ਕੇਂਦਰ ਤੋਂ ਇਕ-ਇਕ ਪੈਸਾ ਵਸੂਲ ਕੇ ਪੰਜਾਬ ਨੂੰ ਸੋਨੇ ਦੀ ਚਿੜੀ ਬਣਾਵਾਂਗੇ : ਭਗਵੰਤ ਮਾਨ

Friday, May 10, 2024 - 04:17 PM (IST)

ਜਗਰਾਓਂ/ਜਲੰਧਰ (ਮਾਲਵਾ, ਧਵਨ) : ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਜਗਰਾਓਂ ’ਚ ਇਕ ਵੱਡਾ ਰੋਡ ਸ਼ੋਅ ਕੱਢਿਆ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕ ਸਭਾ ਚੋਣਾਂ ਦੌਰਾਨ ਪੰਜਾਬ ’ਚ ਚੋਣ ’ਚ ਆਮ ਆਦਮੀ ਪਾਰਟੀ ਨੂੰ 13-0 ਨਾਲ ਜਿਤਾਉਣ। ਰੋਡ ਸ਼ੋਅ ’ਚ ਪੁੱਜੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ 13-0 ਨਾਲ ਜਿਤਾਉਣ ਲਈ ‘ਇਸ ਵਾਰ ਪੰਜਾਬ ਬਣੇਗਾ ਹੀਰੋ, 13-0’ ਦੇ ਜ਼ੋਰਦਾਰ ਨਾਅਰੇ ਲਾਏ। ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਪੰਜਾਬ ਦਾ ਪਹਿਲਾ ਮੁੱਖ ਮੰਤਰੀ ਹਾਂ, ਜਿਸ ਨੂੰ ਲੋਕ ‘ਬਾਈ ਜੀ’ ਕਹਿ ਕੇ ਬੁਲਾਉਂਦੇ ਹਨ। ਇਹੀ ਮੇਰੇ ਪ੍ਰਤੀ ਪੰਜਾਬ ਦੇ ਲੋਕਾਂ ਦਾ ਪਿਆਰ ਹੈ। ਮੁੱਖ ਮੰਤਰੀ ਨੇ ਰੋਡਸ਼ੋਅ ’ਚ ਸ਼ਾਮਲ ਲੋਕਾਂ ਨੂੰ ਕਿਹਾ ਕਿ ਤੁਹਾਡਾ ਪਿਆਰ ਅਤੇ ਸਮਰਥਨ ਮੈਨੂੰ ਕਦੇ ਥੱਕਣ ਨਹੀਂ ਦਿੰਦਾ। ਤੁਹਾਡੇ ਪਿਆਰ ਦਾ ਕਰਜ਼ਾ ਮੈਂ ਸੱਤ ਜਨਮਾਂ ਵਿਚ ਵੀ ਨਹੀਂ ਚੁਕਾ ਸਕਦਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਸੀਂ ਪੰਜਾਬ ਦੇ ਵਿਕਾਸ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ। ਪਿਛਲੇ ਦੋ ਸਾਲਾਂ ਦੌਰਾਨ ਅਸੀਂ ਕਈ ਇਤਿਹਾਸਕ ਫ਼ੈਸਲੇ ਲਏ ਹਨ, ਜਿਨ੍ਹਾਂ ਦੇ ਚੰਗੇ ਨਤੀਜੇ ਤੁਹਾਡੇ ਸਾਹਮਣੇ ਹਨ। ਸਾਨੂੰ ਭਵਿੱਖ ’ਚ ਵੀ ਅਜਿਹੇ ਉਤਸ਼ਾਹ ਨਾਲ ਕੰਮ ਕਰਨ ਲਈ ਤੁਹਾਡੇ ਸਮਰਥਨ ਦੀ ਲੋੜ ਹੈ। ਸਾਡੇ ਸਾਰੇ ਸੰਸਦ ਮੈਂਬਰ ਪਾਰਲੀਮੈਂਟ ਵਿਚ ਪੰਜਾਬ ਦੇ ਹੱਕਾਂ ਲਈ ਆਵਾਜ਼ ਉਠਾਉਣਗੇ ਅਤੇ ਕੇਂਦਰ ਤੋਂ ਪੰਜਾਬ ਦਾ ਇਕ-ਇਕ ਪੈਸਾ ਵਸੂਲ ਕੇ ਵਾਪਸ ਲਿਆਉਣਗੇ ਅਤੇ ਅਸੀਂ ਪੰਜਾਬ ਨੂੰ ਮੁੜ ਸੋਨੇ ਦੀ ਚਿੜੀ ਬਣਾਵਾਂਗੇ।

