ਕਾਂਗਰਸ ਦੀ ਇਤਿਹਾਸਕ ਜਿੱਤ ਲਈ ਕੈਬਨਿਟ ਮੰਤਰੀ ਬਾਜਵਾ ਨੇ ਸੂਬਾ ਵਾਸੀਆਂ ਦਾ ਕੀਤਾ ਧੰਨਵਾਦ

09/23/2018 1:55:09 AM

 ਬਟਾਲਾ (ਬੇਰੀ)- ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ’ਚ ਕਾਂਗਰਸ ਪਾਰਟੀ ਦੀ ਹੋਈ ਵੱਡੀ ਤੇ ਇਤਿਹਾਸਕ ਜਿੱਤ ਲਈ ਸੂਬੇ ਦੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਇਹ ਜਿੱਤ ਕੈਪਟਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਵਿਕਾਸ ਏਜੰਡੇ ਦੀ ਜਿੱਤ ਹੈ। ਬਾਜਵਾ ਨੇ ਕਿ ਇਨ੍ਹਾਂ ਚੋਣਾਂ ’ਚ ਸੂਬੇ ਦੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ ਅਤੇ ਅਕਾਲੀਆਂ ਦੀ ਕਰਾਰੀ ਹਾਰ ਹੋਈ ਹੈ। ਉਨ੍ਹਾਂ ਕਿਹਾ ਕਿ ਚੋਣ ਨਤੀਜੇ ਇਹ ਸਾਬਤ ਕਰਦੇ ਹਨ ਕਿ ਪੰਜਾਬੀਆਂ ਦੇ ਦਿਲਾਂ ’ਚ ਅਕਾਲੀ ਦਲ ਪ੍ਰਤੀ ਬਹੁਤ ਵੱਡਾ ਰੋਸ ਹੈ। ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸੂਬੇ ਭਰ ’ਚ ਕਾਂਗਰਸ ਪਾਰਟੀ ਦੇ ਉਮੀਦਵਾਰ ਵੱਡੀ ਲੀਡ ਨਾਲ ਜੇਤੂ ਰਹੇ ਹਨ। ਉਨ੍ਹਾਂ ਪਾਰਟੀ ਹਾਈਕਮਾਨ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਜਿੱਤ ਦਾ ਸਿਹਰਾ ਬੰਨ੍ਹਦਿਆਂ ਕਿਹਾ ਕਿ ਇਹ ਸ਼ਾਨਦਾਰ ਜਿੱਤ ਕੈਪਟਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਸੰਭਵ ਹੋ ਸਕੀ ਹੈ। ਉਨ੍ਹਾਂ ਕਿਹਾ ਕਿ ਨਵੇਂ ਚੁਣੇ ਗਏ ਮੈਂਬਰ ਸੂਬੇ ਅਤੇ ਦਿਹਾਤੀ ਖੇਤਰ ਦੇ ਵਿਕਾਸ ’ਚ ਆਪਣਾ ਅਹਿਮ ਯੋਗਦਾਨ ਪਾਉਣਗੇ।  ਬਾਜਵਾ ਨੇ ਜਿੱਤਣ ਵਾਲੇ ਉਮੀਦਵਾਰਾਂ ਨੂੰ ਵਧਾਈ ਦੇਣ ਦੇ ਨਾਲ ਪਾਰਟੀ ਦੇ ਵਰਕਰਾਂ ਦਾ ਵੀ ਧੰਨਵਾਦ ਕੀਤਾ ਹੈ।