫ਼ ਪਾਣੀ ਬੜੀ ਮੁਸ਼ਕਲ ਨਾਲ ਮਿਲ ਰਿਹਾ ਹੈ। ਇਸ ਤਰ੍ਹਾਂ ਦੇ ਹਾਲਾਤਾਂ 'ਚ ਪੰਜਾਬ ਦੂਜੇ ਸੂਬਿਆਂ ਨੂੰ ਪਾਣੀ ਨਹੀਂ ਦੇ ਸਕਦਾ। ਜੇਕਰ ਸਾਡੇ ਕੋਲ ਵਾਧੂ ਪਾਣੀ ਹੁੰਦਾ ਤਾਂ ਅਸੀਂ ਜ਼ਰੂਰ ਦਿੰਦੇ। ਮੰਤਰੀ ਧਾਲੀਵਾਲ ਨੇ ਕਿਹਾ ਕਿ ਇਸ ਬਾਰੇ ਪਹਿਲਾਂ ਵੀ ਸੁਪਰੀਮ ਕੋਰਟ ਅੱਗੇ ਅਸੀਂ ਆਪਣਾ ਪੱਖ ਰੱਖ ਚੁੱਕੇ ਅਤੇ ਇਸ ਵਾਰ ਵੀ ਰੱਖਾਂਗੇ। 

ਇਹ ਵੀ ਪੜ੍ਹੋ- ਬਠਿੰਡਾ ’ਚ ਦਰਦਨਾਕ ਘਟਨਾ, ਪਤੀ-ਪਤਨੀ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ

ਮੰਤਰੀ ਧਾਲੀਵਾਲ ਨੇ ਇਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਮਾਨ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ 'ਤੇ SYL ਨਹਿਰ ਨੂੰ ਲੈ ਕੇ ਮੀਟਿੰਗ ਕਰਨਗੇ। ਮੀਟਿੰਗ 'ਚ ਪੰਜਾਬ ਸਰਕਾਰ ਆਪਣੇ ਪੱਖ ਰੱਖੇਗੀ ਪਰ ਮੈਂ ਪਹਿਲਾਂ ਹੀ ਸਪੱਸ਼ਟ ਕਰ ਦਿੰਦਾ ਹਾਂ ਕਿ ਸਾਡੇ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਪਾਣੀ ਨਹੀਂ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਸੁਪਰੀਮ ਕੋਰਟ ਨੇ SYL ਸਮਝੌਤੇ ਦੀ ਪਾਲਣਾ ਨਾ ਕਰਨ 'ਤੇ ਪੰਜਾਬ ਅਤੇ ਹਰਿਆਣਾ ਸਰਕਾਰ 'ਤੇ ਨਾਰਾਜ਼ਗੀ ਜਾਹਿਰ ਕੀਤੀ ਸੀ। ਇਸ 'ਚ ਉਨ੍ਹਾਂ ਪੰਜਾਬ ਸਰਕਾਰ ਨੂੰ ਫਟਕਾਰ ਵੀ ਲਾਈ ਸੀ ਅਤੇ ਕਿਹਾ ਸੀ ਕਿ ਪੰਜਾਬ ਇਸ 'ਚ ਆਪਣਾ ਸਹਿਯੋਗ ਨਹੀਂ ਦੇ ਰਿਹਾ। ਸੁਪਰੀਮ ਕੋਰਟ ਨੇ ਪੰਜਾਬ-ਹਰਿਆਣਾ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਦੋਵੇਂ ਸੂਬੇ ਆਪਸ 'ਚ ਗੱਲਬਾਤ ਕਰਕੇ ਇਸ ਮੁੱਦੇ ਦਾ ਨਿਪਟਾਰਾ ਕਰ ਲੈਣ ਨਹੀਂ ਤਾਂ ਅਗਲੀ ਤਾਰੀਖ਼ 'ਤੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ ਉਹ 4 ਮਹੀਨਿਆਂ ਅੰਦਰ ਦੋਵੇਂ ਸੂਬਿਆਂ ਦੇ ਅਧਿਕਾਰੀਆਂ ਨਾਲ ਗੱਲ ਕਰਕੇ ਰਿਪੋਰਟ ਪੇਸ਼ ਕਰਨ। 

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

Simran Bhutto

This news is Content Editor Simran Bhutto