ਇਹ ਖ਼ਬਰ ਵੀ ਪੜ੍ਹੋ : ਕੁਝ ਦਸਤਾਵੇਜ਼ਾਂ ਦੀ ਅਣਹੋਂਦ ਕਿਸੇ ਨੂੰ ਪੈਨਸ਼ਨ ਤੋਂ ਵਾਂਝਾ ਨਹੀਂ ਕਰ ਸਕਦੀ : ਹਾਈ ਕੋਰਟ

ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਚੋਣਾਂ ’ਚ ਅਸੀਂ ਪਿਛਲੇ ਦੋ ਸਾਲਾਂ ’ਚ ਸਾਡੀ ਸਰਕਾਰ ਵਲੋਂ ਕੀਤੇ ਕੰਮਾਂ ਦੇ ਆਧਾਰ ’ਤੇ ਵੋਟਾਂ ਮੰਗ ਰਹੇ ਹਾਂ। ਇਸ ਦੇ ਉਲਟ ਦਸ ਸਾਲ ਰਾਜ ਕਰਨ ਤੋਂ ਬਾਅਦ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁਸਲਮਾਨਾਂ ਅਤੇ ਮੰਗਲ ਸੂਤਰ ਦੇ ਨਾਂ ’ਤੇ ਵੋਟਾਂ ਮੰਗ ਰਹੇ ਹਨ। ਉਹ ਲੋਕਾਂ ਨੂੰ ਜਾਤ-ਪਾਤ ਅਤੇ ਧਰਮ ਦੇ ਨਾਂ ’ਤੇ ਡਰਾ-ਧਮਕਾ ਕੇ ਵੋਟਾਂ ਹਾਸਲ ਕਰਨਾ ਚਾਹੁੰਦੇ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ’ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਬਾਦਲ ਪਰਿਵਾਰ ਦਾ ਸੁਖ-ਵਿਲਾਸ ਹੋਟਲ ਪੰਜਾਬ ਦੇ ਲੋਕਾਂ ਦੇ ਖ਼ੂਨ-ਪਸੀਨੇ ਨਾਲ ਬਣਿਆ ਹੈ। ਅਸੀਂ ਸੁਖਬੀਰ ਬਾਦਲ ਤੋਂ ਸੁਖ-ਵਿਲਾਸ ਲੈ ਕੇ ਇਸ ਨੂੰ ਸਕੂਲ ’ਚ ਤਬਦੀਲ ਕਰਾਂਗੇ। ਮਾਨ ਨੇ ਲੋਕਾਂ ਨੂੰ ਕਿਹਾ ਕਿ ਅੱਜ ਤੁਸੀਂ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲਈ ਪ੍ਰਮਾਤਮਾ ਅੱਗੇ ਅਰਦਾਸ ਕਰੋ, ਤਾਂ ਜੋ ਉਹ ਕੱਲ੍ਹ ਨੂੰ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਬਾਹਰ ਆ ਜਾਣ। ਕੇਜਰੀਵਾਲ ਦੇ ਬਾਹਰ ਆਉਣ ਤੋਂ ਬਾਅਦ ਅਸੀਂ ਦੁੱਗਣੀ ਊਰਜਾ ਨਾਲ ਪ੍ਰਚਾਰ ਕਰਾਂਗੇ ਅਤੇ ਸਾਰੀਆਂ ਸੀਟਾਂ ਜਿੱਤਾਂਗੇ।

ਇਹ ਖ਼ਬਰ ਵੀ ਪੜ੍ਹੋ :  ਚੋਣ ਅਧਿਕਾਰੀ ਵੱਲੋਂ ਕਮਿਸ਼ਨਰ ਤੇ SSP ਨੂੰ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ ਜਾਰੀ 

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News