ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

08/15/2022 4:42:10 PM

ਹੁਸ਼ਿਆਰਪੁਰ (ਘੁੰਮਣ) : ਸਕੂਲ ਸਿੱਖਿਆ, ਜਲ ਸਰੋਤ, ਖਾਣਾਂ ਤੇ ਭੂ-ਵਿਗਿਆਨ ਅਤੇ ਜੇਲ੍ਹ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਹੁਸ਼ਿਆਰਪੁਰ ਵਿਖੇ ਐਲੀਮੈਂਟਰੀ ਸਕੂਲ ਬਹਾਦਰਪੁਰ ਨੇੜੇ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਅਹਿਮ ਕਦਮ ਪੁੱਟੇ ਜਾਣਗੇ ਤਾਂ ਜੋ ਸੂਬਾ ਵਾਸੀਆਂ ਨੂੰ ਸੁਚਾਰੂ ਢੰਗ ਨਾਲ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਤੋਂ ਇਲਾਵਾ ਸਰਕਾਰੀ ਸਕੂਲਾਂ ਵਿਚ ਬੇਹਤਰੀਨ ਸਿੱਖਿਆ ਵੀ ਪ੍ਰਦਾਨ ਕੀਤੀ ਜਾ ਸਕੇ। ਇਸ ਮੌਕੇ ਹਲਕਾ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ, ਡਿਪਟੀ ਕਮਿਸ਼ਨਰ ਸੰਦੀਪ ਹੰਸ ਅਤੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਵੀ ਮੌਜੂਦ ਸਨ।

 ਮੰਤਰੀ ਹਰਜੋਤ ਬੈਂਸ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਆਦਮੀ ਕਲੀਨਿਕ ਸਥਾਪਿਤ ਕਰਕੇ ਸਿਹਤ ਸੇਵਾਵਾਂ ਦੇ ਖੇਤਰ ਵਿਚ ਇਕ ਕ੍ਰਾਂਤੀਕਾਰੀ ਕਦਮ ਪੁੱਟਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਥੇ ਮੁਫ਼ਤ ਇਲਾਜ ਤੇ ਦਵਾਈਆਂ ਦੀ ਸਹੂਲਤ ਉਪਲਬੱਧ ਹੋਵੇਗੀ ਅਤੇ ਅੱਜ ਤੋਂ ਹੀ ਇਹ ਸੇਵਾਵਾਂ ਮੁਹੱਈਆ ਕਰਵਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਵਿਚ ਓ.ਪੀ.ਡੀ. ਸੇਵਾਵਾਂ, ਟੀਕਾਕਰਨ ਸੇਵਾਵਾਂ, ਲੈਬ ਟੈਸਟ, ਜੱਚਾ-ਬੱਚਾ ਸੇਵਾਵਾਂ, ਪਰਿਵਾਰ ਨਿਯੋਜਨ ਸੇਵਾਵਾਂ ਆਦਿ ਉਪਲਬੱਧ ਹੋਣਗੀਆਂ। ਉਨ੍ਹਾਂ ਕਿਹਾ ਕਿ ਅੱਜ 75ਵੇਂ ਆਜ਼ਾਦੀ ਦਿਹਾੜੇ ’ਤੇ ਸੂਬੇ ਵਿਚ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ ਅਤੇ ਆਉਣ ਵਾਲੇ ਸਮੇਂ ਵਿਚ ਇਨ੍ਹਾਂ ਦੀ ਗਿਣਤੀ ਹੋਰ ਵਧਾਈ ਜਾਵੇਗੀ ਤਾਂ ਜੋ ਸੂਬਾ ਵਾਸੀਆਂ ਨੂੰ ਹਰ ਮੁਹੱਲੇ ਵਿਚ ਇਹ ਸਹੂਲਤ ਉਪਲਬੱਧ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਆਦਮੀ ਕਲੀਨਿਕ ਖੋਲ੍ਹਣ ਦਾ ਵਾਅਦਾ ਕੇਵਲ 5 ਮਹੀਨਿਆਂ ਵਿਚ ਹੀ ਪੂਰਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਦੇਣ ਦੀ ਦਿਸ਼ਾ 'ਚ ਮੀਲ ਪੱਥਰ ਸਾਬਿਤ ਹੋਣਗੇ ਆਮ ਆਦਮੀ ਕਲੀਨਿਕ : ਜਿੰਪਾ

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਜਿਥੇ ਸੁਚਾਰੂ ਢੰਗ ਨਾਲ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ, ਉਥੇ ਸਿੱਖਿਆ ਦੇ ਖੇਤਰ ਵਿਚ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਹੋਰ ਵਧੀਆ ਬਣਾਉਣ ਦੇ ਮਕਸਦ ਨਾਲ 100 ਸਕੂਲ ਆਫ਼ ਐਮੀਨੈਂਸ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਨਮੂਨੇ ਦੇ ਸਕੂਲਾਂ ਵਜੋਂ ਉਭਾਰਿਆ ਜਾਵੇਗਾ ਤਾਂ ਜੋ ਇਥੇ ਪੜ੍ਹਨ ਵਾਲੇ ਬੱਚਿਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਉਪਲਬੱਧ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ 16 ਨਵੇਂ ਮੈਡੀਕਲ ਕਾਲਜ ਬਣਾਏ ਜਾ ਰਹੇ ਹਨ। ਬੈਂਸ ਨੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਦੌਰਾਨ ਡਾਕਟਰ ਅਤੇ ਸਟਾਫ਼ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਕੰਮ ਕਰਨ ਲਈ ਕਿਹਾ।

ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਮਹਾਜਨ, ਐਸ.ਡੀ.ਐਮ. ਸ਼ਿਵ ਰਾਜ ਸਿੰਘ ਬੱਲ, ਸਿਵਲ ਸਰਜਨ ਡਾ. ਅਮਰਜੀਤ ਸਿੰਘ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਲੋਕ ਸਭਾ ਇੰਚਾਰਜ ਡਾ. ਹਰਵਿੰਦਰ ਸਿੰਘ ਬਖਸ਼ੀ, ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਕਰਮਜੀਤ ਕੌਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਸੰਦੀਪ ਸੈਣੀ, ਜਸਪਾਲ ਸਿੰਘ ਚੇਚੀ ਤੋਂ ਇਲਾਵਾ ਹੋਰ ਵੀ ਮੌਜੂਦ ਸਨ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Anuradha

Content Editor

Related News