ਕੈਬਨਿਟ ਮੰਤਰੀ ਜਿੰਪਾ ਨੇ ਪਹਿਲੀ ਡਿਜੀਟਲ ਲਾਇਬ੍ਰੇਰੀ ਲੋਕਾਂ ਨੂੰ ਕੀਤੀ ਸਮਰਪਿਤ

Sunday, Mar 05, 2023 - 02:29 AM (IST)

ਕੈਬਨਿਟ ਮੰਤਰੀ ਜਿੰਪਾ ਨੇ ਪਹਿਲੀ ਡਿਜੀਟਲ ਲਾਇਬ੍ਰੇਰੀ ਲੋਕਾਂ ਨੂੰ ਕੀਤੀ ਸਮਰਪਿਤ

ਹੁਸ਼ਿਆਰਪੁਰ (ਘੁੰਮਣ)-ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ’ਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਜੀਹ ਰਹੀ ਹੈ। ਇਸੇ ਵਚਨਬੱਧਤਾ ਨੂੰ ਦੁਹਰਾਉਂਦਿਆਂ ਅੱਜ ਹੁਸ਼ਿਆਰਪੁਰ ’ਚ ਪੰਜਾਬ ਦੀ ਪਹਿਲੀ ਡਿਜੀਟਲ ਲਾਇਬ੍ਰੇਰੀ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤੀ ਗਈ ਹੈ।ਉਹ ਅੱਜ ਸਿਵਲ ਲਾਈਨਜ਼ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰ ਕੀਤੀ ਗਈ ਡਿਜੀਟਲ ਲਾਇਬ੍ਰੇਰੀ ਦੇ ਲੋਕ ਅਰਪਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਦੇ ਪਿਤਾ ਤੇ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿਚ ਚੱਲ ਰਹੀ ਹਰੇਕ ਯੋਜਨਾ ਨੂੰ ਜਲਦ ਤੋਂ ਜਲਦ ਮੁਕੰਮਲ ਕਰਵਾਇਆ ਹੈ, ਜਿਸ ਕਾਰਨ ਅੱਜ ਪੰਜਾਬ ਤਰੱਕੀ ਦੀ ਰਾਹ ਵੱਲ ਵਧ ਰਿਹਾ ਹੈ।

PunjabKesari

ਉਨ੍ਹਾਂ ਕਿਹਾ ਕਿ 3 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਇਸ ਅਤਿ-ਆਧੁਨਿਕ ਲਾਇਬ੍ਰੇਰੀ ਦਾ ਹਰੇਕ ਵਰਗ ਨੂੰ ਭਰਪੂਰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਵਿਚ ਇਸ ਡਿਜੀਟਲ ਲਾਇਬ੍ਰੇਰੀ ਨੂੰ ਲੈ ਕੇ ਕਾਫੀ ਉਤਸ਼ਾਹ ਹੈ, ਜਿਸ ਦਾ ਪ੍ਰਤੱਖ ਪ੍ਰਮਾਣ ਇਹ ਹੈ ਕਿ ਪਹਿਲੇ ਦਿਨ ਹੀ ਵੱਡੀ ਗਿਣਤੀ ਵਿਚ ਲੋਕ ਇਥੇ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਇਸ ਲਾਇਬ੍ਰੇਰੀ ਦੇ ਰੱਖ-ਰਖਾਅ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ ਅਤੇ ਇਸ ਦੀ ਦੇਖ-ਰੇਖ ਜ਼ਿਲ੍ਹਾ ਪ੍ਰੀਸ਼ਦ ਹੁਸ਼ਿਆਰਪੁਰ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਥੇ ਪੜ੍ਹਨ ਲਈ ਆਉਣ ਵਾਲਿਆਂ ਦੀ ਸੁਵਿਧਾ ਲਈ ਆਉਣ ਵਾਲੇ ਸਮੇਂ ਵਿਚ ਇਥੇ ਕੈਫੇਟੇਰੀਆ ਵੀ ਬਣਾਇਆ ਜਾਵੇਗਾ।

