ਬਜਟ ''ਚ 550ਵੇਂ ਪ੍ਰਕਾਸ਼ ਪੁਰਬ ਦੀ ਅਣਦੇਖੀ ਮੋਦੀ ਸਰਕਾਰ ਵਲੋਂ ਸਿੱਖਾਂ ਨਾਲ ਧੋਖਾ : ਰੰਧਾਵਾ

Saturday, Jul 06, 2019 - 10:10 AM (IST)

ਬਜਟ ''ਚ 550ਵੇਂ ਪ੍ਰਕਾਸ਼ ਪੁਰਬ ਦੀ ਅਣਦੇਖੀ ਮੋਦੀ ਸਰਕਾਰ ਵਲੋਂ ਸਿੱਖਾਂ ਨਾਲ ਧੋਖਾ : ਰੰਧਾਵਾ

ਚੰਡੀਗੜ੍ਹ (ਭੁੱਲਰ)— ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੋਦੀ ਸਰਕਾਰ ਵੱਲੋਂ ਅੱਜ ਪੇਸ਼ ਕੀਤੇ ਬਜਟ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਨੂੰ ਪੂਰੀ ਤਰਾਂ ਅਣਗੌਲਿਆ ਕੀਤੇ ਜਾਣ ਲਈ ਕੇਂਦਰ ਸਰਕਾਰ ਨੂੰ ਆੜੇ ਹੱਥੀ ਲੈਂਦਿਆਂ ਇਸ ਨੂੰ ਸਮੁੱਚੀ ਸਿੱਖ ਕੌਮ ਲਈ ਧਰੋਹ ਦੱਸਿਆ। ਉਨਾਂ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਨੇ ਆਪਣੇ ਬਜਟ ਭਾਸ਼ਣ ਵਿੱਚ 550ਵੇਂ ਪ੍ਰਕਾਸ਼ ਪੁਰਬ ਦਾ ਜ਼ਿਕਰ ਤੱਕ ਨਾ ਕਰ ਕੇ 13 ਕਰੋੜ ਨਾਨਕ ਨਾਮ ਲੇਵਾ ਸੰਗਤ ਦੇ ਹਿਰਦੇ ਵਲੂੰਧਰ ਦਿੱਤੇ।

ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਵਿੱਚ ਭਾਈਵਾਲ ਅਕਾਲੀ ਦਲ ਦੇ ਆਗੂ ਇਸ ਮਾਮਲੇ ਉਤੇ ਆਪਣੀ ਸਥਿਤੀ ਸਪੱਸ਼ਟ ਕਰਨ। ਉਨਾਂ ਕਿਹਾ ਕਿ ਸੰਸਦ ਵਿੱਚ ਬਜਟ ਭਾਸ਼ਣ ਸੁਣਦਿਆਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ਰਮ ਕਿਉਂ ਨਾ ਹੋਈ। ਉਨ੍ਹਾਂ ਕਿਹਾ ਕਿ ਇਹ ਬਜਟ ਸਿੱਖ ਕੌਮ ਦੇ ਨਾਲ ਪੰਜਾਬ ਵਿਰੋਧੀ ਵੀ ਹਨ ਕਿਉਂਕਿ ਇਸ ਸਾਲ ਨਵੰਬਰ ਮਹੀਨੇ ਮਨਾਏ ਜਾ ਰਹੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਲਈ ਪੂਰਾ ਪੰਜਾਬ ਅਤੇ ਦੇਸ਼ਾਂ-ਵਿਦੇਸ਼ਾਂ ਵਿੱਚ ਵਸਦੀ ਸਿੱਖ ਕੌਮ ਪੱਬਾਂ ਭਾਰ ਹੈ। ਰੰਧਾਵਾ ਨੇ ਕਿਹਾ ਕਿ ਅੱਜ ਦੇ ਬਜਟ ਨਾਲ ਇਕ ਵਾਰ ਫੇਰ ਭਾਜਪਾ ਅਤੇ ਅਕਾਲੀ ਦਲ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ ਜਿਸ ਨੂੰ ਸਿੱਖ ਕੌਮ ਕਦੇ ਮੁਆਫ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਜੇ ਸੱਚਮੁੱਚ ਸਿੱਖ ਹਿਤੈਸ਼ੀ ਹੈ ਤਾਂ ਅਹੁਦਿਆਂ ਦੀ ਭੁੱਖ ਛੱਡਕੇ ਭਾਜਪਾ ਨਾਲੋਂ ਆਪਣਾ ਨਾਤਾ ਤੋੜੇ।


author

Shyna

Content Editor

Related News