ਕੈਨੇਡਾ ਦੀ ਮੈਂਬਰ ਪਾਰਲੀਮੈਂਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ

Saturday, Jan 27, 2018 - 10:31 PM (IST)

ਕੈਨੇਡਾ ਦੀ ਮੈਂਬਰ ਪਾਰਲੀਮੈਂਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ

ਅੰਮ੍ਰਿਤਸਰ (ਦੀਪਕ/ਮਮਤਾ)- ਬਰੈਂਪਟਨ (ਕੈਨੇਡਾ) ਤੋਂ ਮੈਂਬਰ ਪਾਰਲੀਮੈਂਟ ਸਤਿੰਦਰਪਾਲ ਕੌਰ ਸਿੱਧੂ (ਸੋਨੀਆ ਸਿੱਧੂ) ਨੇ ਸ਼ੁੱਕਰਵਾਰ ਨੂੰ ਰੂਹਾਨੀਅਤ ਦੇ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਉਨ੍ਹਾਂ ਦੇ ਨਾਲ ਸਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਕਿਰਨਜੋਤ ਕੌਰ ਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਾਂਝੇ ਤੌਰ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਸਿਰੋਪਾਓ ਤੇ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸਤਿੰਦਰਪਾਲ ਕੌਰ ਸਿੱਧੂ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੁਨੀਆ 'ਚ ਵੱਸਦੇ ਸਿੱਖਾਂ ਲਈ ਮੁਕੱਦਸ ਅਸਥਾਨ ਹੈ ਅਤੇ ਇਥੇ ਨਤਮਸਤਕ ਹੋ ਕੇ ਮਨੁੱਖ ਨੂੰ ਸ਼ਾਂਤੀ ਪ੍ਰਾਪਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਤੋਂ ਸਾਂਝੀਵਾਲਤਾ ਦਾ ਸੁਨੇਹਾ ਮਿਲਦਾ ਹੈ, ਜੋ ਸਮੁੱਚੀ ਲੋਕਾਈ ਲਈ ਇਕ ਧਾਗੇ ਵਿਚ ਪਿਰੋਣ ਲਈ ਵੱਡਮੁੱਲੀ ਪ੍ਰੇਰਣਾ ਹੈ। ਉਨ੍ਹਾਂ ਸਨਮਾਨ ਦੇਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰੋ. ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਐਡੀਸ਼ਨਲ ਮੈਨੇਜਰ ਸੁਖਬੀਰ ਸਿੰਘ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ, ਹਰਪ੍ਰੀਤ ਸਿੰਘ ਤੇ ਗੁਰਜੀਤ ਸਿੰਘ ਸਿੱਧੂ ਮੌਜੂਦ ਸਨ।


Related News