ਡਿਜੀਟਲ ਲਾਇਬ੍ਰੇਰੀ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਇਥੇ ਡਿਜੀਟਲ ਮਾਧਿਅਮ ਰਾਹੀਂ ਸਾਰਾ ਕੰਟੈਂਟ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹਰੇਕ ਵਰਗ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਲਾਇਬ੍ਰੇਰੀ ਵਿਚ ਵੱਖ-ਵੱਖ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਬੱਚਿਆਂ ਲਈ ਜਿਥੇ ਕਿਡਜ਼ ਜ਼ੋਨ ਉਪਲੱਬਧ ਹੈ, ਉਥੇ ਸੀਨੀਅਰ ਸਿਟੀਜ਼ਨਜ਼ ਲਈ ਵੱਖਰੇ ਕਮਰੇ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਡਿਜੀਟਲ ਰੀਡਿੰਗ ਰੂਮ ਬਣਾਇਆ ਗਿਆ ਹੈ, ਜਿਥੇ ਅਤਿ-ਆਧੁਨਿਕ ਕੰਪਿਊਟਰ, ਟੈਬਸ ਤੋਂ ਇਲਾਵਾ ਵਾਈ ਫਾਈ ਦੀ ਵਿਸ਼ੇਸ਼ ਸੁਵਿਧਾ ਉਪਲੱਬਧ ਹੈ। ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਵਿਸ਼ੇਸ਼ ਇੰਤਜ਼ਾਮ ਕਰਦਿਆਂ ਸਬੰਧਤ ਪੜ੍ਹਨ ਸਮੱਗਰੀ ਮੁਹੱਈਆ ਕਰਵਾਈ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ਸੋਨਾ ਖ਼ਰੀਦਣ ਦੇ ਨਿਯਮਾਂ ’ਚ ਵੱਡਾ ਬਦਲਾਅ, ਪੰਜਾਬ ਦੇ ਸਰਕਾਰੀ ਸਕੂਲਾਂ ਲਈ ਅਹਿਮ ਖ਼ਬਰ, ਪੜ੍ਹੋ Top 10

ਇਸ ਤੋਂ ਇਲਾਵਾ ਅਖਬਾਰਾਂ, ਮੈਗਜ਼ੀਨ ਤੇ ਹੋਰ ਪੁਸਤਕਾਂ ਵੀ ਇਥੇ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਲਾਇਬ੍ਰੇਰੀ ਵਿਚ ਕਾਨਫਰੰਸ ਰੂਮ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲਾਇਬ੍ਰੇਰੀ ਦੀ ਮੈਂਬਰਸ਼ਿਪ 300 ਰੁਪਏ ਮਹੀਨਾ ਰੱਖੀ ਗਈ ਹੈ, ਜਿਸ ਵਿਚ ਵਿਦਿਆਰਥੀਆਂ ਨੂੰ 25 ਫੀਸਦੀ ਛੋਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਜੇਕਰ ਕੋਈ ਲੋੜਵੰਦ ਵਿਦਿਆਰਥੀ ਜਾਂ ਵਿਅਕਤੀ ਫੀਸ ਦੇਣ ਤੋਂ ਅਸਮਰੱਥ ਹੈ, ਤਾਂ ਸਰਬੱਤ ਦਾ ਭਲਾ ਚੈਰੀਟੇਬਲ ਸੋਸਾਇਟੀ ਵੱਲੋਂ ਉਸ ਦੀ ਲਾਇਬ੍ਰੇਰੀ ਫੀਸ ਸਪਾਂਸਰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਲਾਇਬ੍ਰੇਰੀ ਪੂਰਾ ਹਫ਼ਤਾ ਸਵੇਰੇ 9 ਵਜੇ ਤੋਂ ਸ਼ਾਮ 7 ਵਜੇ ਤੱਕ ਖੁੱਲ੍ਹੇਗੀ। ਇਸ ਦੌਰਾਨ ਜ਼ਿਲ੍ਹਾ ਭਾਸ਼ਾ ਵਿਭਾਗ ਵੱਲੋਂ ਖੋਜ ਅਫਸਰ ਡਾ. ਜਸਵੰਤ ਰਾਏ ਦੀ ਅਗਵਾਈ ਵਿਚ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਦਾ ਲੋਕਾਂ ਨੇ ਭਰਪੂਰ ਲਾਭ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ, ਐੱਸ. ਡੀ. ਐੱਮ. ਦਸੂਹਾ ਓਜਸਵੀ ਅਲੰਕਾਰ, ਐਕਸੀਅਨ ਪੰਚਾਇਤੀ ਰਾਜ ਰਾਜ ਕੁਮਾਰ, ਸੰਦੀਪ ਸੈਣੀ, ਆਗਿਆਪਾਲ ਸਿੰਘ ਸਾਹਨੀ, ਵਰਿੰਦਰ ਸ਼ਰਮਾ ਬਿੰਦੂ ਤੋਂ ਇਲਾਵਾ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।


author

Manoj

Content Editor

Related News