ਰਾਣਾ ਗੁਰਜੀਤ ਦੀ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਛੁੱਟੀ

01/19/2018 11:42:38 AM

ਚੰਡੀਗੜ੍ਹ (ਭੁੱਲਰ) : ਆਖਰਕਾਰ ਰਾਣਾ ਗੁਰਜੀਤ ਸਿੰਘ ਦੀ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਛੁੱਟੀ ਹੋ ਹੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਣਾ ਗੁਰਜੀਤ ਸਿੰਘ ਦੇ ਅਸਤੀਫੇ ਸਬੰਧੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਵੀਰਵਾਰ ਨੂੰ ਮੁਲਾਕਾਤ ਕੀਤੀ, ਜਿਸ ਦੌਰਾਨ ਰਾਣਾ ਗੁਰਜੀਤ ਦਾ ਅਸਤੀਫਾ ਮਨਜ਼ੂਰ ਕਰ ਲਿਆ ਗਿਆ। ਇਸ ਗੱਲ ਦੀ ਜਾਣਕਾਰੀ ਮੁਲਾਕਾਤ ਖਤਮ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਮੀਡੀਆ ਨੂੰ ਦਿੱਤੀ। ਇਸ ਤੋਂ ਇਲਾਵਾ ਮੀਟਿੰਗ 'ਚ ਮੰਤਰੀ ਮੰਡਲ ਦੇ ਵਿਸਥਾਰ ਬਾਰੇ ਵੀ ਚਰਚਾ ਕੀਤੀ ਗਈ। ਇਸ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੀ ਕੈਪਟਨ ਨਾਲ ਮੌਜੂਦ ਸਨ। ਰਾਣਾ ਗੁਰਜੀਤ ਦਾ ਅਸਤੀਫਾ ਮਨਜ਼ੂਰ ਹੋਣ ਤੋਂ ਬਾਅਦ ਪੰਜਾਬ ਮੰਤਰੀ ਮੰਡਲ ਦੇ ਵਿਸਥਾਰ ਦਾ ਰਸਤਾ ਵੀ ਸਾਫ ਹੋ ਗਿਆ ਹੈ। 
ਕੀ ਹੈ ਪੂਰਾ ਮਾਮਲਾ 
ਜ਼ਿਕਰਯੋਗ ਹੈ ਕਿ ਵਿਰੋਧੀ ਧਿਰ ਵਲੋਂ ਰਾਣਾ ਗੁਰਜੀਤ 'ਤੇ ਰੇਤ ਦੀਆਂ ਖਾਨਾਂ ਨੂੰ ਲੈ ਕੇ ਲਗਾਤਾਰ ਟਿੱਪਣੀ ਕੀਤਾ ਜਾ ਰਹੀ ਸੀ, ਜਿਸ ਤੋਂ ਬਾਅਦ ਰਾਣਾ ਗੁਰਜੀਤ ਨੇ 4 ਜਨਵਰੀ ਨੂੰ ਕੈਪਟਨ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਸੀ, ਜਿਸ ਨੂੰ ਅੱਜ ਕਾਂਗਰਸ ਹਾਈਕਮਾਨ ਵਲੋਂ ਮਨਜ਼ੂਰ ਕਰ ਲਿਆ ਗਿਆ। ਦੱਸਿਆ ਜਾਂਦਾ ਹੈ ਕਿ ਰਾਣਾ ਗੁਰਜੀਤ ਸਿੰਘ ਕੈਪਟਨ ਅਮਰਿੰਦਰ ਸਿੰਘ ਦੇ ਬਹੁਤ ਕਰੀਬੀ ਹਨ। ਰਾਣਾ ਗੁਰਜੀਤ ਮਾਈਨਿੰਗ ਠੇਕੇ ਨੂੰ ਲੈ ਕੇ ਵਿਵਾਦਾਂ 'ਚ ਰਹਿ ਚੁੱਕੇ ਹਨ। ਕੁਝ ਮਹੀਨੇ ਪਹਿਲਾਂ ਪੰਜਾਬ 'ਚ ਰੇਤ ਦੀਆਂ ਖਾਨਾਂ ਦੀ ਨੀਲਾਮੀ ਹੋਈ ਸੀ, ਜਿਸ 'ਚ ਰਾਣਾ ਗੁਰਜੀਤ 'ਤੇ ਗਲਤ ਤਰੀਕੇ ਨਾਲ ਆਪਣੀਆਂ ਕੰਪਨੀਆਂ ਨੂੰ ਫਾਇਦਾ ਪਹੁੰਚਾਉਣ ਦਾ ਦੋਸ਼ ਲਾਇਆ ਗਿਆ ਸੀ। ਇਸ ਮਾਮਲੇ ਤੋਂ ਬਾਅਦ ਰਾਣਾ ਗੁਰਜੀਤ ਪੰਜਾਬ 'ਚ ਵਿਰੋਧੀ ਧਿਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਦੇ ਨਿਸ਼ਾਨੇ 'ਤੇ ਸਨ।


Related News