ਪੰਜਾਬ ਦੀ ਵੱਡੀ ਨਹਿਰ ''ਚ ਅੱਧੀ ਰਾਤੀਂ ਪੈ ਗਿਆ 40 ਫੁੱਟ ਚੌੜਾ ਪਾੜ ! ਘਰਾਂ ''ਚ ਭਰ ਗਿਆ ਪਾਣੀ, ਫ਼ਸਲਾਂ ਵੀ ਤਬਾਹ
Monday, Jun 22, 2026 - 09:20 AM (IST)
ਗੁਰਦਾਸਪੁਰ (ਹਰਮਨ)- ਪੰਜਾਬ ਸਰਕਾਰ ਵੱਲੋਂ ਨਹਿਰਾਂ ਨੂੰ ਮਜ਼ਬੂਤ ਕਰਨ ਅਤੇ ਸਿੰਚਾਈ ਪ੍ਰਬੰਧਾਂ ਨੂੰ ਸੁਧਾਰਨ ਦੇ ਕੀਤੇ ਜਾ ਰਹੇ ਦਾਅਵਿਆਂ ਦਰਮਿਆਨ ਜ਼ਿਲ੍ਹਾ ਗੁਰਦਾਸਪੁਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਸਠਿਆਲੀ ਹੈੱਡ ਵਰਕਸ ਨੇੜੇ ਅੱਪਰ ਬਾਰੀ ਦੁਆਬ ਨਹਿਰ 'ਚ ਵੱਡਾ ਪਾੜ ਪੈ ਗਿਆ ਹੈ। ਇਸ ਘਟਨਾ ਮਗਰੋਂ ਪ੍ਰਸ਼ਾਸਨਿਕ ਪ੍ਰਬੰਧਾਂ ‘ਤੇ ਸਵਾਲ ਖੜ੍ਹੇ ਹੋ ਗਏ ਹਨ। ਨਹਿਰ 'ਚ ਕਰੀਬ 40 ਫੁੱਟ ਤੋਂ ਵੱਧ ਚੌੜਾ ਪਾੜ ਪੈਣ ਕਾਰਨ ਪਾਣੀ ਨੇੜਲੇ ਘਰਾਂ, ਖੇਤਾਂ ਅਤੇ ਰਿਹਾਇਸ਼ੀ ਇਲਾਕਿਆਂ 'ਚ ਆ ਵੜਿਆ ਹੈ, ਜਿਸ ਨਾਲ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ।
ਮੌਕੇ ‘ਤੇ ਮੌਜੂਦ ਲੋਕਾਂ ਅਨੁਸਾਰ ਨਹਿਰ ਰਾਤ ਸਮੇਂ ਟੁੱਟੀ। ਨਹਿਰੀ ਵਿਸ਼ਰਾਮ ਘਰ ਵਿੱਚ ਰਹਿ ਰਹੇ ਪ੍ਰਵਾਸੀ ਮਜ਼ਦੂਰਾਂ ਨੇ ਦੱਸਿਆ ਕਿ ਰਾਤ ਕਰੀਬ 3 ਵਜੇ ਅਚਾਨਕ ਉਨ੍ਹਾਂ ਦੇ ਕਮਰਿਆਂ ਵਿੱਚ ਪਾਣੀ ਆਉਣਾ ਸ਼ੁਰੂ ਹੋ ਗਿਆ। ਬਾਅਦ 'ਚ ਪਤਾ ਲੱਗਾ ਕਿ ਨਹਿਰ ਵਿੱਚ ਵੱਡਾ ਪਾੜ ਪੈ ਚੁੱਕਾ ਹੈ। ਤੇਜ਼ ਵਹਾਅ ਵਾਲਾ ਪਾਣੀ ਸ੍ਰੀ ਹਰਗੋਬਿੰਦਪੁਰ-ਗੁਰਦਾਸਪੁਰ ਮਾਰਗ ਨੂੰ ਪਾਰ ਕਰਦਾ ਹੋਇਆ ਆਸ-ਪਾਸ ਦੇ ਘਰਾਂ ਅਤੇ ਖੇਤਾਂ ਵਿੱਚ ਫੈਲ ਗਿਆ।

