ਅਹਿਮ ਖ਼ਬਰ : ਮਾਨ ਸਰਕਾਰ ਦੇ 7 ਮਹੀਨਿਆਂ ਦੌਰਾਨ ਕੈਂਸਰ ਮਰੀਜ਼ਾਂ ਨੂੰ ਮਿਲਿਆ 13.54 ਕਰੋੜ ਦਾ ਮੁਫ਼ਤ ਇਲਾਜ
Wednesday, Nov 23, 2022 - 04:34 PM (IST)

ਚੰਡੀਗੜ੍ਹ : ਸੂਬੇ ਦੇ ਲੋਕਾਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਤਰਜ਼ੀਹ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੈਂਸਰ ਦੇ ਮਰੀਜ਼ਾਂ ਨੂੰ 13.54 ਕਰੋੜ ਰੁਪਏ ਦੀਆਂ ਮੁਫ਼ਤ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ‘ਮੁੱਖ ਮੰਤਰੀ ਕੈਂਸਰ ਰਾਹਤ ਕੋਸ਼’ ਤਹਿਤ ਪੰਜਾਬ ਸਰਕਾਰ ਦੇ ਸੂਚੀਬੱਧ ਹਸਪਤਾਲਾਂ 'ਚ 1265 ਤੋਂ ਵੱਧ ਕੈਂਸਰ ਪੀੜਤਾਂ ਨੂੰ 13.54 ਕਰੋੜ ਰੁਪਏ ਦੀਆਂ ਮੁਫ਼ਤ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਿਹਤ ਅਧਿਕਾਰੀਆਂ ਨੂੰ ਸਰਕਾਰ ਦੀਆਂ ਸਿਹਤ ਸਕੀਮਾਂ ਅਤੇ ਪ੍ਰੋਗਰਾਮਾਂ ਨੂੰ ਲਾਗੂ ਕਰਨ 'ਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਆਮ ਲੋਕ ਅਜਿਹੇ ਉਪਰਾਲਿਆਂ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ 'ਚ ਕੈਂਸਰ ਦਾ ਪ੍ਰਕੋਪ ਬਹੁਤ ਜ਼ਿਆਦਾ ਹੈ ਅਤੇ ਇਸ ਦੇ ਇਲਾਜ 'ਚ ਬਹੁਤ ਜ਼ਿਆਦਾ ਖ਼ਰਚਾ ਆਉਂਦਾ ਹੈ ਅਤੇ ਸਾਡੇ ਸਮਾਜ ਦੇ ਗਰੀਬ ਵਰਗ ਦੇ ਮਰੀਜ਼ ਇਹ ਇਲਾਜ ਕਰਵਾਉਣ ਦੇ ਸਮਰੱਥ ਨਹੀਂ ਹਨ। ਉਨ੍ਹਾਂ ਦੱਸਿਆ ਕਿ ਗਰੀਬ ਵਰਗ ਦੇ ਮਰੀਜ਼ਾਂ ਦੀ ਜਾਨ ਬਚਾਉਣ ਲਈ ਇਹ ਸਕੀਮ ਵਰਦਾਨ ਸਾਬਿਤ ਹੋਈ ਹੈ ਕਿਉਂਕਿ ਇਹ ਮਰੀਜ਼ ਏਮਜ਼ ਦਿੱਲੀ, ਕੈਂਸਰ ਹਸਪਤਾਲ ਬੀਕਾਨੇਰ, ਪੀ. ਜੀ. ਆਈ. ਚੰਡੀਗੜ੍ਹ, ਹੋਮੀ ਭਾਬਾ ਕੈਂਸਰ ਹਸਪਤਾਲ ਸੰਗਰੂਰ ਵਰਗੀਆਂ ਵੱਕਾਰੀ ਸੰਸਥਾਵਾਂ ਸਮੇਤ ਸੂਬਾ ਸਰਕਾਰ ਦੇ ਸੂਚੀਬੱਧ 19 ਹਸਪਤਾਲਾਂ ਵਿੱਚੋਂ ਕਿਸੇ ਵੀ ਹਸਪਤਾਲ 'ਚ 1.5 ਲੱਖ ਰੁਪਏ ਤੱਕ ਮੁਫ਼ਤ ਇਲਾਜ ਕਰਵਾ ਸਕਦੇ ਹਨ।
ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦਾ ਕੋਈ ਵੀ ਕੈਂਸਰ ਪੀੜਤ ਵਸਨੀਕ ਇਸ ਸਕੀਮ ਲਈ ਸਬੰਧਿਤ ਸਿਵਲ ਸਰਜਨ ਦੇ ਦਫ਼ਤਰ ਵਿਖੇ ਬਿਨੈ ਕਰ ਸਕਦਾ ਹੈ ਅਤੇ ਹੁਣ ਅਜਿਹੇ ਕੇਸਾਂ ਨੂੰ ਮਨਜ਼ੂਰੀ ਦੇਣ ਦੀ ਪ੍ਰਕਿਰਿਆ ਨੂੰ ਡਿਜੀਟਲ ਕਰ ਦਿੱਤਾ ਗਿਆ ਹੈ। ਲਾਭਪਾਤਰੀ ਆਪਣੀ ਅਰਜ਼ੀ ਦੀ ਸਥਿਤੀ ਨੂੰ ਆਨਲਾਈਨ ਟਰੈਕ ਕਰਨ ਲਈ www.mmpcrk.gov.in 'ਤੇ ਲਾਗਇਨ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕੈਂਸਰ ਦੇ ਮਰੀਜਾਂ ਨੂੰ ਇਲਾਜ ਕਰਵਾਉਣ ਲਈ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੀਆਂ ਬੱਸਾਂ 'ਚ ਮੁਫ਼ਤ ਯਾਤਰਾ ਦੀ ਸਹੂਲਤ ਦਿੱਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਹ ਸਕੀਮ ਸਰਕਾਰੀ ਕਰਮਚਾਰੀਆਂ, ਈ. ਐੱਸ. ਆਈ. ਮੁਲਾਜ਼ਮਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ, ਕਿਸੇ ਵੀ ਕਿਸਮ ਦੀ ਮੈਡੀਕਲ ਰੀਇੰਬਰਸਮੈਂਟ ਵਾਲੇ ਮਰੀਜ਼ਾਂ ਜਾਂ ਕੈਂਸਰ ਕਵਰ ਵਾਲੇ ਸਿਹਤ ਬੀਮਾ ਧਾਰਕ ਮਰੀਜ਼ਾਂ 'ਤੇ ਲਾਗੂ ਨਹੀਂ ਹੋਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