ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਬਚਾਅ ਕਾਰਜਾਂ ਲਈ ਕੈਬਨਿਟ ਮੰਤਰੀ ਜਿੰਪਾ ਖੁਦ ਮੈਦਾਨ ’ਚ ਉੱਤਰੇ
Thursday, Aug 17, 2023 - 12:37 AM (IST)
ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੇ ਕੈਬਨਿਟ ਸਾਥੀਆਂ ਨੂੰ ਤਾਜ਼ਾ ਹੜ੍ਹਾਂ ਕਾਰਨ ਬਣੀ ਸਥਿਤੀ ਦੌਰਾਨ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਦੇ ਦਿੱਤੇ ਨਿਰਦੇਸ਼ਾਂ ਤੋਂ ਬਾਅਦ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਅਤੇ ਮੁਕੇਰੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਹ ਖੁਦ ਕਿਸ਼ਤੀ ਵਿਚ ਬੈਠ ਕੇ ਪਾਣੀ ਦੀ ਮਾਰ ਵਾਲੇ ਪਿੰਡਾਂ ਵਿਚ ਗਏ ਅਤੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ।
ਇਹ ਖ਼ਬਰ ਵੀ ਪੜ੍ਹੋ : ਪਿੰਡ ਬੇਗਮਪੁਰ ਦੇ ਗੁਰਦੁਆਰਾ ਸਾਹਿਬ ’ਚ ਲੱਗੀ ਅੱਗ, ਗੁਰੂ ਗ੍ਰੰਥ ਸਾਹਿਬ ਜੀ ਦੇ 3 ਪਾਵਨ ਸਰੂਪ ਅਗਨ ਭੇਟ
ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਸਰਕਾਰ ਦੀ ਪਹਿਲ ਪਾਣੀ ਦੀ ਮਾਰ ਹੇਠ ਆਏ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉੜਮੁੜ ਵਿਧਾਨ ਸਭਾ ਹਲਕੇ ਦੇ ਦੌਰੇ ਦੌਰਾਨ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ., ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੀ ਉਨ੍ਹਾਂ ਨਾਲ ਮੌਜੂਦ ਸਨ। ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਬਚਾਅ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਐੱਨ. ਡੀ. ਆਰ. ਐੱਫ. ਅਤੇ ਐੱਸ. ਡੀ. ਆਰ. ਐੱਫ. ਦੀਆਂ ਟੀਮਾਂ ਫਸੇ ਹੋਏ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਕੰਮ ਵਿਚ ਲੱਗੀਆਂ ਹੋਈਆਂ ਹਨ।
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਹੜ੍ਹ ਦੇ ਮੱਦੇਨਜ਼ਰ ਇਸ ਜ਼ਿਲ੍ਹੇ ਦੇ ਸਕੂਲ ਅਗਲੇ ਹੁਕਮਾਂ ਤਕ ਰਹਿਣਗੇ ਬੰਦ
ਫਿਲਹਾਲ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੁਰੱਖਿਆ ਲਈ ਚੌਕਸ ਹੈ ਅਤੇ ਦਿਨ-ਰਾਤ ਇਕ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਿਮਾਚਲ ਪ੍ਰਦੇਸ਼ ’ਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਪੌਂਗ ਡੈਮ ਦੇ ਪਾਣੀ ਦਾ ਪੱਧਰ ਕਾਫੀ ਵਧ ਗਿਆ ਸੀ, ਜਿਸ ਕਾਰਨ ਬਿਆਸ ਦਰਿਆ ਦਾ ਪਾਣੀ ਪਿੰਡਾਂ ’ਚ ਦਾਖ਼ਲ ਹੋ ਗਿਆ ਹੈ। ਉਨ੍ਹਾਂ ਅਪੀਲ ਕੀਤੀ ਕਿ ਦਰਿਆ ਕੰਢੇ ਵਸੇ ਪਿੰਡਾਂ ਦੇ ਲੋਕ ਸੁਰੱਖਿਅਤ ਥਾਵਾਂ ’ਤੇ ਜਾਂ ਪ੍ਰਸ਼ਾਸਨ ਵੱਲੋਂ ਬਣਾਏ ਰਾਹਤ ਕੈਂਪਾਂ ਵਿਚ ਚਲੇ ਜਾਣ। ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਕੈਂਪਾਂ ਵਿਚ ਹਰ ਸੰਭਵ ਸਹੂਲਤ ਮੁਹੱਈਆ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ, ਜਿਥੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8