ਪੰਜਾਬ 'ਚ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਰਾਹੀਂ ਸਾਫ਼ ਕੀਤਾ ਪਾਣੀ ਸਿੰਚਾਈ ਲਈ ਵਰਤਿਆ ਜਾਵੇਗਾ: ਕੈਬਨਿਟ ਮੰਤਰੀ ਮੀਤ ਹੇਅਰ

Thursday, Dec 01, 2022 - 07:04 PM (IST)

ਫਗਵਾੜਾ (ਜਲੋਟਾ)- ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿਚ 2600 ਐੱਮ. ਐੱਲ. ਡੀ. ਦੀ ਸਮਰੱਥਾ ਵਾਲੇ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਰਾਹੀਂ ਸਾਫ਼ ਕੀਤੇ ਪਾਣੀ ਨੂੰ ਸਿੰਚਾਈ ਲਈ ਵਰਤਣ ਦਾ ਪ੍ਰਬੰਧ ਕਰੇਗੀ, ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਮੀਤ ਹੇਅਰ ਜਿਨ੍ਹਾਂ ਕੋਲ ਵਾਤਾਵਰਣ, ਸਾਇੰਸ ਤਕਨਾਲੌਜੀ ਦਾ ਵੀ ਵਿਭਾਗ ਹੈ, ਅੱਜ ਫਗਵਾੜਾ ਵਿਖੇ 28 ਐੱਮ. ਐੱਲ. ਡੀ.  ਦੀ ਸਮਰੱਥਾ ਵਾਲੇ ਸੀਵਰੇਜ ਟ੍ਰੀਟਮੈਂਟ ਪਲਾਂਟ ਰਾਹੀਂ ਸਾਫ਼ ਕੀਤੇ ਜਾਂਦੇ ਪਾਣੀ ਸਿੰਚਾਈ ਲਈ ਵਰਤੇ ਜਾਣ ਦੀ ਵਿਧੀ ਦਾ ਜਾਇਜ਼ਾ ਲੈ ਰਹੇ ਸਨ। 

ਇਹ ਵੀ ਪੜ੍ਹੋ : ਸਾਵਧਾਨ ! ਤੁਸੀਂ ਵੀ ਹੋ ਸਕਦੇ ਹੋ ਇੰਝ ਠੱਗੀ ਦਾ ਸ਼ਿਕਾਰ, KYC ਦੇ ਨਾਂ 'ਤੇ ਠੱਗਾਂ ਨੇ ਲੱਭਿਆ ਠੱਗੀ ਦਾ ਨਵਾਂ ਤਰੀਕਾ

PunjabKesari

ਉਨ੍ਹਾਂ ਕਿਹਾ ਕਿ ਫਗਵਾੜਾ ਵਿਖੇ ਸੀਵਰੇਜ ਟ੍ਰੀਟਮੈਂਟ ਪਲਾਂਟ ਰਾਹੀਂ ਸਾਫ਼ ਕੀਤੇ ਪਾਣੀ ਨੂੰ 11 ਕਿਲੋਮੀਟਰ ਲੰਬੀ ਪਾਇਪ ਲਾਇਨ ਰਾਹੀਂ ਨੇੜਲੇ ਪਿੰਡਾਂ ਦੇ ਕਿਸਾਨਾਂ ਵਲੋਂ 1000 ਏਕੜ ਵਿਚ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ, ਜਿਸ ਨਾਲ 7500 ਮਿਲੀਅਨ ਲੀਟਰ ਧਰਤੀ ਹੇਠਲਾ ਪਾਣੀ ਬਚਾਇਆ ਜਾ ਸਕਿਆ ਹੈ। ਮੀਤ ਹੇਅਰ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਸੀਵਰੇਜ ਬੋਰਡ, ਭੂਮੀ ਰੱਖਿਆ ਅਤੇ ਜਲ ਸੰਭਾਲ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੂੰ ਕਿਹਾ ਕਿ ਉਹ ਸੂਬੇ ਭਰ ਦੇ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਰਾਹੀਂ ਸਾਫ ਕੀਤੇ ਪਾਣੀ ਨੂੰ ਸਿੰਚਾਈ ਲਈ ਵਰਤਣ ਬਾਰੇ ਵਿਆਪਕ ਯੋਜਨਾਬੰਦੀ ਕਰਨ।  ਉਨ੍ਹਾਂ ਕਿਹਾ ਕਿ ਫਗਵਾੜਾ ਸੀਵਰੇਜ ਟ੍ਰੀਟਮੈਂਟ ਪਲਾਂਟ ਜੋਕਿ ਨੈਸ਼ਨਲ ਵਾਟਰ ਮਿਸ਼ਨ ਐਵਾਰਡ ਵੀ ਪ੍ਰਾਪਤ ਕਰ ਚੁੱਕਾ ਹੈ, ਦੀ ਤਰਜ਼ ’ਤੇ ਸਾਰੇ ਟ੍ਰੀਟਮੈਂਟ ਪਲਾਟਾਂ ਦੇ ਪਾਣੀ ਨੂੰ ਪਾਇਪਾਂ ਰਾਹੀਂ ਖੇਤਾਂ ਤੱਕ ਪੁੱਜਦਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਵੱਕਾਰੀ ਪ੍ਰਾਜੈਕਟ ਨੂੰ ਪਹਿਲ ਦੇ ਅਧਾਰ ’ਤੇ ਪੂਰਾ ਕਰੇਗੀ ਕਿਉਂਕਿ ਇਸ ਨਾਲ ਸੂਬੇ ਦੇ ਡਾਰਕ ਜ਼ੋਨ ਵਿਚ ਜਾ ਚੁੱਕੇ ਬਲਾਕਾਂ ਅੰਦਰ ਧਰਤੀ ਹੇਠਲੇ ਪਾਣੀ ਨੂੰ ਹੋਰ ਥੱਲੇ ਜਾਣ ਤੋਂ ਰੋਕਿਆ ਜਾ ਸਕੇਗਾ। 

