ਕੈਬਨਿਟ ਸਬ-ਕਮੇਟੀ ਵੱਲੋਂ ਬੇ-ਜ਼ਮੀਨੇ ਮਜ਼ਦੂਰਾਂ ਤੇ ਠੇਕਾ ਮੁਲਾਜ਼ਮਾਂ ਨਾਲ ਮੀਟਿੰਗ, ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ

Wednesday, Dec 21, 2022 - 07:53 PM (IST)

ਕੈਬਨਿਟ ਸਬ-ਕਮੇਟੀ ਵੱਲੋਂ ਬੇ-ਜ਼ਮੀਨੇ ਮਜ਼ਦੂਰਾਂ ਤੇ ਠੇਕਾ ਮੁਲਾਜ਼ਮਾਂ ਨਾਲ ਮੀਟਿੰਗ, ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ

ਚੰਡੀਗੜ੍ਹ : ਕੈਬਨਿਟ ਸਬ-ਕਮੇਟੀ ਵੱਲੋਂ ਠੇਕਾ ਮੁਲਾਜ਼ਮਾਂ, ਵਿਮੁਕਤ ਜਾਤੀਆਂ ਅਤੇ ਬੇਜ਼ਮੀਨੇ ਮਜ਼ਦੂਰਾਂ ਨਾਲ ਸਬੰਧਤ ਵੱਖ ਵੱਖ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਹਨ। ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰ ਕੇ ਹੱਲ ਕਰਨ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ : ਜ਼ੀਰਾ ਸ਼ਰਾਬ ਫੈਕਟਰੀ ਮਾਮਲਾ: ਪ੍ਰਦਰਸ਼ਨਕਾਰੀਆਂ ਦੇ ਹੱਕ 'ਚ ਆਏ ਸੁਖਬੀਰ ਬਾਦਲ, ਸਰਕਾਰ ਨੂੰ ਕੀਤੀ ਇਹ ਅਪੀਲ 

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਗਜ਼ਟਿਡ ਤੇ ਨਾਨ-ਗਜ਼ਟਿਡ ਐਸ.ਸੀ. ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ, ਪੰਜਾਬ ਦੀਆਂ ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਗਠਿਤ ਕੀਤੀ ਗਈ ਇਸ ਕੈਬਨਿਟ ਸਬ-ਕਮੇਟੀ ਦੀ ਇਹ ਪਲੇਠੀ ਮੀਟਿੰਗ ਸੀ। ਸਬ-ਕਮੇਟੀ ਨੇ ਪੰਜਾਬ ਭਵਨ ਵਿਖੇ ਤਿੰਨ ਘੰਟੇ ਤੋਂ ਵੱਧ ਸਮੇਂ ਤੱਕ ਲਗਾਤਾਰ ਚੱਲੀਆਂ ਮੀਟਿੰਗਾਂ ਦੌਰਾਨ ਵੱਖ-ਵੱਖ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਵੱਲੋਂ ਉਠਾਏ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਿਆ।
ਬਹੁ-ਗਿਣਤੀ ਮਸਲਿਆਂ ਨੂੰ ਹਾਂ-ਪੱਖੀ ਢੰਗ ਨਾਲ ਹੱਲ ਕਰਨ ਦੀ ਦਿਸ਼ਾ ਵੱਲ ਅੱਗੇ ਵਧਦਿਆਂ ਸਬ-ਕਮੇਟੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਨ੍ਹਾਂ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਮਸਲਿਆਂ ਨੂੰ ਜਲਦੀ ਹੱਲ ਕਰਨ ਦੀ ਹਦਾਇਤ ਕੀਤੀ।

PunjabKesari

ਸਬ-ਕਮੇਟੀ ਨੇ ਯੂਨੀਅਨਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਇਨ੍ਹਾਂ ਵਰਗਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮਸਲਿਆਂ ਦਾ ਢੁਕਵਾਂ ਹੱਲ ਲੱਭਣ ਦੇ ਨਿਰਦੇਸ਼ ਦਿੱਤੇ ਹਨ। ਮੀਟਿੰਗਾਂ ਵਿੱਚ ਸਬੰਧਤ ਵਿਭਾਗਾਂ ਅਤੇ ਐਲ.ਆਰ. ਸ਼ਾਖਾ ਦੇ ਸੀਨੀਅਰ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ ਤਾਂ ਜੋ ਮੁੱਦਿਆਂ ਦੇ ਹੱਲ ਵਿੱਚ ਆਉਣ ਵਾਲੀਆਂ ਕਾਨੂੰਨੀ ਅੜਚਨਾਂ ਦਾ ਜਲਦੀ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ। ਸਬ-ਕਮੇਟੀ ਨੇ ਇਨ੍ਹਾਂ ਯੂਨੀਅਨਾਂ ਨਾਲ ਅਗਲੀ ਮੀਟਿੰਗ ਅਗਲੇ ਸਾਲ ਜਨਵਰੀ ਵਿੱਚ ਕਰਨ ਦਾ ਫ਼ੈਸਲਾ ਕੀਤਾ। ਸੁਖਾਵੇਂ ਮਾਹੌਲ ਵਿੱਚ ਹੋਈਆਂ ਇਹ ਮੀਟਿੰਗਾਂ ਸਕਾਰਾਤਮਕ ਮਾਹੌਲ ਵਿੱਚ ਸਮਾਪਤ ਹੋਈਆਂ। ਸਬ ਕਮੇਟੀ ਵੱਲੋਂ ਕੀਤੀਆਂ ਗਈਆਂ ਮੀਟਿੰਗਾਂ ਵਿੱਚੋਂ ਇਕ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਅਤੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੀ ਹਾਜ਼ਰ ਸਨ।


author

Mandeep Singh

Content Editor

Related News