ਕੈਬਨਿਟ ਸਬ-ਕਮੇਟੀ ਵੱਲੋਂ ਟਰੱਕ ਆਪ੍ਰੇਟਰਾਂ ਨਾਲ ਮੁਲਾਕਾਤ, ਮੰਗਾਂ ਦੇ ਹੱਲ ਲਈ ਕਮੇਟੀ ਗਠਤ

Friday, Dec 23, 2022 - 08:31 PM (IST)

ਕੈਬਨਿਟ ਸਬ-ਕਮੇਟੀ ਵੱਲੋਂ ਟਰੱਕ ਆਪ੍ਰੇਟਰਾਂ ਨਾਲ ਮੁਲਾਕਾਤ, ਮੰਗਾਂ ਦੇ ਹੱਲ ਲਈ ਕਮੇਟੀ ਗਠਤ

ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੈਬਨਿਟ ਸਬ-ਕਮੇਟੀ ਨੇ ਅੱਜ ਟਰੱਕ ਆਪ੍ਰੇਟਰਾਂ ਦੀਆਂ ਮੰਗਾਂ ਨੂੰ ਲੈ ਕੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਇਸ ਮੌਕੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਉਚੇਚੇ ਤੌਰ 'ਤੇ ਸ਼ਾਮਲ ਹੋਏ। ਕੈਬਨਿਟ ਮੰਤਰੀਆਂ ਨੇ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ, ਇਸ ਲਈ ਉਨ੍ਹਾਂ ਦੀਆਂ ਮੰਗਾਂ ਬਾਰੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਕੋਰੋਨਾ ਨੂੰ ਲੈ ਕੇ ਪੰਜਾਬ ਸਰਕਾਰ ਗੰਭੀਰ, ਸਿਹਤ ਮੰਤਰੀ ਜੌੜਾਮਾਜਰਾ ਨੇ ਅਧਿਕਾਰੀਆਂ ਨੂੰ ਦਿੱਤੇ ਇਹ ਨਿਰਦੇਸ਼

ਵਿੱਤ ਮੰਤਰੀ ਐਡਵੋਕੇਟ ਚੀਮਾ ਨੇ ਟਰਾਂਸਪੋਰਟ ਵਿਭਾਗ ਦੇ ਸਕੱਤਰ ਦੀ ਅਗਵਾਈ ਹੇਠ ਕਮੇਟੀ ਦਾ ਗਠਨ ਕਰਦਿਆਂ ਨਿਰਦੇਸ਼ ਦਿੱਤੇ ਕਿ ਇਹ ਕਮੇਟੀ ਉਦਯੋਗ ਵਿਭਾਗ, ਟਰੱਕ ਆਪ੍ਰੇਟਰਾਂ ਤੇ ਹੋਰਨਾਂ ਭਾਈਵਾਲਾਂ ਨਾਲ ਹਰ ਪਹਿਲੂ 'ਤੇ ਗੱਲ ਕਰਕੇ 31 ਜਨਵਰੀ ਨੂੰ ਆਪਣੀ ਰਿਪੋਰਟ ਸੌਂਪੇ। ਉਨ੍ਹਾਂ ਟਰੱਕ ਆਪ੍ਰੇਟਰਾਂ ਨੂੰ ਵੀ ਸੁਝਾਅ ਦਿੱਤਾ ਕਿ ਉਹ ਕਮੇਟੀ ਨਾਲ ਗੱਲਬਾਤ ਲਈ ਕੁਝ ਮੈਂਬਰਾਂ ਤੇ ਆਧਾਰਤ ਇੱਕ ਐਕਸ਼ਨ ਕਮੇਟੀ ਬਣਾਉਣ ਤਾਂ ਜੋ ਗੱਲਬਾਤ ਰਾਹੀਂ ਕਿਸੇ ਸਾਰਥਕ ਨਤੀਜੇ 'ਤੇ ਪਹੁੰਚਿਆ ਜਾ ਸਕੇ।

PunjabKesari

ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਕਿਹਾ ਕਿ ਵਿਭਾਗ ਦੀ ਢੋਆ-ਢੁਆਈ ਸਬੰਧੀ ਨੀਤੀ ਬਣਾਉਣ ਵੇਲੇ ਟਰੱਕ ਆਪ੍ਰੇਟਰਾਂ ਦੇ ਸੁਝਾਅ ਲਏ ਜਾਣ ਤਾਂ ਜੋ ਪੰਜਾਬ ਅਤੇ ਲੋਕ-ਪੱਖੀ ਢੁਕਵੀਂ ਨੀਤੀ ਹੋਂਦ ਵਿੱਚ ਆ ਸਕੇ।

ਜੀ.ਓ.ਜੀ. ਦੇ ਮਸਲਿਆਂ ਦੇ ਨਿਪਟਾਰੇ ਲਈ ਵੀ ਕਮੇਟੀ ਬਣਾਈ

ਇਸੇ ਤਰ੍ਹਾਂ ਦੂਜੀ ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ ਨੇ ਜੀ.ਓ.ਜੀ. ਦੇ ਮਸਲਿਆਂ ਦੇ ਨਿਪਟਾਰੇ ਲਈ ਵੀ 10 ਮੈਂਬਰੀ ਕਮੇਟੀ ਬਣਾਉਣ ਦੀ ਹਦਾਇਤ ਕੀਤੀ। ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਨਿਰਦੇਸ਼ ਦਿੱਤੇ ਕਿ ਸਕੱਤਰ ਤੇ ਡਾਇਰੈਕਟਰ ਰੱਖਿਆ ਸੇਵਾਵਾਂ, ਵਿੱਤ ਵਿਭਾਗ ਤੋਂ ਇੱਕ ਨੁਮਾਇੰਦੇ ਅਤੇ ਜੀ.ਓ.ਜੀ. ਦੇ 7 ਮੈਂਬਰਾਂ ਵਾਲੀ ਇਹ ਕਮੇਟੀ ਵੱਖ-ਵੱਖ ਪਹਿਲੂਆਂ ‘ਤੇ ਗੱਲਬਾਤ ਕਰਕੇ 30 ਦਿਨਾਂ ਵਿੱਚ ਰਿਪੋਰਟ ਦੇਵੇਗੀ।


author

Mandeep Singh

Content Editor

Related News