ਇਹ ਵੀ ਪੜ੍ਹੋ : ਵਿਆਹ ਦੀ ਵਰ੍ਹੇਗੰਢ ਤੋਂ ਪਹਿਲਾਂ ਘਰ 'ਚ ਛਾਇਆ ਮਾਤਮ, ਜਲੰਧਰ ਵਿਖੇ ਮਾਪਿਆਂ ਦੇ ਇਕਲੌਤੇ ਪੁੱਤ ਦੀ ਡੇਂਗੂ ਨਾਲ ਮੌਤ

ਕਿਸਾਨਾਂ ਦਾ ਸਨਮਾਨ 
ਕੈਬਨਿਟ ਮੰਤਰੀ ਵੱਲੋਂ ਨੇੜਲੇ ਪਿੰਡਾਂ ਦੇ ਕਿਸਾਨਾਂ ਦਾ ਸਨਮਾਨ ਵੀ ਕੀਤਾ, ਜੋਕਿ ਇਸ ਪਲਾਂਟ ਰਾਹੀਂ ਸਾਫ਼ ਕੀਤੇ ਪਾਣੀ ਨੂੰ ਖੇਤੀ ਲਈ ਵਰਤਦੇ ਹਨ। ਕਿਸਾਨ ਸਤਨਾਮ ਸਿੰਘ, ਪਲਵਿੰਦਰ ਸਿੰਘ ਆਦਿ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਨੇੜਲੇ ਲਗਭਗ 260 ਕਿਸਾਨ 1000 ਏਕੜ ਵਿਚ ਸਿੰਚਾਈ ਲਈ ਪਲਾਂਟ ਦੇ ਪਾਣੀ ਦੀ ਵਰਤੋਂ ਕਰ ਰਹੇ ਹਨ, ਜਿਸ ਨਾਲ ਨਾ ਸਿਰਫ਼ ਧਰਤੀ ਹੇਠਲੇ ਪਾਣੀ ਤੇ ਬਿਜਲੀ ਦੀ ਬੱਚਤ ਹੋਈ ਹੈ, ਸਗੋਂ ਯੂਰੀਆ ਦੀ ਵਰਤੋਂ ਵਿਚ ਵੀ ਕਮੀ ਦਰਜ ਕੀਤੀ ਗਈ ਹੈ।  ਇਸ ਮੌਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਇੰਜੀਨੀਅਰ ਜੇ. ਐੱਸ. ਮਜੀਠੀਆ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਡਾ. ਨਯਨ ਜੱਸਲ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ, ਪਾਰਟੀ ਦੀ ਜਿਲ੍ਹਾ ਪ੍ਰਧਾਨ ਲਲਿਤਾ ਸਕਲਾਨੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। 

ਇਹ ਵੀ ਪੜ੍ਹੋ : ਵੱਡੀ ਖ਼ਬਰ: ਅੰਮ੍ਰਿਤਸਰ 'ਚ ਪੁਲਸ ਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ, ਦੋ ਗ੍ਰਿਫ਼ਤਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


shivani attri

Content Editor

Related News