ਨਹਿਰ ਟੁੱਟਣ ਕਾਰਨ ਕਿਸਾਨਾਂ ਦੀ ਹਾਲ ਹੀ ਵਿੱਚ ਲਗਾਈ ਗਈ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਪਾਣੀ ਹੇਠ ਆ ਗਈ ਹੈ। ਇਲਾਕੇ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ ਅਤੇ ਪ੍ਰਭਾਵਿਤ ਪਰਿਵਾਰਾਂ ਨੇ ਪ੍ਰਸ਼ਾਸਨ ਤੋਂ ਤੁਰੰਤ ਮਦਦ ਦੀ ਮੰਗ ਕੀਤੀ।
ਪ੍ਰਭਾਵਿਤ ਵਸਨੀਕ ਤਰਸੇਮ ਸਿੰਘ, ਸੁਰਜੀਤ ਸਿੰਘ ਅਤੇ ਹੋਰਾਂ ਨੇ ਦੱਸਿਆ ਕਿ ਪਾਣੀ ਘਰਾਂ ਵਿੱਚ ਦਾਖਲ ਹੋਣ ਕਾਰਨ ਕਣਕ, ਘਰੇਲੂ ਸਾਮਾਨ ਅਤੇ ਹੋਰ ਕੀਮਤੀ ਵਸਤਾਂ ਖਰਾਬ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਅਸਲ ਨੁਕਸਾਨ ਦਾ ਅੰਦਾਜ਼ਾ ਹਾਲੇ ਲਗਾਉਣਾ ਮੁਸ਼ਕਲ ਹੈ, ਪਰ ਨੁਕਸਾਨ ਲੱਖਾਂ ਰੁਪਏ ਤੱਕ ਪਹੁੰਚ ਸਕਦਾ ਹੈ।

ਇਸ ਦੌਰਾਨ ਨਹਿਰੀ ਵਿਭਾਗ ਦੇ ਅਧਿਕਾਰੀ ਵੀ ਮੌਕੇ ‘ਤੇ ਪਹੁੰਚੇ, ਪਰ ਜਦੋਂ ਉਨ੍ਹਾਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਤੁਰੰਤ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਪਾੜ ਨੂੰ ਬੰਦ ਕਰਨ ਲਈ ਨਿੱਜੀ ਠੇਕੇਦਾਰ ਦੀਆਂ ਪੋਕਲੇਨ ਮਸ਼ੀਨਾਂ ਦੀ ਮਦਦ ਨਾਲ ਕੰਮ ਜਾਰੀ ਹੈ, ਹਾਲਾਂਕਿ ਨਹਿਰ ਵਿੱਚ ਲਗਾਤਾਰ ਪਾਣੀ ਦਾ ਵਹਾਅ ਰਹਿਣ ਕਾਰਨ ਮੁਰੰਮਤ ਕਾਰਜਾਂ ਵਿੱਚ ਮੁਸ਼ਕਲਾਂ ਆ ਰਹੀਆਂ ਹਨ।
ਕਿਸਾਨਾਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਲਗਾਇਆ ਗਿਆ ਝੋਨਾ ਪਾਣੀ ਵਿੱਚ ਡੁੱਬ ਗਿਆ ਹੈ ਅਤੇ ਫ਼ਸਲ ਦੇ ਬਚਣ ਦੀ ਸੰਭਾਵਨਾ ਬਹੁਤ ਘੱਟ ਹੈ। ਉਨ੍ਹਾਂ ਚਿੰਤਾ ਜ਼ਾਹਰ ਕੀਤੀ ਕਿ ਦੁਬਾਰਾ ਬਿਜਾਈ ਲਈ ਨਾ ਤਾਂ ਪਨੀਰੀ ਉਪਲਬਧ ਹੈ ਅਤੇ ਨਾ ਹੀ ਸਰਕਾਰ ਵੱਲੋਂ ਕਿਸੇ ਮੁਆਵਜ਼ੇ ਦਾ ਭਰੋਸਾ ਮਿਲਿਆ ਹੈ।

ਪ੍ਰਭਾਵਿਤ ਲੋਕਾਂ ਅਤੇ ਕਿਸਾਨਾਂ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਤੁਰੰਤ ਨੁਕਸਾਨ ਦਾ ਸਰਵੇ ਕਰਵਾ ਕੇ ਮੁਆਵਜ਼ਾ ਦਿੱਤਾ ਜਾਵੇ ਅਤੇ ਨਹਿਰ ਦੀ ਮਜ਼ਬੂਤੀ ਲਈ ਸਥਾਈ ਪ੍ਰਬੰਧ ਕੀਤੇ ਜਾਣ ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ।
ਇਹ ਵੀ ਪੜ੍ਹੋ- ਫ਼ੋਨ ਖੋਹ ਕੇ ਭੱਜਦੇ ਸਨੈਚਰ ਨੂੰ ਆ ਗਿਆ Heart Attack ! ਮੌਕੇ 'ਤੇ ਹੀ ਨਿਕਲੀ ਜਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
