ਕੈਨੇਡਾ ’ਚ ਫ਼ੌਤ ਹੋਏ ਹਰਅਸੀਸ ਦਾ ਹੋਇਆ ਸਸਕਾਰ, ਜਵਾਨ ਪੁੱਤ ਨੂੰ ਤੋਰਦਿਆਂ ਧਾਹਾਂ ਮਾਰ ਰੋਇਆ ਪਰਿਵਾਰ
Wednesday, Jan 11, 2023 - 06:28 PM (IST)
ਪਟਿਆਲਾ (ਰਾਜੇਸ਼ ਪੰਜੌਲਾ) : ਪਿਛਲੇ ਦਿਨੀਂ ਕੈਨੇਡਾ ਵਿਚ ਫ਼ੌਤ ਹੋਏ ਪਟਿਆਲਾ ਦੇ ਨੌਜਵਾਨ ਹਰਅਸੀਸ ਸਿੰਘ ਬਿੰਦਰਾ ਨੂੰ ਅੱਜ ਸੇਜਲ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਇੱਥੇ ਬੀਰ ਜੀ ਸ਼ਮਸ਼ਾਨਘਾਟ ਵਿਖੇ ਹਰਅਸੀਸ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਪੂਰੀਆਂ ਧਾਰਮਿਕ ਰਹੁ-ਰੀਤਾਂ ਮੁਤਾਬਕ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਵਲੋਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਮੁੱਖ ਮੰਤਰੀ ਦਫ਼ਤਰ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮ੍ਰਿਤਕ ਦੇਹ ’ਤੇ ਫੁੱਲ ਮਾਲਾਵਾਂ ਰੱਖਕੇ ਸ਼ਰਧਾਂਜਲੀ ਭੇਟ ਕੀਤੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਤੇ ਐੱਸ. ਐੱਸ. ਪੀ. ਵਰੁਣ ਸ਼ਰਮਾ ਦੀ ਤਰਫ਼ੋਂ ਐੱਸ.ਪੀ. ਸਿਟੀ ਵਜੀਰ ਸਿੰਘ ਖਹਿਰਾ ਨੇ, ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਸੁਪਤਨੀ ਬੀਬਾ ਸਿਮਰਨਜੀਤ ਕੌਰ ਅਤੇ ਡੀ. ਐੱਸ. ਪੀ. ਸੰਜੀਵ ਸਿੰਗਲਾ ਨੇ ਵੀ ਫੁੱਲ ਮਾਲਾਵਾਂ ਰੱਖਕੇ ਸ਼ਰਧਾਂਜਲੀ ਦਿੱਤੀ।
ਇਹ ਵੀ ਪੜ੍ਹੋ : ਪੰਜਾਬ ਤੇ ਹਰਿਆਣਾ ਨੂੰ ਛਿੜੇਗਾ ਕਾਂਬਾ, ਮੌਸਮ ਵਿਭਾਗ ਦੀ ਭਵਿੱਖਬਾਣੀ ਨੇ ਵਧਾਈ ਹੋਰ ਚਿੰਤਾ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ, ਇਸ ਦੁੱਖ ਦੀ ਘੜੀ ’ਚ ਪੀੜਤ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਅਤੇ ਦੁਖੀ ਪਰਿਵਾਰ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਖ਼ੁਦ ਉਨ੍ਹਾਂ ਨੂੰ ਦੁਖੀ ਪਰਿਵਾਰ ਨਾਲ ਆਪਣੇ ਵੱਲੋਂ ਹਮਦਰਦੀ ਦਾ ਇਜ਼ਹਾਰ ਕਰਨ ਲਈ ਇੱਥੇ ਭੇਜਿਆ ਹੈ ਕਿਉਂਕਿ ਨੌਜਵਾਨ ਪੁੱਤਰ ਦੀ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਡਿੱਗ ਗਿਆ ਹੈ। ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ ਅਤੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਜਿਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਦਿਲੀ ਹਮਦਰਦੀ ਨੌਜਵਾਨ ਹਰਅਸੀਸ ਸਿੰਘ ਬਿੰਦਰਾ ਦੇ ਮਾਤਾ ਕੰਵਲਜੀਤ ਕੌਰ, ਨਾਨਾ ਤੇਜਿੰਦਰ ਸਿੰਘ ਅਤੇ ਮਾਮਾ ਵਰਿੰਦਰਪਾਲ ਸਿੰਘ ਸਮੇਤ ਹੋਰ ਪਰਿਵਾਰਕ ਮੈਂਬਰਾਂ ਦੇ ਨਾਲ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਪੈ ਰਹੀ ਕੜਾਕੇ ਦੀ ਠੰਡ ਦਰਮਿਆਨ ਪੈਦਾ ਹੋਇਆ ਇਕ ਹੋਰ ਸੰਕਟ, ਵੱਜੀ ਖਤਰੇ ਦੀ ਘੰਟੀ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਅਸੀਸ ਸਿੰਘ ਦੀ ਮ੍ਰਿਤਕ ਦੇਹ ਕੈਨੇਡਾ ਤੋਂ ਵਾਪਸ ਲਿਆਉਣ ਲਈ ਆਪਣੇ ਵੱਲੋਂ ਲੋਡ਼ੀਂਦੇ ਯਤਨ ਕੀਤੇ ਅਤੇ ਅੱਗੇ ਵੀ ਪਰਿਵਾਰ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਹਰਅਸੀਸ ਸਿੰਘ ਬਿੰਦਰਾ ਦੇ ਅੰਤਿਮ ਸਸਕਾਰ ਮੌਕੇ ਵੱਡੀ ਗਿਣਤੀ ਰਿਸ਼ਤੇਦਾਰਾਂ ਤੇ ਸਾਕ-ਸਬੰਧੀਆਂ ਤੋਂ ਇਲਾਵਾ ਸ਼ਹਿਰ ਦੇ ਪਤਵੰਤੇ ਅਤੇ ਵੱਖ-ਵੱਖ ਸਿਆਸੀ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਚਾਵਾਂ ਨਾਲ ਵਿਆਹੀ ਧੀ ਦੀ ਲਾਸ਼ ਦੇਖ ਨਿਕਲਿਆ ਤ੍ਰਾਹ, ਮਾਪਿਆਂ ਦਾ ਰੋ-ਰੋ ਹੋਇਆ ਬੁਰਾ ਹਾਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।